ਚੰਡੀਗੜ੍ਹ :- ਭਾਰਤੀ ਜਨਤਾ ਪਾਰਟੀ ਵੱਲੋਂ ਮਨਪ੍ਰੀਤ ਸਿੰਘ ਬਾਦਲ ਨੂੰ ਕੌਮੀ ਮੀਤ ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਮਨਪ੍ਰੀਤ ਸਿੰਘ ਬਾਦਲ ਨੇ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ ’ਤੇ ਭਰੋਸਾ ਕਰਦਿਆਂ ਇਹ ਜ਼ਿੰਮੇਵਾਰੀ ਦਿੱਤੀ ਹੈ ਅਤੇ ਉਹ ਇਸ ਨੂੰ ਪੂਰੀ ਨਿਮਰਤਾ ਨਾਲ ਨਿਭਾਉਣ ਦੀ ਕੋਸ਼ਿਸ਼ ਕਰਨਗੇ।
ਪੰਜਾਬ ਭਾਜਪਾ ਲੀਡਰਸ਼ਿਪ ਦਾ ਵੀ ਕੀਤਾ ਧੰਨਵਾਦ
ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬ ਭਾਜਪਾ ਦੀ ਸੂਬਾ ਲੀਡਰਸ਼ਿਪ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਆਗੂਆਂ ਨੇ ਹਮੇਸ਼ਾ ਉਨ੍ਹਾਂ ਦਾ ਸਾਥ ਦਿੱਤਾ ਅਤੇ ਹੌਸਲਾ ਵਧਾਇਆ ਹੈ। ਉਨ੍ਹਾਂ ਕਿਹਾ ਕਿ ਮਿਲੀ ਨਵੀਂ ਜ਼ਿੰਮੇਵਾਰੀ ਸਿਰਫ਼ ਅਹੁਦਾ ਨਹੀਂ, ਸਗੋਂ ਇੱਕ ਇਮਤਿਹਾਨ ਹੈ। ਉਨ੍ਹਾਂ ਰੱਬ ਅੱਗੇ ਅਰਦਾਸ ਕੀਤੀ ਕਿ ਉਹ ਇਸ ਇਮਤਿਹਾਨ ਵਿੱਚ ਕਾਮਯਾਬ ਹੋਣ ਅਤੇ ਆਪਣੀ ਜ਼ਿੰਮੇਵਾਰੀ ਨੂੰ ਸਹੀ ਢੰਗ ਨਾਲ ਨਿਭਾ ਸਕਣ।
‘ਵਿਕਸਤ ਭਾਰਤ’ ਦੇ ਟੀਚੇ ਲਈ ਕੰਮ ਕਰਨ ਦੀ ਗੱਲ
ਉਨ੍ਹਾਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਨਿਮਰਤਾ ਅਤੇ ਨਰਮੀ ਨਾਲ ਸਵੀਕਾਰ ਕਰਦੇ ਹਨ। ਉਨ੍ਹਾਂ ਆਖਿਆ ਕਿ ਉਨ੍ਹਾਂ ਦਾ ਸਾਂਝਾ ਸੰਕਲਪ ਵਿਕਸਤ ਭਾਰਤ ਦਾ ਨਿਰਮਾਣ ਕਰਨਾ ਹੈ ਅਤੇ ਉਹ ਪਾਰਟੀ ਲੀਡਰਸ਼ਿਪ ਨਾਲ ਮਿਲ ਕੇ ਦੇਸ਼ ਦੀ ਤਰੱਕੀ ਦੇ ਸਫ਼ਰ ਵਿੱਚ ਹਰ ਸੰਭਵ ਯੋਗਦਾਨ ਪਾਉਣਗੇ।
2047 ਤੱਕ ਭਾਰਤ ਨੂੰ ਤਰੱਕੀ ਦੇ ਰਾਹ ’ਤੇ ਲਿਜਾਣ ਦਾ ਟੀਚਾ
ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲਾਲ ਕਿਲ੍ਹੇ ਦੀ ਪ੍ਰਾਚੀਰ ਤੋਂ ਭਾਰਤ ਨੂੰ 2047 ਤੱਕ ਤਾਕਤਵਰ ਦੇ ਨਾਲ-ਨਾਲ ਖੁਸ਼ਹਾਲ, ਨਿਆਂਪਸੰਦ ਅਤੇ ਦਿਆਲੂ ਦੇਸ਼ ਬਣਾਉਣ ਦੀ ਗੱਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਇਸ ਟੀਚੇ ਨੂੰ ਹਾਸਲ ਕਰਨ ਲਈ ਕੰਮ ਕਰਦੇ ਰਹਿਣਗੇ ਤਾਂ ਜੋ ਭਾਰਤ ਅੱਗੇ ਵਧੇ ਅਤੇ ਪੰਜਾਬ ਵੀ ਤਰੱਕੀ ਕਰੇ।
‘ਪੰਜਾਬ ਦੀ ਤਰੱਕੀ ਤੋਂ ਇਲਾਵਾ ਕੋਈ ਹੋਰ ਸਿਆਸੀ ਮਕਸਦ ਨਹੀਂ’
ਮਨਪ੍ਰੀਤ ਬਾਦਲ ਨੇ ਕਿਹਾ ਕਿ ਸਿਆਸਤ ਵਿੱਚ ਉਨ੍ਹਾਂ ਦਾ ਇਸ ਤੋਂ ਇਲਾਵਾ ਕੋਈ ਹੋਰ ਮਕਸਦ ਨਹੀਂ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਤਰੱਕੀ ਦੇ ਨਾਲ ਪੰਜਾਬ ਨੂੰ ਵੀ ਵਿਕਾਸ ਦੇ ਰਾਹ ’ਤੇ ਅੱਗੇ ਲਿਜਾਣ ਲਈ ਉਹ ਆਪਣੀ ਜ਼ਿੰਮੇਵਾਰੀ ਨਿਭਾਉਣਗੇ।
ਅਕਾਲੀ ਦਲ ਨਾਲ ਸਮਝੌਤੇ ਬਾਰੇ ਫ਼ੈਸਲਾ ਹਾਈਕਮਾਨ ਕਰੇਗਾ
ਸ਼੍ਰੋਮਣੀ ਅਕਾਲੀ ਦਲ ਨਾਲ ਭਾਜਪਾ ਦੇ ਸੰਭਾਵਿਤ ਸਮਝੌਤੇ ਬਾਰੇ ਪੁੱਛੇ ਜਾਣ ’ਤੇ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਇਸ ਸਬੰਧੀ ਫ਼ੈਸਲਾ ਪਾਰਟੀ ਹਾਈਕਮਾਨ ਵੱਲੋਂ ਕੀਤਾ ਜਾਵੇਗਾ।

