ਅੰਮ੍ਰਿਤਸਰ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਐਤਵਾਰ ਨੂੰ ਹਰ ਸਾਲ ਦੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ ਧਾਰਮਿਕ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ।
ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਹੋਇਆ ਕੀਰਤਨ
ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਹੋਈ, ਜਿਸ ਤੋਂ ਬਾਅਦ ਗੁਰਬਾਣੀ ਕੀਰਤਨ ਅਤੇ ਅਰਦਾਸ ਕੀਤੀ ਗਈ। ਇਸ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਪੰਥ ਨਾਲ ਸਬੰਧਤ ਵਿਚਾਰ ਸਾਂਝੇ ਕੀਤੇ।
ਸਮਾਗਮ ਦੌਰਾਨ ਲੱਗੇ ਵੱਖ-ਵੱਖ ਨਾਅਰੇ
ਸੰਬੋਧਨ ਦੇ ਅੰਤ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਖਾਲਸਾਈ ਜੈਕਾਰੇ ਲਗਵਾਏ ਗਏ। ਇਸ ਦੌਰਾਨ ਸਮਾਗਮ ਵਿੱਚ ਮੌਜੂਦ ਕੁਝ ਲੋਕਾਂ ਵੱਲੋਂ “ਖਾਲਿਸਤਾਨ ਜ਼ਿੰਦਾਬਾਦ” ਦੇ ਨਾਅਰੇ ਵੀ ਲਗਾਏ ਗਏ।
ਕਈ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਰਹੀਆਂ ਹਾਜ਼ਰ
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁਖ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ, ਮੈਨੇਜਰ ਮੇਜਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਸਮੇਤ ਹੋਰ ਧਾਰਮਿਕ ਅਤੇ ਪ੍ਰਬੰਧਕੀ ਅਹੁਦੇਦਾਰ ਵੀ ਹਾਜ਼ਰ ਸਨ।

