ਅੰਮ੍ਰਿਤਸਰ :- ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਪਾਕਿਸਤਾਨ ਵਿਖੇ ਹੋਣ ਵਾਲੇ ਧਾਰਮਿਕ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਜਾਣ ਵਾਲੇ ਸ਼ਰਧਾਲੂਆਂ ਦੇ ਜਥੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਯਾਤਰਾ ਲਈ 290 ਸ਼ਰਧਾਲੂਆਂ ਦੇ ਵੀਜ਼ੇ ਪ੍ਰਾਪਤ ਹੋਏ ਹਨ, ਜਦਕਿ ਕੁਝ ਅਰਜ਼ੀਦਾਰਾਂ ਨੂੰ ਇਸ ਵਾਰ ਮਨਜ਼ੂਰੀ ਨਹੀਂ ਮਿਲ ਸਕੀ।
302 ਪਾਸਪੋਰਟ ਭੇਜੇ ਗਏ ਸਨ ਵੀਜ਼ਾ ਪ੍ਰਕਿਰਿਆ ਲਈ
ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਗੁਰਦੁਆਰਾ ਸ੍ਰੀ ਡੇਰਾ ਸਾਹਿਬ, ਲਾਹੌਰ ਵਿਖੇ ਹੋਣ ਵਾਲੇ ਸਮਾਗਮਾਂ ਅਤੇ ਪਾਕਿਸਤਾਨ ਸਥਿਤ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ 302 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਪ੍ਰਾਪਤੀ ਵਾਸਤੇ ਭੇਜੇ ਗਏ ਸਨ। ਇਨ੍ਹਾਂ ਵਿੱਚੋਂ 290 ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕਰ ਦਿੱਤੇ ਗਏ ਹਨ।
12 ਸ਼ਰਧਾਲੂ ਵੀਜ਼ਾ ਸੂਚੀ ਤੋਂ ਰਹੇ ਬਾਹਰ
ਉਨ੍ਹਾਂ ਦੱਸਿਆ ਕਿ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵੱਲੋਂ 12 ਅਰਜ਼ੀਦਾਰਾਂ ਨੂੰ ਵੀਜ਼ਾ ਜਾਰੀ ਨਹੀਂ ਕੀਤਾ ਗਿਆ। ਜਿਨ੍ਹਾਂ ਸ਼ਰਧਾਲੂਆਂ ਦੇ ਵੀਜ਼ੇ ਮਨਜ਼ੂਰ ਨਹੀਂ ਹੋਏ, ਉਨ੍ਹਾਂ ਦੇ ਸੀਰੀਅਲ ਨੰਬਰ 33, 66, 67, 68, 76, 131, 143, 144, 145, 151, 291 ਅਤੇ 292 ਹਨ।
30 ਜੂਨ ਨੂੰ ਭਾਰਤ ਪਰਤੇਗਾ ਜਥਾ
ਸ਼੍ਰੋਮਣੀ ਕਮੇਟੀ ਅਨੁਸਾਰ ਜਥਾ 21 ਜੂਨ ਦੀ ਸਵੇਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਰਵਾਨਾ ਹੋਵੇਗਾ। ਯਾਤਰਾ ਦੌਰਾਨ ਸ਼ਰਧਾਲੂ ਪਾਕਿਸਤਾਨ ਦੇ ਵੱਖ-ਵੱਖ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨਗੇ ਅਤੇ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਮੁੱਖ ਸਮਾਗਮ ਵਿੱਚ ਸ਼ਮੂਲੀਅਤ ਕਰਨਗੇ। ਇਸ ਤੋਂ ਬਾਅਦ ਜਥਾ 30 ਜੂਨ ਨੂੰ ਵਾਪਸ ਭਾਰਤ ਪਰਤ ਆਵੇਗਾ।
ਵੀਜ਼ਾ ਲੱਗੇ ਪਾਸਪੋਰਟ ਲੈਣ ਲਈ ਅਪੀਲ
ਸ਼੍ਰੋਮਣੀ ਕਮੇਟੀ ਨੇ ਵੀਜ਼ਾ ਪ੍ਰਾਪਤ ਕਰਨ ਵਾਲੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਵੀਜ਼ਾ ਲੱਗੇ ਪਾਸਪੋਰਟ 20 ਅਤੇ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਪ੍ਰਾਪਤ ਕਰ ਲੈਣ, ਤਾਂ ਜੋ ਯਾਤਰਾ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

