ਚੰਡੀਗੜ੍ਹ :- ਪੰਜਾਬ ਵਿੱਚ ਮੌਨਸੂਨ ਦੀ ਰਫ਼ਤਾਰ ਹਾਲੇ ਪੂਰੀ ਤਰ੍ਹਾਂ ਨਹੀਂ ਬਣੀ, ਜਿਸ ਕਾਰਨ ਇੱਕ ਪਾਸੇ ਦੱਖਣੀ ਜ਼ਿਲ੍ਹਿਆਂ ਵਿੱਚ ਲੋਕ ਹੁੰਮਸ ਅਤੇ ਤਿੱਖੀ ਗਰਮੀ ਨਾਲ ਪਰੇਸ਼ਾਨ ਰਹਿਣਗੇ, ਜਦਕਿ ਦੂਜੇ ਪਾਸੇ ਉੱਤਰੀ ਅਤੇ ਕੇਂਦਰੀ ਹਿੱਸਿਆਂ ਵਿੱਚ ਅਗਲੇ ਕੁਝ ਦਿਨਾਂ ਦੌਰਾਨ ਮੀਂਹ ਦੀ ਸੰਭਾਵਨਾ ਬਣੀ ਹੋਈ ਹੈ। ਮੌਸਮ ਵਿਭਾਗ ਨੇ ਸ਼ੁੱਕਰਵਾਰ ਲਈ ਸੂਬੇ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਭਰੀ ਗਰਮੀ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ।
ਅੱਜ ਇਨ੍ਹਾਂ ਜ਼ਿਲ੍ਹਿਆਂ ਵਿੱਚ ਰਹੇਗਾ ਗਰਮੀ ਦਾ ਅਸਰ
ਮੌਸਮ ਵਿਭਾਗ ਮੁਤਾਬਕ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਦਿਨ ਭਰ ਗਰਮ ਅਤੇ ਹੁੰਮਸ ਵਾਲਾ ਮੌਸਮ ਬਣਿਆ ਰਹਿ ਸਕਦਾ ਹੈ। ਇਨ੍ਹਾਂ ਖੇਤਰਾਂ ਦੇ ਲੋਕਾਂ ਨੂੰ ਗਰਮੀ ਤੋਂ ਬਚਾਅ ਲਈ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।
ਕਈ ਜ਼ਿਲ੍ਹਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ
ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐਸਏਐਸ ਨਗਰ (ਮੁਹਾਲੀ) ਦੇ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੇ ਆਸਾਰ ਹਨ। ਮੌਸਮ ਵਿੱਚ ਇਹ ਤਬਦੀਲੀ ਕੁਝ ਖੇਤਰਾਂ ਨੂੰ ਗਰਮੀ ਤੋਂ ਰਾਹਤ ਦੇ ਸਕਦੀ ਹੈ।
18 ਜੁਲਾਈ ਨੂੰ ਵੀ ਗਰਮੀ ਦਾ ਅਲਰਟ ਰਹੇਗਾ ਜਾਰੀ
18 ਜੁਲਾਈ ਨੂੰ ਵੀ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਲਈ ਹੁੰਮਸ ਭਰੀ ਗਰਮੀ ਦਾ ਯੈਲੋ ਅਲਰਟ ਜਾਰੀ ਰਹੇਗਾ। ਇਸ ਦਿਨ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੁਹਾਲੀ) ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
19 ਜੁਲਾਈ ਨੂੰ ਅਲਰਟ ਨਹੀਂ, ਪਰ ਮੀਂਹ ਦੇ ਆਸਾਰ
19 ਜੁਲਾਈ ਲਈ ਕਿਸੇ ਵੀ ਤਰ੍ਹਾਂ ਦਾ ਮੌਸਮੀ ਅਲਰਟ ਜਾਰੀ ਨਹੀਂ ਕੀਤਾ ਗਿਆ। ਇਸ ਦੇ ਬਾਵਜੂਦ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਬਣੀ ਹੋਈ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ (ਮੁਹਾਲੀ), ਤਰਨ ਤਾਰਨ, ਮੋਗਾ, ਬਰਨਾਲਾ ਅਤੇ ਸੰਗਰੂਰ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ।
20 ਜੁਲਾਈ ਨੂੰ 6 ਜ਼ਿਲ੍ਹਿਆਂ ਲਈ ਭਾਰੀ ਮੀਂਹ ਦਾ ਯੈਲੋ ਅਲਰਟ
20 ਜੁਲਾਈ ਨੂੰ ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਰੂਪਨਗਰ ਅਤੇ ਐਸਏਐਸ ਨਗਰ (ਮੁਹਾਲੀ) ਦੇ ਕੁਝ ਇਲਾਕਿਆਂ ਲਈ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ।
ਤਾਪਮਾਨ ਆਮ ਨਾਲੋਂ ਅਜੇ ਵੀ ਉੱਚਾ
ਬੀਤੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ਵਿੱਚ 0.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਮੌਜੂਦਾ ਤਾਪਮਾਨ ਆਮ ਨਾਲੋਂ ਲਗਭਗ 2.8 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਸਭ ਤੋਂ ਵੱਧ ਤਾਪਮਾਨ ਬਠਿੰਡਾ ਹਵਾਈ ਅੱਡੇ ‘ਤੇ 41.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਿਸ ਕਾਰਨ ਇਲਾਕੇ ਵਿੱਚ ਗਰਮੀ ਦਾ ਪ੍ਰਭਾਵ ਸਭ ਤੋਂ ਵੱਧ ਰਿਹਾ।

