ਫਿਰੋਜ਼ਪੁਰ :- ਪੰਜਾਬ ਸਰਕਾਰ ਨੇ ਵਿਜੀਲੈਂਸ ਵਿਭਾਗ ਦੀ ਕਾਰਗੁਜ਼ਾਰੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਇੱਕ ਅਹਿਮ ਪ੍ਰਸ਼ਾਸਕੀ ਕਦਮ ਚੁੱਕਿਆ ਹੈ। ਇਸ ਤਹਿਤ ਐੱਸ.ਐੱਸ.ਪੀ ਦਿਗਵਿਜੈ ਕਪਿਲ ਨੂੰ ਬਠਿੰਡਾ ਰੇਂਜ ਦੇ ਨਾਲ ਨਾਲ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਦੀ ਵਾਧੂ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਮਾਨਦਾਰ ਛਵੀ ਵਾਲੇ ਅਧਿਕਾਰੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਐੱਸ.ਐੱਸ.ਪੀ ਦਿਗਵਿਜੈ ਕਪਿਲ ਪੁਲਿਸ ਵਿਭਾਗ ਵਿੱਚ ਇੱਕ ਸਖ਼ਤ ਅਤੇ ਇਮਾਨਦਾਰ ਅਧਿਕਾਰੀ ਵਜੋਂ ਪਹਿਚਾਣ ਬਣਾਈ ਬੈਠੇ ਹਨ। ਉਨ੍ਹਾਂ ਦੀ ਸੇਵਾ ਅਤੇ ਕਰਤੱਵਨਿਭਾਉ ਨੂੰ ਮੱਦੇਨਜ਼ਰ ਰੱਖਦਿਆਂ ਉਨ੍ਹਾਂ ਨੂੰ ਰਾਸ਼ਟਰਪਤੀ ਪੁਲਿਸ ਮੈਡਲ (2023) ਅਤੇ ਮੁੱਖ ਮੰਤਰੀ ਮੈਡਲ (2024) ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ।
ਅਹੁਦਾ ਸੰਭਾਲਦੇ ਹੀ ਸਖ਼ਤ ਸੰਦੇਸ਼
ਵਿਜੀਲੈਂਸ ਬਿਊਰੋ ਫਿਰੋਜ਼ਪੁਰ ਦਾ ਚਾਰਜ ਸੰਭਾਲਣ ਮਗਰੋਂ ਦਿਗਵਿਜੈ ਕਪਿਲ ਨੇ ਸਪਸ਼ਟ ਕੀਤਾ ਕਿ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਪਾਰਦਰਸ਼ਤਾ ਲਿਆਉਣਾ ਅਤੇ ਲੋਕਾਂ ਨੂੰ ਨਿਰਭੀਕ, ਭ੍ਰਿਸ਼ਟਾਚਾਰ-ਰਹਿਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਵਿਜੀਲੈਂਸ ਬਿਊਰੋ ਦੀ ਪ੍ਰਾਥਮਿਕਤਾ ਰਹੇਗੀ।
ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ‘ਤੇ ਜ਼ੋਰ
ਐੱਸ.ਐੱਸ.ਪੀ ਕਪਿਲ ਨੇ ਦੱਸਿਆ ਕਿ ਆਮ ਲੋਕਾਂ ਵੱਲੋਂ ਮਿਲਣ ਵਾਲੀਆਂ ਸ਼ਿਕਾਇਤਾਂ ‘ਤੇ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇਗੀ। ਨਾਲ ਹੀ ਵਿਜੀਲੈਂਸ ਬਿਊਰੋ ਦੀ ਨਿਗਰਾਨ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਕੇ ਭ੍ਰਿਸ਼ਟ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਦਮ ਚੁੱਕੇ ਜਾਣਗੇ।
ਲੋਕਾਂ ਨੂੰ ਬਿਨਾਂ ਡਰ ਸੂਚਨਾ ਦੇਣ ਦੀ ਅਪੀਲ
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਪੱਧਰ ‘ਤੇ ਭ੍ਰਿਸ਼ਟਾਚਾਰ ਦੀ ਜਾਣਕਾਰੀ ਮਿਲੇ, ਤਾਂ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਵਿਜੀਲੈਂਸ ਬਿਊਰੋ ਨਾਲ ਸਾਂਝੀ ਕੀਤੀ ਜਾਵੇ, ਤਾਂ ਜੋ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।

