ਸ੍ਰੀ ਅੰਮ੍ਰਿਤਸਰ ਸਾਹਿਬ :- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸਮਾਰੋਹ ਸਬੰਧੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਯਨਾਥ ਨੂੰ ਸੱਦਾ ਦਿੱਤਾ ਹੈ। ਇਹ ਸੱਦਾ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਦੀ ਅਗਵਾਈ ਹੇਠ ਇੱਕ ਵਫ਼ਦ ਵੱਲੋਂ ਸੌਂਪਿਆ ਗਿਆ।
ਵਫ਼ਦ ਦੀ ਮੁੱਖ ਮੰਤਰੀ ਨਾਲ ਮੁਲਾਕਾਤ
ਮੁੱਖ ਮੰਤਰੀ ਨਾਲ ਹੋਈ ਮੁਲਾਕਾਤ ਦੌਰਾਨ ਵਫ਼ਦ ਨੇ ਉਨ੍ਹਾਂ ਨੂੰ ਨਵੰਬਰ ਵਿੱਚ ਹੋਣ ਵਾਲੇ ਸ਼ਹੀਦੀ ਸਮਾਗਮਾਂ ਲਈ ਨਿਮੰਤਰਣ ਪੱਤਰ ਦਿੱਤਾ। ਨਾਲ ਹੀ, ਉਨ੍ਹਾਂ ਨੂੰ ਅਸਾਮ ਤੋਂ ਸ਼ੁਰੂ ਹੋ ਕੇ ਦੇਸ਼ ਦੇ ਵੱਖ-ਵੱਖ ਸੂਬਿਆਂ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਣ ਵਾਲੇ ਸ਼ਹੀਦੀ ਨਗਰ ਕੀਰਤਨ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਮੁੱਖ ਮੰਤਰੀ ਵੱਲੋਂ ਭਰੋਸਾ ਤੇ ਸਹਿਯੋਗ
ਮੁੱਖ ਮੰਤਰੀ ਯੋਗੀ ਆਦਿੱਤਯਨਾਥ ਨੇ ਸ਼੍ਰੋਮਣੀ ਕਮੇਟੀ ਨੂੰ ਭਰੋਸਾ ਦਿਵਾਇਆ ਕਿ ਉਹ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਵਾਅਦਾ ਕੀਤਾ ਕਿ ਨਗਰ ਕੀਰਤਨ ਦੌਰਾਨ ਉੱਤਰ ਪ੍ਰਦੇਸ਼ ਵਿਚ ਪੂਰੇ ਸਰਕਾਰੀ ਪ੍ਰਬੰਧ ਕੀਤੇ ਜਾਣਗੇ ਅਤੇ ਸੂਬੇ ਦੇ ਅੰਦਰ ਹਰ ਜਗ੍ਹਾ ਭਰਵਾਂ ਸਵਾਗਤ ਤੇ ਸਨਮਾਨ ਕੀਤਾ ਜਾਵੇਗਾ।
ਸਰਕਾਰੀ ਪ੍ਰਬੰਧਾਂ ਲਈ ਜ਼ਿੰਮੇਵਾਰੀ ਨਿਰਧਾਰਤ
ਮੁੱਖ ਮੰਤਰੀ ਵੱਲੋਂ ਨਗਰ ਕੀਰਤਨ ਸਬੰਧੀ ਪ੍ਰਬੰਧਾਂ ਦੀ ਜ਼ਿੰਮੇਵਾਰੀ ਉੱਤਰ ਪ੍ਰਦੇਸ਼ ਸਰਕਾਰ ਦੇ ਰਾਜ ਮੰਤਰੀ ਬਲਦੇਵ ਸਿੰਘ ਔਲਖ ਨੂੰ ਸੌਂਪੀ ਗਈ ਹੈ।
ਵਫ਼ਦ ਦੇ ਮੈਂਬਰ
ਇਸ ਵਫ਼ਦ ਵਿੱਚ ਭਾਈ ਅਜੈਬ ਸਿੰਘ ਅਭਿਆਸੀ, ਉੱਤਰ ਪ੍ਰਦੇਸ਼ ਸਿੱਖ ਮਿਸ਼ਨ ਹਾਪੁੜ ਦੇ ਇੰਚਾਰਜ ਬ੍ਰਿਜਪਾਲ ਸਿੰਘ, ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਯਹਿਆਗੰਜ ਲਖਨਊ ਦੇ ਪ੍ਰਧਾਨ ਡਾ. ਗੁਰਮੀਤ ਸਿੰਘ ਅਤੇ ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਵਿੰਦਰ ਸਿੰਘ ਸ਼ਾਮਲ ਸਨ।