ਚੰਡੀਗੜ੍ਹ :- ਪੰਜਾਬ ਦੇ ਕਈ ਹਿੱਸਿਆਂ ਵਿੱਚ ਮੌਸਮ ਅਗਲੇ ਕੁਝ ਦਿਨਾਂ ਦੌਰਾਨ ਸਰਗਰਮ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸੂਬੇ ਦੇ 15 ਜ਼ਿਲ੍ਹਿਆਂ ਲਈ ਹਨੇਰੀ, ਬੱਦਲਾਂ ਦੀ ਗਰਜ, ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਕਈ ਇਲਾਕਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਵੀ ਸੰਭਾਵਨਾ ਪ੍ਰਗਟਾਈ ਗਈ ਹੈ।
ਇਨ੍ਹਾਂ ਜ਼ਿਲ੍ਹਿਆਂ ਲਈ ਅੱਜ ਚੇਤਾਵਨੀ
ਮੌਸਮ ਵਿਭਾਗ ਮੁਤਾਬਕ ਨਵਾਂਸ਼ਹਿਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐਸ.ਏ.ਐਸ. ਨਗਰ (ਮੁਹਾਲੀ) ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ, ਗਰਜ-ਚਮਕ ਅਤੇ ਛਿਟਪੁੱਟ ਮੀਂਹ ਪੈਣ ਦੀ ਸੰਭਾਵਨਾ ਹੈ।
19 ਜੂਨ ਨੂੰ ਕਈ ਖੇਤਰਾਂ ਵਿੱਚ ਮੀਂਹ ਦੇ ਆਸਾਰ
ਵੀਰਵਾਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹਿ ਸਕਦਾ ਹੈ। ਇਨ੍ਹਾਂ ਖੇਤਰਾਂ ਵਿੱਚ ਤੇਜ਼ ਹਵਾਵਾਂ ਦੇ ਨਾਲ ਬੱਦਲਾਂ ਦੀ ਗਰਜ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਤੋਂ ਇਲਾਵਾ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਵਰਖਾ ਹੋ ਸਕਦੀ ਹੈ।
20 ਜੂਨ ਨੂੰ ਮਾਲਵਾ ਨਾਲੋਂ ਮਾਝਾ-ਦੋਆਬਾ ਜ਼ਿਆਦਾ ਪ੍ਰਭਾਵਿਤ ਰਹਿਣ ਦੀ ਸੰਭਾਵਨਾ
20 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਇਲਾਕਿਆਂ ਦੇ ਨਾਲ-ਨਾਲ ਫਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੁਹਾਲੀ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।
21 ਜੂਨ ਨੂੰ ਵੀ ਜਾਰੀ ਰਹੇਗਾ ਮੌਸਮ ਦਾ ਅਸਰ
21 ਜੂਨ ਨੂੰ ਵੀ ਉੱਤਰੀ ਅਤੇ ਕੇਂਦਰੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗਰਜ-ਚਮਕ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਬਣੀ ਰਹੇਗੀ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਰੂਪਨਗਰ ਅਤੇ ਮੁਹਾਲੀ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਲੁਧਿਆਣਾ ਅਤੇ ਪਟਿਆਲਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ।
ਤਾਪਮਾਨ ਵਿੱਚ ਵਾਧੇ ਦੇ ਬਾਵਜੂਦ ਆਮ ਤੋਂ ਵੱਧ ਗਰਮੀ ਨਹੀਂ
ਬੀਤੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਕਰੀਬ 2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਪਰ ਇਹ ਹਾਲੇ ਵੀ ਆਮ ਪੱਧਰ ਦੇ ਆਸ-ਪਾਸ ਹੀ ਰਿਹਾ। ਸਭ ਤੋਂ ਵੱਧ ਤਾਪਮਾਨ ਬਠਿੰਡਾ ਹਵਾਈ ਅੱਡੇ ‘ਤੇ 39 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਪਟਿਆਲਾ ਤੇ ਚੰਡੀਗੜ੍ਹ ਰਹੇ ਗਰਮ ਇਲਾਕਿਆਂ ਵਿੱਚ ਸ਼ਾਮਲ
ਚੰਡੀਗੜ੍ਹ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 38.3 ਡਿਗਰੀ, ਚੰਡੀਗੜ੍ਹ ਹਵਾਈ ਅੱਡੇ ਦਾ 38.1 ਡਿਗਰੀ, ਪਟਿਆਲਾ ਦਾ 38.8 ਡਿਗਰੀ ਅਤੇ ਪਠਾਨਕੋਟ ਦਾ 38.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਲੁਧਿਆਣਾ, ਅੰਮ੍ਰਿਤਸਰ, ਫਰੀਦਕੋਟ ਅਤੇ ਬਠਿੰਡਾ ਸਮੇਤ ਹੋਰ ਜ਼ਿਲ੍ਹਿਆਂ ਵਿੱਚ ਵੀ ਤਾਪਮਾਨ 35 ਤੋਂ 38 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ।
ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਦਿੱਤੀ ਸਲਾਹ
ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਤੇਜ਼ ਹਵਾਵਾਂ ਅਤੇ ਬਿਜਲੀ ਚਮਕਣ ਦੌਰਾਨ ਖੁੱਲ੍ਹੇ ਮੈਦਾਨਾਂ, ਦਰੱਖਤਾਂ ਅਤੇ ਬਿਜਲੀ ਦੇ ਖੰਭਿਆਂ ਨੇੜੇ ਖੜ੍ਹਨ ਤੋਂ ਪਰਹੇਜ਼ ਕੀਤਾ ਜਾਵੇ। ਕਿਸਾਨਾਂ ਅਤੇ ਆਮ ਲੋਕਾਂ ਨੂੰ ਵੀ ਮੌਸਮ ਨਾਲ ਜੁੜੀਆਂ ਤਾਜ਼ਾ ਜਾਣਕਾਰੀਆਂ ‘ਤੇ ਨਜ਼ਰ ਰੱਖਣ ਦੀ ਸਲਾਹ ਦਿੱਤੀ ਗਈ ਹੈ।

