ਚੰਡੀਗੜ੍ਹ :- ਪੰਜਾਬ ਵਿੱਚ ਮਾਨਸੂਨ ਦੀ ਸਰਗਰਮੀ ਜਾਰੀ ਹੈ। ਮੌਸਮ ਵਿਭਾਗ ਨੇ ਅੱਜ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਦੇ ਕੁਝ ਇਲਾਕਿਆਂ ਲਈ ਭਾਰੀ ਮੀਂਹ, ਬੱਦਲ ਗਰਜਣ ਅਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਸੂਬੇ ਦੇ ਹੋਰ ਸਾਰੇ ਜ਼ਿਲ੍ਹਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਪ੍ਰਗਟਾਈ ਗਈ ਹੈ, ਹਾਲਾਂਕਿ ਉਨ੍ਹਾਂ ਲਈ ਕੋਈ ਵਿਸ਼ੇਸ਼ ਅਲਰਟ ਜਾਰੀ ਨਹੀਂ ਕੀਤਾ ਗਿਆ।
ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ
ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਕਈ ਥਾਵਾਂ ‘ਤੇ ਦਰਮਿਆਨੀ ਵਰਖਾ ਹੋ ਸਕਦੀ ਹੈ। ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਵੀ ਕੁਝ ਥਾਵਾਂ ‘ਤੇ ਮੀਂਹ ਪੈਣ ਦੇ ਆਸਾਰ ਹਨ। ਇਸੇ ਤਰ੍ਹਾਂ ਫਿਰੋਜ਼ਪੁਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਦੇ ਛਿੱਟਪੁੱਟ ਇਲਾਕਿਆਂ ਵਿੱਚ ਵੀ ਵਰਖਾ ਹੋਣ ਦੀ ਸੰਭਾਵਨਾ ਹੈ।
ਅਗਲੇ ਤਿੰਨ ਦਿਨਾਂ ਦਾ ਮੌਸਮ
3 ਅਗਸਤ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੁਹਾਲੀ ਦੇ ਕੁਝ ਹਿੱਸਿਆਂ ਲਈ ਭਾਰੀ ਮੀਂਹ ਅਤੇ ਗਰਜ-ਚਮਕ ਦਾ ਯੈਲੋ ਅਲਰਟ ਜਾਰੀ ਰਹੇਗਾ। ਇਸ ਦਿਨ ਵੀ ਸੂਬੇ ਭਰ ਵਿੱਚ ਹਲਕੀ ਤੋਂ ਦਰਮਿਆਨੀ ਵਰਖਾ ਹੋਣ ਦੀ ਸੰਭਾਵਨਾ ਹੈ।
4 ਅਗਸਤ ਨੂੰ ਯੈਲੋ ਅਲਰਟ ਦਾ ਘੇਰਾ ਹੋਰ ਵਧੇਗਾ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਰੂਪਨਗਰ ਅਤੇ ਮੁਹਾਲੀ ਦੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ, ਬਿਜਲੀ ਚਮਕਣ ਅਤੇ ਗਰਜ ਨਾਲ ਵਰਖਾ ਦੀ ਸੰਭਾਵਨਾ ਹੈ। ਬਾਕੀ ਜ਼ਿਲ੍ਹਿਆਂ ਵਿੱਚ ਵੀ ਮੀਂਹ ਦੇ ਆਸਾਰ ਬਣੇ ਰਹਿਣਗੇ।
5 ਅਗਸਤ ਨੂੰ ਕਿਸੇ ਵੀ ਜ਼ਿਲ੍ਹੇ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ, ਪਰ ਪੂਰੇ ਪੰਜਾਬ ਵਿੱਚ ਹਲਕੀ ਤੋਂ ਦਰਮਿਆਨੀ ਵਰਖਾ ਹੋਣ ਦੀ ਸੰਭਾਵਨਾ ਬਰਕਰਾਰ ਰਹੇਗੀ।
ਤਾਪਮਾਨ ਵਿੱਚ ਹਲਕਾ ਵਾਧਾ
ਬੀਤੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ਵਿੱਚ ਲਗਭਗ 1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਹਾਲਾਂਕਿ ਤਾਪਮਾਨ ਆਮ ਪੱਧਰ ਦੇ ਨੇੜੇ ਹੀ ਰਿਹਾ। ਸਭ ਤੋਂ ਵੱਧ ਵੱਧੋ-ਵੱਧ ਤਾਪਮਾਨ ਬਠਿੰਡਾ ਵਿੱਚ 37 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

