ਚੰਡੀਗੜ੍ਹ :- ਪੰਜਾਬ ਵਿੱਚ ਇਕ ਵਾਰ ਫਿਰ ਮੌਸਮ ਨੇ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ। ਮੌਸਮ ਵਿਭਾਗ ਨੇ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਅੱਜ ਹਨੇਰੀ, ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਇਲਾਕਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਜਤਾਈ ਗਈ ਹੈ।
ਤਾਪਮਾਨ ’ਚ ਵਾਧਾ, ਫਿਰ ਵੀ ਆਮ ਤੋਂ ਘੱਟ ਗਰਮੀ
ਬੀਤੇ ਦਿਨ ਸੂਬੇ ਦੇ ਵੱਧੋ-ਵੱਧ ਤਾਪਮਾਨ ਵਿੱਚ ਲਗਭਗ 1.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਇਸ ਦੇ ਬਾਵਜੂਦ ਤਾਪਮਾਨ ਹਾਲੇ ਵੀ ਆਮ ਨਾਲੋਂ ਕਰੀਬ 2 ਡਿਗਰੀ ਘੱਟ ਬਣਿਆ ਹੋਇਆ ਹੈ। ਸਭ ਤੋਂ ਵੱਧ ਗਰਮੀ ਫਰੀਦਕੋਟ ਵਿੱਚ ਮਹਿਸੂਸ ਕੀਤੀ ਗਈ, ਜਿੱਥੇ ਪਾਰਾ 43 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ।
ਚੰਡੀਗੜ੍ਹ, ਮੁਹਾਲੀ ਅਤੇ ਰੂਪਨਗਰ ਸਮੇਤ ਕਈ ਇਲਾਕਿਆਂ ਵਿੱਚ ਤਾਪਮਾਨ 33 ਤੋਂ 36 ਡਿਗਰੀ ਦਰਮਿਆਨ ਰਿਹਾ, ਜਦਕਿ ਬਠਿੰਡਾ ਅਤੇ ਅਬੋਹਰ ਵਰਗੇ ਮਾਲਵਾ ਖੇਤਰਾਂ ਵਿੱਚ ਗਰਮੀ ਦਾ ਅਸਰ ਹੋਰ ਵੱਧ ਨਜ਼ਰ ਆਇਆ। ਅੰਮ੍ਰਿਤਸਰ, ਲੁਧਿਆਣਾ ਅਤੇ ਪਟਿਆਲਾ ਵਿੱਚ ਵੀ ਤਾਪਮਾਨ 36 ਡਿਗਰੀ ਤੋਂ ਉੱਪਰ ਦਰਜ ਕੀਤਾ ਗਿਆ।
15 ਤੇ 16 ਮਈ ਨੂੰ ਵੀ ਕੁਝ ਇਲਾਕਿਆਂ ’ਚ ਮੀਂਹ ਦੇ ਆਸਾਰ
ਮੌਸਮ ਵਿਭਾਗ ਮੁਤਾਬਕ 15 ਮਈ ਨੂੰ ਭਾਵੇਂ ਕਿਸੇ ਤਰ੍ਹਾਂ ਦਾ ਅਧਿਕਾਰਕ ਅਲਰਟ ਨਹੀਂ ਹੈ, ਪਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ ਅਤੇ ਜਲੰਧਰ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਇਸੇ ਤਰ੍ਹਾਂ 16 ਮਈ ਨੂੰ ਵੀ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਕਪੂਰਥਲਾ ਦੇ ਕੁਝ ਇਲਾਕਿਆਂ ਵਿੱਚ ਮੌਸਮ ਬਦਲਿਆ ਰਹਿਣ ਅਤੇ ਛਿਟਪੁੱਟ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
ਕਿਸਾਨਾਂ ਤੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ
ਮੌਸਮ ਵਿਭਾਗ ਨੇ ਖਾਸ ਕਰਕੇ ਖੁੱਲ੍ਹੇ ਇਲਾਕਿਆਂ ਵਿੱਚ ਕੰਮ ਕਰਨ ਵਾਲੇ ਲੋਕਾਂ ਅਤੇ ਕਿਸਾਨਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਤੇਜ਼ ਹਵਾਵਾਂ ਅਤੇ ਬਿਜਲੀ ਚਮਕਣ ਦੌਰਾਨ ਰੁੱਖਾਂ ਅਤੇ ਬਿਜਲੀ ਦੇ ਖੰਭਿਆਂ ਤੋਂ ਦੂਰ ਰਹਿਣ ਦੀ ਹਦਾਇਤ ਕੀਤੀ ਗਈ ਹੈ।

