ਚੰਡੀਗੜ੍ਹ :- ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਤਪਸ਼ ਨੂੰ ਰਾਹਤ ਮਿਲਣ ਦੀ ਸੰਭਾਵਨਾ ਬਣ ਗਈ ਹੈ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਦੌਰਾਨ ਸੂਬੇ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਮੀਂਹ, ਗਰਜ-ਚਮਕ ਅਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਵੱਲੋਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਵੀ ਕੀਤੀ ਗਈ ਹੈ।
ਕਈ ਜ਼ਿਲ੍ਹਿਆਂ ਲਈ ਜਾਰੀ ਹੋਇਆ ਅਲਰਟ
ਵਿਭਾਗ ਦੀ ਜਾਣਕਾਰੀ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਮੌਸਮ ਅਚਾਨਕ ਕਰਵਟ ਲੈ ਸਕਦਾ ਹੈ। ਇਨ੍ਹਾਂ ਇਲਾਕਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ, ਗਰਜ-ਚਮਕ ਹੋਣ ਅਤੇ ਹਲਕੇ ਤੋਂ ਦਰਮਿਆਨੇ ਮੀਂਹ ਦੇ ਆਸਾਰ ਹਨ।
ਚਾਰ ਜ਼ਿਲ੍ਹੇ ਚੇਤਾਵਨੀ ਤੋਂ ਬਾਹਰ
ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ ਉਹ ਜ਼ਿਲ੍ਹੇ ਹਨ ਜਿੱਥੇ ਇਸ ਵੇਲੇ ਕਿਸੇ ਵਿਸ਼ੇਸ਼ ਮੌਸਮੀ ਚੇਤਾਵਨੀ ਦੀ ਘੋਸ਼ਣਾ ਨਹੀਂ ਕੀਤੀ ਗਈ। ਹਾਲਾਂਕਿ ਵਿਭਾਗ ਨੇ ਹਾਲਾਤਾਂ ‘ਤੇ ਲਗਾਤਾਰ ਨਜ਼ਰ ਬਣਾਈ ਹੋਈ ਹੈ।
ਪੱਛਮੀ ਗੜਬੜੀ ਦਾ ਅਸਰ, ਮਾਨਸੂਨ ਅਜੇ ਦੂਰ
ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਮੌਜੂਦਾ ਬਾਰਿਸ਼ ਦਾ ਸਬੰਧ ਮਾਨਸੂਨ ਨਾਲ ਨਹੀਂ ਹੈ। ਪਾਕਿਸਤਾਨ ਵੱਲੋਂ ਸਰਗਰਮ ਹੋਈ ਪੱਛਮੀ ਗੜਬੜੀ ਕਾਰਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਮੌਸਮ ਵਿੱਚ ਤਬਦੀਲੀ ਦੇਖੀ ਜਾ ਰਹੀ ਹੈ। ਇਸੇ ਕਾਰਨ ਬੱਦਲਵਾਈ, ਗਰਜ-ਚਮਕ ਅਤੇ ਮੀਂਹ ਦੀਆਂ ਗਤੀਵਿਧੀਆਂ ਵਧੀਆਂ ਹਨ।
ਵੀਰਵਾਰ ਸ਼ਾਮ ਨੂੰ ਵੀ ਮਿਲੀ ਗਰਮੀ ਤੋਂ ਰਾਹਤ
ਬੀਤੀ ਸ਼ਾਮ ਸੂਬੇ ਦੇ ਕਈ ਹਿੱਸਿਆਂ ਵਿੱਚ ਹੋਈ ਬਾਰਿਸ਼ ਅਤੇ ਚੱਲੀਆਂ ਤੇਜ਼ ਹਵਾਵਾਂ ਨੇ ਤਾਪਮਾਨ ਵਿੱਚ ਕਮੀ ਲਿਆਈ। ਇਸ ਨਾਲ ਲੋਕਾਂ ਨੂੰ ਭਿਆਨਕ ਗਰਮੀ ਤੋਂ ਕੁਝ ਹੱਦ ਤੱਕ ਰਾਹਤ ਮਹਿਸੂਸ ਹੋਈ ਅਤੇ ਮੌਸਮ ਸੁਹਾਵਣਾ ਬਣਿਆ।
ਆਉਣ ਵਾਲੇ ਦਿਨਾਂ ਦਾ ਅਨੁਮਾਨ
ਚੰਡੀਗੜ੍ਹ ਸਥਿਤ ਮੌਸਮ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਸਿੰਘ ਮੁਤਾਬਕ 6, 7 ਅਤੇ 10 ਜੂਨ ਨੂੰ ਵੀ ਕੁਝ ਖੇਤਰਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ। ਉਨ੍ਹਾਂ ਦੱਸਿਆ ਕਿ ਅਗਲੇ ਤਿੰਨ ਦਿਨਾਂ ਤੱਕ ਤਾਪਮਾਨ ਵਿੱਚ ਵੱਡੇ ਫੇਰਬਦਲ ਦੀ ਉਮੀਦ ਨਹੀਂ, ਪਰ ਇਸ ਤੋਂ ਬਾਅਦ ਗਰਮੀ ਮੁੜ ਆਪਣਾ ਅਸਰ ਦਿਖਾ ਸਕਦੀ ਹੈ।

