ਚੰਡੀਗੜ੍ਹ :- ਪੰਜਾਬ ਅਤੇ ਚੰਡੀਗੜ੍ਹ ਵਿੱਚ ਸ਼ਨੀਵਾਰ ਤੋਂ ਮੌਸਮ ਦੇ ਰੁਖ ਵਿੱਚ ਤਬਦੀਲੀ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਅਨੁਮਾਨ ਮੁਤਾਬਕ ਅੱਜ ਤੋਂ ਮੰਗਲਵਾਰ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਵਰਖਾ ਹੋ ਸਕਦੀ ਹੈ, ਜਿਸ ਨਾਲ ਠੰਢ ਅਤੇ ਨਮੀ ਵਿੱਚ ਵਾਧਾ ਹੋਵੇਗਾ।
ਇਨ੍ਹਾਂ ਜ਼ਿਲ੍ਹਿਆਂ ’ਚ ਅੱਜ ਮੀਂਹ ਦੀ ਸੰਭਾਵਨਾ
ਵਿਭਾਗ ਨੇ ਦੱਸਿਆ ਹੈ ਕਿ ਅੱਜ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਸਮੇਤ ਆਸ-ਪਾਸ ਦੇ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ। ਮੌਸਮ ਦੇ ਇਸ ਬਦਲਾਅ ਕਾਰਨ ਦਿਨ ਦੇ ਤਾਪਮਾਨ ਵਿੱਚ ਵੀ ਹਲਕਾ ਉਤਾਰ-ਚੜ੍ਹਾਵ ਆ ਸਕਦਾ ਹੈ।
ਪੱਛਮੀ ਗੜਬੜੀ ਬਣੀ ਕਾਰਨ
ਮੌਸਮ ਮਾਹਿਰਾਂ ਅਨੁਸਾਰ ਪਹਾੜੀ ਇਲਾਕਿਆਂ ਵਿੱਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੇ ਨਾਲ ਨਾਲ ਪਾਕਿਸਤਾਨ ਉੱਤੇ ਬਣੇ ਚੱਕਰਵਾਤੀ ਸਰਕੂਲੇਸ਼ਨ ਨੇ ਪੰਜਾਬ ਅਤੇ ਹਰਿਆਣਾ ਵਿੱਚ ਵਰਖਾ ਵਾਲੀਆਂ ਸਥਿਤੀਆਂ ਪੈਦਾ ਕਰ ਦਿੱਤੀਆਂ ਹਨ।
1 ਫਰਵਰੀ ਨੂੰ ਤੇਜ਼ ਹਵਾਵਾਂ ਨਾਲ ਮੀਂਹ ਦੀ ਸੰਭਾਵਨਾ
1 ਫਰਵਰੀ ਨੂੰ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਦੌਰਾਨ ਕਈ ਥਾਵਾਂ ’ਤੇ ਗੱਜ-ਚਮਕ ਦੇ ਨਾਲ ਮੀਂਹ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਵੀ ਜਤਾਈ ਗਈ ਹੈ।
2 ਫਰਵਰੀ ਨੂੰ ਵੀ ਜਾਰੀ ਰਹਿ ਸਕਦੀ ਹੈ ਵਰਖਾ
2 ਫਰਵਰੀ ਨੂੰ ਵੀ ਮੌਸਮ ਪੂਰੀ ਤਰ੍ਹਾਂ ਸਾਫ਼ ਹੋਣ ਦੇ ਆਸਾਰ ਘੱਟ ਹਨ। ਪਠਾਨਕੋਟ, ਅੰਮ੍ਰਿਤਸਰ, ਜਲੰਧਰ ਅਤੇ ਮੋਹਾਲੀ ਵਰਗੇ ਸ਼ਹਿਰਾਂ ਵਿੱਚ ਹਲਕੀ ਬਾਰਿਸ਼ ਜਾਰੀ ਰਹਿ ਸਕਦੀ ਹੈ।
ਰਾਤ ਦੀ ਠੰਢ ’ਚ ਮਿਲੇਗੀ ਰਾਹਤ
ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ 3 ਤੋਂ 4 ਡਿਗਰੀ ਸੈਲਸੀਅਸ ਤੱਕ ਵਾਧਾ ਹੋ ਸਕਦਾ ਹੈ, ਜਿਸ ਨਾਲ ਰਾਤ ਦੇ ਸਮੇਂ ਪੈਂਦੀ ਤੀਖੀ ਠੰਢ ਵਿੱਚ ਕੁਝ ਹੱਦ ਤੱਕ ਰਾਹਤ ਮਿਲਣ ਦੀ ਉਮੀਦ ਹੈ। ਫਿਲਹਾਲ ਸੂਬੇ ਵਿੱਚ ਸਭ ਤੋਂ ਘੱਟ ਤਾਪਮਾਨ ਬਠਿੰਡਾ ਵਿੱਚ 5.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

