ਚੰਡੀਗੜ੍ਹ :- ਪੰਜਾਬ ਦੇ ਕਈ ਹਿੱਸਿਆਂ ਵਿੱਚ ਮੌਸਮ ਇੱਕ ਵਾਰ ਫਿਰ ਕਰਵਟ ਲੈ ਸਕਦਾ ਹੈ। ਮੌਸਮ ਵਿਭਾਗ ਨੇ ਸੂਬੇ ਦੇ 12 ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ, ਬੱਦਲ ਗਰਜਣ ਅਤੇ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਪ੍ਰਭਾਵਿਤ ਖੇਤਰਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਮੁਹਾਲੀ ਸ਼ਾਮਲ ਹਨ।
40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲ ਸਕਦੀਆਂ ਹਨ ਹਵਾਵਾਂ
ਵਿਭਾਗ ਅਨੁਸਾਰ ਉਕਤ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿੱਚ ਤੇਜ਼ ਰਫ਼ਤਾਰ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਬਿਜਲੀ ਚਮਕਣ ਅਤੇ ਬੱਦਲ ਗਰਜਣ ਦੀ ਵੀ ਚੇਤਾਵਨੀ ਦਿੱਤੀ ਗਈ ਹੈ। ਮੌਸਮੀ ਗਤੀਵਿਧੀਆਂ ਕਾਰਨ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
26 ਜੂਨ ਨੂੰ ਵੀ ਰਹੇਗਾ ਮੌਸਮ ਦਾ ਅਸਰ
ਵੀਰਵਾਰ ਨੂੰ ਵੀ ਸੂਬੇ ਦੇ ਉੱਤਰੀ ਅਤੇ ਮੱਧ ਖੇਤਰਾਂ ਵਿੱਚ ਮੌਸਮ ਸਰਗਰਮ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਰੂਪਨਗਰ ਦੇ ਕੁਝ ਹਿੱਸਿਆਂ ਵਿੱਚ ਤੇਜ਼ ਹਵਾਵਾਂ ਅਤੇ ਗਰਜ-ਚਮਕ ਵਾਲੇ ਮੌਸਮ ਦੀ ਸੰਭਾਵਨਾ ਬਣੀ ਹੋਈ ਹੈ।
ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੇ ਆਸਾਰ
26 ਜੂਨ ਦੌਰਾਨ ਪਠਾਨਕੋਟ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੁਹਾਲੀ ਦੇ ਕੁਝ ਖੇਤਰਾਂ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ।
27 ਅਤੇ 28 ਜੂਨ ਲਈ ਕੋਈ ਅਲਰਟ ਨਹੀਂ
ਮੌਸਮ ਵਿਭਾਗ ਵੱਲੋਂ ਜਾਰੀ ਅਗਾਹੀ ਮੁਤਾਬਕ 27 ਅਤੇ 28 ਜੂਨ ਨੂੰ ਪੰਜਾਬ ਦੇ ਕਿਸੇ ਵੀ ਹਿੱਸੇ ਲਈ ਨਾ ਤਾਂ ਕੋਈ ਵਿਸ਼ੇਸ਼ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਨਾ ਹੀ ਵਿਆਪਕ ਬਾਰਿਸ਼ ਦੀ ਸੰਭਾਵਨਾ ਦਰਸਾਈ ਗਈ ਹੈ। ਇਨ੍ਹਾਂ ਦਿਨਾਂ ਦੌਰਾਨ ਮੌਸਮ ਆਮ ਰਹਿ ਸਕਦਾ ਹੈ।
ਤਾਪਮਾਨ ਵਿੱਚ ਮਾਮੂਲੀ ਵਾਧਾ ਦਰਜ
ਸੂਬੇ ਦੇ ਔਸਤ ਵੱਧੋ-ਵੱਧ ਤਾਪਮਾਨ ਵਿੱਚ ਬੀਤੇ ਦਿਨ 0.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ ਤਾਪਮਾਨ ਹਾਲੇ ਵੀ ਆਮ ਪੱਧਰ ਦੇ ਆਸ-ਪਾਸ ਬਣਿਆ ਹੋਇਆ ਹੈ। ਸਭ ਤੋਂ ਵੱਧ ਗਰਮੀ ਬਠਿੰਡਾ ਹਵਾਈ ਅੱਡੇ ਖੇਤਰ ਵਿੱਚ ਦਰਜ ਕੀਤੀ ਗਈ, ਜਿੱਥੇ ਪਾਰਾ 41.6 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ।
ਕਈ ਸ਼ਹਿਰਾਂ ਵਿੱਚ ਪਾਰਾ 40 ਡਿਗਰੀ ਦੇ ਨੇੜੇ
ਚੰਡੀਗੜ੍ਹ, ਪਠਾਨਕੋਟ, ਅਬੋਹਰ, ਬਠਿੰਡਾ ਅਤੇ ਫਰੀਦਕੋਟ ਸਮੇਤ ਕਈ ਖੇਤਰਾਂ ਵਿੱਚ ਦਿਨ ਦਾ ਤਾਪਮਾਨ 39 ਤੋਂ 40 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ। ਜਦਕਿ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਹੁਸ਼ਿਆਰਪੁਰ ਵਿੱਚ ਵੀ ਗਰਮੀ ਦਾ ਅਸਰ ਜਾਰੀ ਰਿਹਾ।
ਸ੍ਰੀ ਅਨੰਦਪੁਰ ਸਾਹਿਬ ਵਿੱਚ ਸਭ ਤੋਂ ਵੱਧ ਬਾਰਿਸ਼
ਬੀਤੇ 24 ਘੰਟਿਆਂ ਦੌਰਾਨ ਸਭ ਤੋਂ ਵੱਧ ਬਾਰਿਸ਼ ਸ੍ਰੀ ਅਨੰਦਪੁਰ ਸਾਹਿਬ ਖੇਤਰ ਵਿੱਚ ਦਰਜ ਕੀਤੀ ਗਈ, ਜਿੱਥੇ 30.5 ਮਿਲੀਮੀਟਰ ਮੀਂਹ ਪਿਆ। ਇਸ ਤੋਂ ਇਲਾਵਾ ਮੁਹਾਲੀ, ਪਠਾਨਕੋਟ, ਭਾਖੜਾ ਡੈਮ, ਥੀਨ ਡੈਮ ਅਤੇ ਪਟਿਆਲਾ ਵਿੱਚ ਵੀ ਹਲਕੀ ਬਾਰਿਸ਼ ਦਰਜ ਕੀਤੀ ਗਈ, ਜਦਕਿ ਅੰਮ੍ਰਿਤਸਰ ਵਿੱਚ ਮੀਂਹ ਦੇ ਨਿਸ਼ਾਨ ਦਰਜ ਹੋਏ।

