ਚੰਡੀਗੜ੍ਹ :- ਪੰਜਾਬ ਕਾਂਗਰਸ ਵੱਲੋਂ ਸੂਬੇ ਵਿੱਚ ਚਲਾਈ ਜਾ ਰਹੀ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਦਾ ਅੱਜ ਆਖਰੀ ਦਿਨ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ 31 ਜੁਲਾਈ ਤੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਪਾਰਟੀ ਵਰਕਰਾਂ ਅਤੇ ਆਗੂਆਂ ਨਾਲ ਮੀਟਿੰਗਾਂ ਕਰ ਰਹੇ ਹਨ। ਮੁਹਿੰਮ ਮੁਕੰਮਲ ਹੋਣ ਤੋਂ ਬਾਅਦ ਉਨ੍ਹਾਂ ਵੱਲੋਂ ਸੂਬੇ ਵਿੱਚ ਪਾਰਟੀ ਦੀ ਜਥੇਬੰਦਕ ਸਥਿਤੀ ਸਬੰਧੀ ਰਿਪੋਰਟ ਹਾਈਕਮਾਂਡ ਨੂੰ ਸੌਂਪੇ ਜਾਣ ਦੀ ਸੰਭਾਵਨਾ ਹੈ।
ਮਲੇਰਕੋਟਲਾ ਤੇ ਖੰਨਾ ’ਚ ਹੋਣਗੇ ਦੋ ਸਮਾਗਮ
ਮੁਹਿੰਮ ਦੇ ਆਖਰੀ ਦਿਨ ਅੱਜ ਦੋ ਪ੍ਰਮੁੱਖ ਪ੍ਰੋਗਰਾਮ ਰੱਖੇ ਗਏ ਹਨ। ਪਹਿਲਾ ਸਮਾਗਮ ਮਲੇਰਕੋਟਲਾ ਵਿੱਚ ਹੋਵੇਗਾ, ਜਦਕਿ ਸ਼ਾਮ ਸਮੇਂ ਖੰਨਾ ਵਿੱਚ ਮੀਟਿੰਗ ਕੀਤੀ ਜਾਵੇਗੀ। ਦੋਵਾਂ ਪ੍ਰੋਗਰਾਮਾਂ ਵਿੱਚ ਭੁਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸ਼ਾਮਲ ਹੋਣਗੇ। ਇਸ ਦੌਰਾਨ ਦੋਵੇਂ ਆਗੂ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਨ ਦੇ ਨਾਲ-ਨਾਲ ਜਥੇਬੰਦਕ ਮਾਮਲਿਆਂ ਬਾਰੇ ਵਿਚਾਰ-ਵਟਾਂਦਰਾ ਕਰਨਗੇ।
ਚੰਨੀ ਸਮਰਥਕਾਂ ਦੇ ਵਿਰੋਧ ਕਾਰਨ ਅੱਜ ਵੀ ਮਾਹੌਲ ’ਤੇ ਨਜ਼ਰ
ਇਨ੍ਹਾਂ ਪ੍ਰੋਗਰਾਮਾਂ ਤੋਂ ਪਹਿਲਾਂ ਪਾਰਟੀ ਅੰਦਰਲੀ ਖਿੱਚੋਤਾਣ ਵੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਬਘੇਲ ਅਤੇ ਰਾਜਾ ਵੜਿੰਗ ਨੂੰ ਪਿਛਲੇ ਕੁਝ ਜ਼ਿਲ੍ਹਿਆਂ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਵੱਲੋਂ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਇਸ ਦੇ ਮੱਦੇਨਜ਼ਰ ਮਲੇਰਕੋਟਲਾ ਅਤੇ ਖੰਨਾ ਵਿੱਚ ਵੀ ਨਾਅਰੇਬਾਜ਼ੀ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਖੰਨਾ ਵਿੱਚ ਚੰਨੀ ਧੜੇ ਵੱਲੋਂ ਹੋਰਡਿੰਗ ਲਗਾਉਣ ਦਾ ਦਾਅਵਾ
ਖੰਨਾ ਵਿੱਚ ਚੰਨੀ ਸਮਰਥਕਾਂ ਵੱਲੋਂ ਕਾਂਗਰਸੀ ਵਰਕਰਾਂ ਨੂੰ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦੇ ਹੋਏ ਵੱਡੇ ਹੋਰਡਿੰਗ ਲਗਾਏ ਜਾਣ ਦੀ ਜਾਣਕਾਰੀ ਹੈ। ਇਸ ਕਾਰਨ ਅੱਜ ਹੋਣ ਵਾਲੇ ਸਮਾਗਮ ਦੌਰਾਨ ਪਾਰਟੀ ਦੇ ਦੋਵੇਂ ਧੜਿਆਂ ਵਿਚਕਾਰ ਤਣਾਅ ਦੀ ਸਥਿਤੀ ਬਣਨ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਹਾਲਾਂਕਿ ਪ੍ਰੋਗਰਾਮ ਦੌਰਾਨ ਅਸਲ ਸਥਿਤੀ ਕੀ ਰਹਿੰਦੀ ਹੈ, ਇਸ ’ਤੇ ਸਭ ਦੀ ਨਜ਼ਰ ਰਹੇਗੀ।
ਹਰੇਕ ਵਿਧਾਨ ਸਭਾ ਹਲਕੇ ਵਿੱਚ ਵੀ ਹੋਣਗੀਆਂ ਮੀਟਿੰਗਾਂ
ਪੰਜਾਬ ਇੰਚਾਰਜ ਭੁਪੇਸ਼ ਬਘੇਲ ਨੇ ਆਪਣੇ ਦੌਰਿਆਂ ਸਬੰਧੀ ਕਿਹਾ ਹੈ ਕਿ ਇਸ ਸਮੇਂ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰ ’ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਅਨੁਸਾਰ ਦੋਆਬਾ ਅਤੇ ਮਾਝਾ ਖੇਤਰ ਵਿੱਚ ਮੀਟਿੰਗਾਂ ਤੋਂ ਬਾਅਦ ਹਰੇਕ ਵਿਧਾਨ ਸਭਾ ਹਲਕੇ ਵਿੱਚ ਵੀ ਇਸੇ ਤਰ੍ਹਾਂ ਦੀਆਂ ਬੈਠਕਾਂ ਕਰਵਾਈਆਂ ਜਾਣਗੀਆਂ।
50 ਫ਼ੀਸਦੀ ਟਿਕਟਾਂ ਨੌਜਵਾਨਾਂ ਨੂੰ ਦੇਣ ਦਾ ਸੰਕੇਤ
ਬਘੇਲ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪਾਰਟੀ ਵੱਲੋਂ ਇਸ ਵਾਰ 50 ਫ਼ੀਸਦੀ ਸੀਟਾਂ ’ਤੇ ਨੌਜਵਾਨ ਉਮੀਦਵਾਰਾਂ ਨੂੰ ਮੌਕਾ ਦੇਣ ’ਤੇ ਜ਼ੋਰ ਦਿੱਤਾ ਜਾਵੇਗਾ। ਹੁਣ ਮੁਹਿੰਮ ਦੇ ਆਖਰੀ ਪੜਾਅ ਮਗਰੋਂ ਹਾਈਕਮਾਂਡ ਨੂੰ ਸੌਂਪੀ ਜਾਣ ਵਾਲੀ ਰਿਪੋਰਟ ਨੂੰ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀ ਜਥੇਬੰਦਕ ਰਣਨੀਤੀ ਅਤੇ ਉਮੀਦਵਾਰਾਂ ਦੀ ਚੋਣ ਲਈ ਅਹਿਮ ਮੰਨਿਆ ਜਾ ਰਿਹਾ ਹੈ।

