ਚੰਡੀਗੜ੍ਹ :- ਪੰਜਾਬੀ ਫ਼ਿਲਮ ਜਗਤ ਦੇ ਮਸ਼ਹੂਰ ਅਦਾਕਾਰ ਯੋਗਰਾਜ ਸਿੰਘ ਇੱਕ ਵਾਰ ਫਿਰ ਵਿਵਾਦਾਂ ਦੇ ਕੇਂਦਰ ਵਿੱਚ ਆ ਗਏ ਹਨ। ਇੱਕ ਵੈੱਬ ਸੀਰੀਜ਼ ਵਿੱਚ ਔਰਤਾਂ ਪ੍ਰਤੀ ਵਰਤੀ ਗਈ ਅਪਮਾਨਜਨਕ ਭਾਸ਼ਾ ਨੂੰ ਲੈ ਕੇ ਪੰਜਾਬ ਭਰ ਵਿੱਚ ਰੋਸ ਦਾ ਮਾਹੌਲ ਬਣ ਗਿਆ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸੁ ਮੋਟੋ ਨੋਟਿਸ ਜਾਰੀ ਕਰਕੇ ਕਾਨੂੰਨੀ ਕਾਰਵਾਈ ਦੀ ਸਿਫ਼ਾਰਸ਼ ਕੀਤੀ ਹੈ।
ਮਹਿਲਾ ਕਮਿਸ਼ਨ ਨੇ ਐੱਫ਼ਆਈਆਰ ਦੀ ਗੱਲ ਕੀਤੀ
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਮਨੋਰੰਜਨ ਦੇ ਨਾਂ ‘ਤੇ ਔਰਤਾਂ ਦੀ ਮਰਿਆਦਾ ਨੂੰ ਠੇਸ ਪਹੁੰਚਾਉਣਾ ਕਿਸੇ ਵੀ ਹਾਲਤ ਵਿੱਚ ਕਬੂਲ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦੋਸ਼ ਲਗਾਇਆ ਕਿ ਲੋਕਪ੍ਰਿਯਤਾ ਅਤੇ ਕਮਾਈ ਲਈ ਇਸ ਤਰ੍ਹਾਂ ਦੀ ਭਾਸ਼ਾ ਵਰਤਣਾ ਸਮਾਜ ਵਿੱਚ ਗਲਤ ਸੰਦੇਸ਼ ਦਿੰਦਾ ਹੈ। ਕਮਿਸ਼ਨ ਨੇ ਸੰਬੰਧਤ ਏਜੰਸੀਆਂ ਨੂੰ ਮਾਮਲੇ ਦੀ ਜਾਂਚ ਕਰਕੇ ਐੱਫ਼ਆਈਆਰ ਦਰਜ ਕਰਨ ਦੀ ਸਿਫ਼ਾਰਸ਼ ਕੀਤੀ ਹੈ।
ਵਕੀਲਾਂ ਵੱਲੋਂ ਵੀ ਕੀਤੀ ਗਈ ਸ਼ਿਕਾਇਤ
ਚੰਡੀਗੜ੍ਹ ਦੇ ਵਕੀਲ Ujjwal Bhasin ਨੇ ਚੰਡੀਗੜ੍ਹ ਪੁਲਿਸ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਕੋਲ ਲਿਖਤੀ ਸ਼ਿਕਾਇਤ ਦੇ ਕੇ ਅਦਾਕਾਰ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਵਿਵਾਦਿਤ ਦ੍ਰਿਸ਼ਾਂ ਵਿੱਚ ਵਰਤੀ ਗਈ ਭਾਸ਼ਾ ਨਾ ਸਿਰਫ਼ ਔਰਤਾਂ ਦੀ ਬੇਇੱਜ਼ਤੀ ਕਰਦੀ ਹੈ, ਸਗੋਂ ਸਮਾਜਕ ਮਰਿਆਦਾਵਾਂ ਨੂੰ ਵੀ ਠੇਸ ਪਹੁੰਚਾਉਂਦੀ ਹੈ। ਪਟਿਆਲਾ ਦੇ ਇੱਕ ਹੋਰ ਵਕੀਲ ਵੱਲੋਂ ਵੀ ਕਾਨੂੰਨੀ ਨੋਟਿਸ ਭੇਜੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ।
ਪ੍ਰੋਡਿਊਸਰ ਤੇ ਡਾਇਰੈਕਟਰ ਨੂੰ ਵੀ ਘੇਰਨ ਦੀ ਮੰਗ
ਸ਼ਿਕਾਇਤਕਰਤਾਵਾਂ ਨੇ ਇਹ ਵੀ ਮੰਗ ਕੀਤੀ ਹੈ ਕਿ ਕੇਵਲ ਅਦਾਕਾਰ ਹੀ ਨਹੀਂ, ਸਗੋਂ ਵੈੱਬ ਸੀਰੀਜ਼ ਦੇ ਪ੍ਰੋਡਿਊਸਰ ਅਤੇ ਡਾਇਰੈਕਟਰ ਨੂੰ ਵੀ ਕਾਨੂੰਨੀ ਕਾਰਵਾਈ ਦੇ ਘੇਰੇ ਵਿੱਚ ਲਿਆਂਦਾ ਜਾਵੇ। ਉਨ੍ਹਾਂ ਦਾ ਮੰਨਣਾ ਹੈ ਕਿ ਅਜਿਹੀ ਸਮੱਗਰੀ ਨੂੰ ਮਨਜ਼ੂਰੀ ਦੇਣਾ ਵੀ ਉਤਨਾ ਹੀ ਗੰਭੀਰ ਮਾਮਲਾ ਹੈ ਜਿੰਨਾ ਉਸਨੂੰ ਪਰਦੇ ‘ਤੇ ਪੇਸ਼ ਕਰਨਾ।
ਧਾਰਮਿਕ ਅਤੇ ਸਮਾਜਕ ਸਨਮਾਨ ਦਾ ਵੀ ਮੁੱਦਾ ਬਣਿਆ
ਵਿਵਾਦ ਇਸ ਗੱਲ ਨੂੰ ਲੈ ਕੇ ਵੀ ਵਧ ਗਿਆ ਹੈ ਕਿ ਵੈੱਬ ਸੀਰੀਜ਼ ਵਿੱਚ ਮਹਿਲਾ ਪੁਲਿਸ ਮੁਲਾਜ਼ਮ ਦੇ ਕਿਰਦਾਰ ਲਈ ਵਰਤਿਆ ਗਿਆ ਨਾਮ ਧਾਰਮਿਕ ਅਤੇ ਸਤਿਕਾਰ ਨਾਲ ਜੋੜਿਆ ਜਾਂਦਾ ਹੈ। ਵਕੀਲਾਂ ਅਤੇ ਸਮਾਜਕ ਵਰਗਾਂ ਦਾ ਕਹਿਣਾ ਹੈ ਕਿ ਅਜਿਹੇ ਨਾਮਾਂ ਨਾਲ ਅਪਮਾਨਜਨਕ ਸੰਵਾਦ ਜੋੜਨਾ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਾ ਹੈ।

