ਚੰਡੀਗੜ੍ਹ :- ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹਿਆਂ ਲਈ ਅੱਜ ਮੌਸਮ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਦੇ ਦੂਰ-ਦੁਰਾਡੇ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੇ ਨਾਲ ਬੱਦਲ ਗਰਜਣ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਸੂਬੇ ਦੇ ਬਾਕੀ ਕਿਸੇ ਵੀ ਜ਼ਿਲ੍ਹੇ ਲਈ ਅੱਜ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ।
ਸੂਬੇ ਦੇ ਵੱਖ-ਵੱਖ ਹਿੱਸਿਆਂ ‘ਚ ਮੀਂਹ ਦੀ ਸੰਭਾਵਨਾ
ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸੇ ਤਰ੍ਹਾਂ ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਐਸ.ਏ.ਐਸ. ਨਗਰ ਵਿੱਚ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਮਾਲਵਾ ਖੇਤਰ ‘ਚ ਇੱਕਾ-ਦੁੱਕਾ ਥਾਵਾਂ ‘ਤੇ ਮੀਂਹ
ਤਰਨ ਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਇੱਕਾ-ਦੁੱਕਾ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਦੱਸੀ ਗਈ ਹੈ।
11 ਤੇ 12 ਅਗਸਤ ਨੂੰ ਕੋਈ ਮੌਸਮੀ ਅਲਰਟ ਨਹੀਂ
ਆਉਣ ਵਾਲੇ ਦੋ ਦਿਨਾਂ ਦੌਰਾਨ ਸੂਬੇ ਦੇ ਕਿਸੇ ਵੀ ਜ਼ਿਲ੍ਹੇ ਲਈ ਕੋਈ ਮੌਸਮੀ ਅਲਰਟ ਜਾਰੀ ਨਹੀਂ ਕੀਤਾ ਗਿਆ। ਹਾਲਾਂਕਿ 11 ਅਤੇ 12 ਅਗਸਤ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਬਣੀ ਹੋਈ ਹੈ।
13 ਅਗਸਤ ਨੂੰ ਮੁੜ ਤਿੰਨ ਜ਼ਿਲ੍ਹਿਆਂ ‘ਚ ਯੈਲੋ ਅਲਰਟ
13 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਦੇ ਦੂਰ-ਦੁਰਾਡੇ ਇਲਾਕਿਆਂ ਵਿੱਚ ਮੁੜ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਬੱਦਲ ਗਰਜਣ ਅਤੇ ਬਿਜਲੀ ਚਮਕਣ ਦੀ ਵੀ ਸੰਭਾਵਨਾ ਜਤਾਈ ਗਈ ਹੈ, ਜਿਸ ਦੇ ਮੱਦੇਨਜ਼ਰ ਇਨ੍ਹਾਂ ਤਿੰਨ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਬਾਕੀ ਜ਼ਿਲ੍ਹਿਆਂ ਲਈ ਕੋਈ ਅਲਰਟ ਨਹੀਂ ਹੈ, ਹਾਲਾਂਕਿ ਉੱਥੇ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਪੰਜਾਬ ਦੇ ਔਸਤ ਤਾਪਮਾਨ ‘ਚ 3.2 ਡਿਗਰੀ ਦਾ ਵਾਧਾ
ਇਸ ਦੌਰਾਨ ਬੀਤੇ ਦਿਨ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 3.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ ਤਾਪਮਾਨ ਆਮ ਦੇ ਨੇੜੇ ਰਿਹਾ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਸ੍ਰੀ ਅਨੰਦਪੁਰ ਸਾਹਿਬ ਵਿੱਚ 36 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

