ਬਰਨਾਲਾ :- ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਆਪਣੇ ਤਾਜਪੋਸ਼ੀ ਸਮਾਗਮ ਦੌਰਾਨ ਸਾਬਕਾ ਅਕਾਲੀ ਆਗੂ ਮਰਹੂਮ ਮਲਕੀਤ ਸਿੰਘ ਕੀਤੂ ਬਾਰੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਸਿਆਸੀ ਵਿਵਾਦ ਗਹਿਰਾ ਗਿਆ ਹੈ। ਇਸ ਮਾਮਲੇ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਬਰਨਾਲਾ ਆਗੂਆਂ ਨੇ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਵਿਖੇ ਪ੍ਰੈਸ ਕਾਨਫਰੰਸ ਕਰਕੇ ਤਿੱਖਾ ਵਿਰੋਧ ਦਰਜ ਕਰਵਾਇਆ।
ਮਲਕੀਤ ਸਿੰਘ ਕੀਤੂ ਨੂੰ ਦੱਸਿਆ ਲੋਕਾਂ ਦਾ ਹਰਮਨ ਪਿਆਰਾ ਆਗੂ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਬਰਨਾਲਾ ਦੇ ਇੰਚਾਰਜ ਕੁਲਵੰਤ ਸਿੰਘ ਕੀਤੂ, ਐਡਵੋਕੇਟ ਸਤਨਾਮ ਸਿੰਘ ਰਾਹੀ, ਜਥੇਦਾਰ ਨਾਥ ਸਿੰਘ ਹਮੀਦੀ, ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਸੰਤ ਬਲਵੀਰ ਸਿੰਘ ਘੁੰਨਸ, ਜਥੇਦਾਰ ਪਰਮਜੀਤ ਸਿੰਘ ਖਾਲਸਾ, ਐਡਵੋਕੇਟ ਰੁਪਿੰਦਰ ਸਿੰਘ ਸੰਧੂ ਅਤੇ ਸੰਜੀਵ ਸ਼ੋਰੀ ਸਮੇਤ ਹੋਰ ਆਗੂਆਂ ਨੇ ਕਿਹਾ ਕਿ ਮਰਹੂਮ ਮਲਕੀਤ ਸਿੰਘ ਕੀਤੂ ਨੇ ਆਪਣਾ ਸਿਆਸੀ ਜੀਵਨ ਲੋਕ ਸੇਵਾ ਨੂੰ ਸਮਰਪਿਤ ਕੀਤਾ ਸੀ। ਉਨ੍ਹਾਂ ਕਿਹਾ ਕਿ ਉਹ ਗਰੀਬਾਂ ਅਤੇ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਅੱਗੇ ਰਹਿੰਦੇ ਸਨ, ਜਿਸ ਕਾਰਨ ਅੱਜ ਵੀ ਲੋਕ ਉਨ੍ਹਾਂ ਨੂੰ ਸਤਿਕਾਰ ਨਾਲ ਯਾਦ ਕਰਦੇ ਹਨ।
ਬਿਆਨ ਨੂੰ ਕਰਾਰ ਦਿੱਤਾ ਨਿੰਦਣਯੋਗ
ਅਕਾਲੀ ਆਗੂਆਂ ਨੇ ਦੋਸ਼ ਲਾਇਆ ਕਿ ਮਲਕੀਤ ਸਿੰਘ ਕੀਤੂ ਦੇ ਦੇਹਾਂਤ ਤੋਂ ਕਈ ਸਾਲਾਂ ਬਾਅਦ ਉਨ੍ਹਾਂ ਪ੍ਰਤੀ ਅਪਮਾਨਜਨਕ ਸ਼ਬਦ ਵਰਤਣਾ ਨਾ ਸਿਰਫ਼ ਗੈਰ-ਜ਼ਿੰਮੇਵਾਰਾਨਾ ਹੈ, ਸਗੋਂ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਦੀਆਂ ਭਾਵਨਾਵਾਂ ਨੂੰ ਵੀ ਠੇਸ ਪਹੁੰਚਾਉਣ ਵਾਲਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸ਼ਬਦਾਵਲੀ ਕਿਸੇ ਵੀ ਸਿਆਸੀ ਆਗੂ ਨੂੰ ਸ਼ੋਭਾ ਨਹੀਂ ਦਿੰਦੀ।
ਅਕਾਲੀ ਦਲ ਨੇ ਦਿੱਤੀ ਇਕ ਹਫ਼ਤੇ ਦੀ ਮਿਆਦ
ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਕੇਵਲ ਸਿੰਘ ਢਿੱਲੋਂ ਨੇ ਇੱਕ ਹਫ਼ਤੇ ਦੇ ਅੰਦਰ ਜਨਤਕ ਤੌਰ ’ਤੇ ਮੁਆਫ਼ੀ ਨਾ ਮੰਗੀ ਤਾਂ ਸ਼੍ਰੋਮਣੀ ਅਕਾਲੀ ਦਲ ਅਗਲੀ ਰਣਨੀਤੀ ਤਹਿਤ ਸਖ਼ਤ ਕਦਮ ਚੁੱਕਣ ਬਾਰੇ ਫ਼ੈਸਲਾ ਲਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਆਪਣੇ ਆਗੂਆਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ।

