ਵਪਾਰਕ ਸਮਝੌਤੇ ਦੇ ਵਿਰੋਧ ਲਈ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਇੱਕ ਮੰਚ ‘ਤੇ
ਚੰਡੀਗੜ੍ਹ :- ਭਾਰਤ-ਅਮਰੀਕਾ ਵਿਚਾਲੇ ਪ੍ਰਸਤਾਵਿਤ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਨੇ 21 ਜੁਲਾਈ ਨੂੰ ਦਿੱਲੀ ਵਿੱਚ ਮਹਾਂਰੈਲੀ ਕਰਨ ਦਾ ਐਲਾਨ ਕੀਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇਸ ਰੈਲੀ ਰਾਹੀਂ ਕੇਂਦਰ ਸਰਕਾਰ ਤੱਕ ਆਪਣੀਆਂ ਚਿੰਤਾਵਾਂ ਪਹੁੰਚਾਈਆਂ ਜਾਣਗੀਆਂ। ਰੈਲੀ ਦੀਆਂ ਤਿਆਰੀਆਂ ਲਗਭਗ ਮੁਕੰਮਲ ਹੋ ਚੁੱਕੀਆਂ ਹਨ ਅਤੇ ਵੱਖ-ਵੱਖ ਸੂਬਿਆਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਪਹੁੰਚਣਗੇ।
ਪੰਜਾਬ ਤੋਂ ਇੱਕ ਦਿਨ ਪਹਿਲਾਂ ਦਿੱਲੀ ਲਈ ਰਵਾਨਾ ਹੋਣਗੇ ਕਿਸਾਨ
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਪੰਜਾਬ ਤੋਂ ਰੈਲੀ ਵਿੱਚ ਸ਼ਮੂਲੀਅਤ ਲਈ 20 ਜੁਲਾਈ ਨੂੰ ਸੈਂਕੜੇ ਬੱਸਾਂ ਦਿੱਲੀ ਵੱਲ ਰਵਾਨਾ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ‘ਦੇਸ਼ ਬਚਾਓ ਮੋਰਚਾ’ ਦੇ ਸੱਦੇ ‘ਤੇ ਹੋ ਰਹੀ ਇਸ ਰੈਲੀ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਹਿੱਸਾ ਲੈਣਗੇ।
ਇਨ੍ਹਾਂ ਥਾਵਾਂ ਤੋਂ ਹੋਵੇਗੀ ਕਿਸਾਨਾਂ ਦੀ ਰਵਾਨਗੀ
ਰੈਲੀ ਲਈ ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਕਿਸਾਨ ਸਵੇਰੇ 11 ਵਜੇ ਤੱਕ ਬਿਆਸ ਵਿਖੇ ਇਕੱਠੇ ਹੋਣਗੇ, ਜਿੱਥੋਂ ਉਹ ਬੱਸਾਂ ਰਾਹੀਂ ਦਿੱਲੀ ਲਈ ਰਵਾਨਾ ਹੋਣਗੇ। ਤਰਨ ਤਾਰਨ ਜ਼ਿਲ੍ਹੇ ਦੇ ਕਿਸਾਨ ਗੋਇੰਦਵਾਲ ਸਾਹਿਬ ਤੋਂ ਰਵਾਨਗੀ ਕਰਨਗੇ। ਇਸ ਤੋਂ ਇਲਾਵਾ ਸੂਬੇ ਦੇ ਹੋਰ ਜ਼ਿਲ੍ਹਿਆਂ ਵਿੱਚ ਵੀ ਪਹਿਲਾਂ ਤੋਂ ਨਿਰਧਾਰਤ ਸਥਾਨਾਂ ਤੋਂ ਕਿਸਾਨਾਂ ਦੀਆਂ ਬੱਸਾਂ ਦਿੱਲੀ ਲਈ ਚਲਣਗੀਆਂ।
ਖੇਤੀ ਸੈਕਟਰ ਲਈ ਸਮਝੌਤੇ ਨੂੰ ਦੱਸਿਆ ਨੁਕਸਾਨਦੇਹ
ਸਰਵਣ ਸਿੰਘ ਪੰਧੇਰ ਨੇ ਦਾਅਵਾ ਕੀਤਾ ਕਿ ਭਾਰਤ-ਅਮਰੀਕਾ ਵਪਾਰ ਸਮਝੌਤੇ ਨਾਲ ਦੇਸ਼ ਦੇ ਖੇਤੀਬਾੜੀ ਖੇਤਰ ਨੂੰ ਨੁਕਸਾਨ ਪਹੁੰਚ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਸਮਝੌਤੇ ਵਿੱਚ ਮੱਕੀ, ਸੋਇਆਬੀਨ, ਕਪਾਹ, ਸੇਬ, ਨਾਸ਼ਪਾਤੀ, ਡਰਾਈ ਫਰੂਟ ਅਤੇ ਹੋਰ ਖੇਤੀ ਉਤਪਾਦ ਸ਼ਾਮਲ ਕੀਤੇ ਜਾਂਦੇ ਹਨ ਤਾਂ ਇਸ ਦਾ ਸਿੱਧਾ ਪ੍ਰਭਾਵ ਭਾਰਤੀ ਕਿਸਾਨਾਂ ਦੀ ਆਮਦਨ ‘ਤੇ ਪੈ ਸਕਦਾ ਹੈ।
ਕਈ ਕਿਸਾਨ ਜਥੇਬੰਦੀਆਂ ਰੈਲੀ ਵਿੱਚ ਹੋਣਗੀਆਂ ਸ਼ਾਮਲ
ਉਨ੍ਹਾਂ ਦੱਸਿਆ ਕਿ ਕਿਸਾਨ ਮਜ਼ਦੂਰ ਮੋਰਚਾ, ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ.), ਬੀ.ਕੇ.ਯੂ. ਏਕਤਾ ਸੰਘਰਸ਼ ਅਤੇ ਹੋਰ ਕਈ ਕਿਸਾਨ ਜਥੇਬੰਦੀਆਂ ਨੇ ਰੈਲੀ ਲਈ ਆਪਣੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਪੰਜਾਬ ਦੇ ਨਾਲ-ਨਾਲ ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਓਡੀਸ਼ਾ ਅਤੇ ਹੋਰ ਸੂਬਿਆਂ ਤੋਂ ਵੀ ਵੱਡੀ ਗਿਣਤੀ ਵਿੱਚ ਕਿਸਾਨ ਰੈਲੀ ਵਿੱਚ ਸ਼ਾਮਲ ਹੋਣਗੇ।
ਸ਼ਾਂਤਮਈ ਪ੍ਰਦਰਸ਼ਨ ਵਿੱਚ ਰੁਕਾਵਟ ਨਾ ਪਾਉਣ ਦੀ ਕੀਤੀ ਅਪੀਲ
ਕਿਸਾਨ ਆਗੂ ਨੇ ਕਿਹਾ ਕਿ ਇਹ ਇੱਕ ਦਿਨ ਦਾ ਸ਼ਾਂਤਮਈ ਅਤੇ ਲੋਕਤੰਤਰੀ ਢੰਗ ਨਾਲ ਕੀਤਾ ਜਾਣ ਵਾਲਾ ਪ੍ਰਦਰਸ਼ਨ ਹੋਵੇਗਾ, ਜੋ 21 ਜੁਲਾਈ ਨੂੰ ਸ਼ਾਮ 4 ਵਜੇ ਸਮਾਪਤ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੇ ਸੰਵਿਧਾਨਕ ਅਤੇ ਲੋਕਤੰਤਰੀ ਅਧਿਕਾਰਾਂ ਦਾ ਸਤਿਕਾਰ ਕਰਦਿਆਂ ਰੈਲੀ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾ ਪਾਈ ਜਾਵੇ ਅਤੇ ਸ਼ਾਂਤੀਪੂਰਨ ਪ੍ਰਦਰਸ਼ਨ ਨੂੰ ਸੁਚਾਰੂ ਢੰਗ ਨਾਲ ਹੋਣ ਦਿੱਤਾ ਜਾਵੇ।

