ਪੱਟੀ :- ਪਿੰਡ ਚੂਸਲੇਵੜ੍ਹ ਦੇ ਨੇੜੇ ਇੱਕ ਦਰਦਨਾਕ ਸੜਕ ਹਾਦਸੇ ਨੇ ਇਲਾਕੇ ਨੂੰ ਸੋਗ ਵਿੱਚ ਡੁੱਬੋ ਦਿੱਤਾ, ਜਿੱਥੇ ਮੋਟਰਸਾਈਕਲ ਅਤੇ ਥਾਰ ਗੱਡੀ ਵਿਚਾਲੇ ਹੋਈ ਭਿਆਨਕ ਟੱਕਰ ਦੌਰਾਨ ਦੋ ਨੌਜਵਾਨਾਂ ਦੀ ਜਾਨ ਚਲੀ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਇੱਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੂਜੇ ਨੇ ਹਸਪਤਾਲ ’ਚ ਦਮ ਤੋੜ ਦਿੱਤਾ।
ਪਿੰਡ ਸਿੱਧਵਾਂ ਜਾ ਰਹੇ ਸਨ ਦੋਵੇਂ ਮ੍ਰਿਤਕ
ਮਿਲੀ ਜਾਣਕਾਰੀ ਮੁਤਾਬਕ ਪਿੰਡ ਬ੍ਰਹਮਪੁਰਾ ਦੇ ਰਹਿਣ ਵਾਲੇ ਬਗੀਚਾ ਸਿੰਘ ਅਤੇ ਸੁਖਵਿੰਦਰ ਸਿੰਘ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਸਿੱਧਵਾਂ ਵੱਲ ਜਾ ਰਹੇ ਸਨ। ਜਦੋਂ ਉਹ ਪਿੰਡ ਚੂਸਲੇਵੜ੍ਹ ਦੇ ਨੇੜੇ ਪਹੁੰਚੇ ਤਾਂ ਸਾਹਮਣੋਂ ਆ ਰਹੀ ਇੱਕ ਥਾਰ ਗੱਡੀ ਨੇ ਤੇਜ਼ ਰਫ਼ਤਾਰ ਨਾਲ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।
ਇੱਕ ਦੀ ਮੌਕੇ ’ਤੇ ਮੌਤ, ਦੂਜੇ ਨੇ ਹਸਪਤਾਲ ’ਚ ਤੋੜਿਆ ਦਮ
ਹਾਦਸੇ ਤੋਂ ਬਾਅਦ ਬਗੀਚਾ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਗੰਭੀਰ ਜ਼ਖਮੀ ਸੁਖਵਿੰਦਰ ਸਿੰਘ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਹਾਲਤ ਨਾਜ਼ੁਕ ਹੋਣ ਕਾਰਨ ਡਾਕਟਰਾਂ ਨੇ ਉਸਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ, ਪਰ ਇਲਾਜ ਦੌਰਾਨ ਉਸਦੀ ਵੀ ਮੌਤ ਹੋ ਗਈ।
ਪੁਲਿਸ ਵੱਲੋਂ ਕਾਰਵਾਈ ਸ਼ੁਰੂ
ਇਸ ਸਬੰਧੀ ਥਾਣਾ ਸਦਰ ਦੇ ਮੁੱਖੀ ਵਿਪਨ ਕੁਮਾਰ ਨੇ ਦੱਸਿਆ ਕਿ ਹਾਦਸੇ ’ਚ ਸ਼ਾਮਲ ਥਾਰ ਗੱਡੀ ਨੂੰ ਪੁਲਿਸ ਵੱਲੋਂ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਦੋਵੇਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਪੱਟੀ ਹਸਪਤਾਲ ਭੇਜ ਦਿੱਤਾ ਗਿਆ ਹੈ।
ਬਿਆਨਾਂ ਦੇ ਆਧਾਰ ’ਤੇ ਕੇਸ ਦਰਜ
ਪੁਲਿਸ ਅਧਿਕਾਰੀ ਨੇ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਕ ਮੈਂਬਰ ਸੁਖਚੈਨ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਹਾਦਸੇ ਤੋਂ ਬਾਅਦ ਫ਼ਰਾਰ ਹੋਏ ਗੱਡੀ ਚਾਲਕ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ। ਇਸ ਦਰਦਨਾਕ ਹਾਦਸੇ ਤੋਂ ਬਾਅਦ ਪਿੰਡ ਬ੍ਰਹਮਪੁਰਾ ਅਤੇ ਆਲੇ-ਦੁਆਲੇ ਦੇ ਖੇਤਰ ’ਚ ਸੋਗ ਦੀ ਲਹਿਰ ਦੌੜ ਗਈ ਹੈ।

