ਚੰਡੀਗੜ੍ਹ :- ਪੰਜਾਬ ਵਿੱਚ ਦੂਜੇ ਦਿਨ ਵੀ ਲਗਾਤਾਰ ਭਾਰੀ ਮੀਂਹ ਕਾਰਨ ਰਾਜ ਸਰਕਾਰ ਨੇ ਉੱਚ ਸਿੱਖਿਆ ਸੰਸਥਾਵਾਂ ਵਿੱਚ ਵੀ ਸਾਵਧਾਨੀ ਵਧਾ ਦਿੱਤੀ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਹੈ ਕਿ ਸਾਰੀਆਂ ਯੂਨੀਵਰਸਿਟੀਆਂ, ਕਾਲਜਾਂ ਅਤੇ ਪੋਲਿਟੈਕਨਿਕ ਸੰਸਥਾਵਾਂ ਨੂੰ 3 ਸਤੰਬਰ 2025 ਤੱਕ ਬੰਦ ਰੱਖਿਆ ਜਾਵੇਗਾ।
ਵਿਦਿਆਰਥੀਆਂ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ: ਮੰਤਰੀ ਬੈਂਸ
ਮੰਤਰੀ ਨੇ ਐਕਸ (X) ’ਤੇ ਲਿਖਿਆ ਕਿ ਮੌਜੂਦਾ ਮੌਸਮੀ ਸਥਿਤੀਆਂ ਨੂੰ ਦੇਖਦਿਆਂ ਵਿਦਿਆਰਥੀਆਂ ਦੀ ਸੁਰੱਖਿਆ ਸਰਕਾਰ ਲਈ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਨੇ ਹੋਸਟਲਾਂ ਵਿੱਚ ਰਹਿ ਰਹੇ ਵਿਦਿਆਰਥੀਆਂ ਦੀ ਦੇਖਭਾਲ ਅਤੇ ਸੁਰੱਖਿਆ ਯਕੀਨੀ ਬਣਾਉਣ ਲਈ ਸੰਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਤਿਆਰੀਆਂ ਕਰਨ ਲਈ ਕਿਹਾ।
ਜਨਤਾ ਅਤੇ ਵਿਦਿਆਰਥੀਆਂ ਨੂੰ ਸਾਵਧਾਨ ਰਹਿਣ ਦੀ ਅਪੀਲ
ਮੰਤਰੀ ਨੇ ਲੋਕਾਂ ਅਤੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨਾਂ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਮੀਂਹ ਪ੍ਰਭਾਵਿਤ ਇਲਾਕਿਆਂ ਵਿੱਚ ਬਿਨਾ ਲੋੜ ਦੇ ਆਵਾਜਾਈ ਕਰਨ ਤੋਂ ਗੁਰੇਜ਼ ਕਰਨ ਲਈ ਕਿਹਾ। ਇਸ ਤੋਂ ਪਹਿਲਾਂ ਸਕੂਲਾਂ ਨੂੰ ਬੰਦ ਕਰਨ ਦੇ ਹੁਕਮ ਵੀ ਜਾਰੀ ਕੀਤੇ ਜਾ ਚੁੱਕੇ ਹਨ। ਲਗਾਤਾਰ ਬਾਰਿਸ਼ ਕਾਰਨ ਕਈ ਜ਼ਿਲ੍ਹਿਆਂ ਵਿੱਚ ਦਿਨਚਰਿਆ ਪ੍ਰਭਾਵਿਤ ਹੋ ਰਹੀ ਹੈ ਅਤੇ ਹੜ੍ਹਾਂ ਦਾ ਖ਼ਤਰਾ ਵੱਧ ਗਿਆ ਹੈ।