ਅੰਮ੍ਰਿਤਸਰ :- ਨਿਊਜ਼ੀਲੈਂਡ ਦੇ ਸਾਊਥ ਔਕਲੈਂਡ ਖੇਤਰ ਦੇ ਮਾਨੂਰੇਵਾ ਕਸਬੇ ਵਿੱਚ ਸਿੱਖ ਸੰਗਤ ਵੱਲੋਂ ਧਾਰਮਿਕ ਮਰਿਆਦਾ ਅਨੁਸਾਰ ਸਜਾਏ ਜਾ ਰਹੇ ਨਗਰ ਕੀਰਤਨ ਦੇ ਵਿਰੋਧ ਦੀ ਘਟਨਾ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ।
ਨਫ਼ਰਤੀ ਸੋਚ ਨਾਲ ਭਾਈਚਾਰਕ ਸਾਂਝ ਨੂੰ ਚੁਣੌਤੀ: ਜਥੇਦਾਰ
ਜਥੇਦਾਰ ਗੜਗੱਜ ਨੇ ਕਿਹਾ ਕਿ ਕੁਝ ਸ਼ਰਾਰਤੀ ਤੱਤਾਂ ਵੱਲੋਂ ਜਾਣਬੁੱਝ ਕੇ ਸਿੱਖਾਂ ਦੀ ਪਵਿੱਤਰ ਧਾਰਮਿਕ ਪਰੰਪਰਾ ਨੂੰ ਨਿਸ਼ਾਨਾ ਬਣਾਉਣਾ ਨਾ ਸਿਰਫ਼ ਸਿੱਖ ਭਾਈਚਾਰੇ ਲਈ, ਸਗੋਂ ਨਿਊਜ਼ੀਲੈਂਡ ਦੇ ਬਹੁ-ਸੱਭਿਆਚਾਰਕ ਸਮਾਜ ਲਈ ਵੀ ਚਿੰਤਾਜਨਕ ਹੈ। ਉਨ੍ਹਾਂ ਦੱਸਿਆ ਕਿ ਇਸ ਵਿਰੋਧ ਦੀ ਅਗਵਾਈ ਇੱਕ ਵਿਵਾਦਤ ਵਿਅਕਤੀ ਬ੍ਰਾਇਨ ਤਾਮਾਕੀ ਵੱਲੋਂ ਕੀਤੇ ਜਾਣ ਦੇ ਦਾਅਵੇ ਹੋ ਰਹੇ ਹਨ, ਜੋ ਸਥਾਨਕ ਰਵਾਇਤਾਂ ਦੀ ਆੜ ਹੇਠ ਨਫ਼ਰਤ ਫੈਲਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।
ਸਰਕਾਰਾਂ ਦੀ ਜ਼ਿੰਮੇਵਾਰੀ—ਅਜਿਹੇ ਅਨਸਰਾਂ ’ਤੇ ਲਗਾਮ ਲੱਗੇ
ਜਥੇਦਾਰ ਗੜਗੱਜ ਨੇ ਨਿਊਜ਼ੀਲੈਂਡ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਕਾਰਵਾਈਆਂ ਦਾ ਤੁਰੰਤ ਨੋਟਿਸ ਲੈ ਕੇ ਸਮਾਜਿਕ ਸਾਂਝ ਨੂੰ ਨੁਕਸਾਨ ਪਹੁੰਚਾਉਣ ਵਾਲੇ ਅਨਸਰਾਂ ਨੂੰ ਰੋਕੇ। ਉਨ੍ਹਾਂ ਕਿਹਾ ਕਿ ਧਾਰਮਿਕ ਆਜ਼ਾਦੀ ਕਿਸੇ ਵੀ ਲੋਕਤੰਤਰਕ ਦੇਸ਼ ਦੀ ਮੂਲ ਪਹਚਾਨ ਹੁੰਦੀ ਹੈ ਅਤੇ ਇਸ ਦੀ ਰੱਖਿਆ ਕਰਨੀ ਸਥਾਨਕ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ।
ਭਾਰਤ ਅਤੇ ਨਿਊਜ਼ੀਲੈਂਡ ਦੇ ਉੱਚ ਅਹੁਦੇਦਾਰਾਂ ਨੂੰ ਵੀ ਅਪੀਲ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ, ਵਿਦੇਸ਼ ਮੰਤਰੀ ਵਿੰਸਟਨ ਪੀਟਰਜ਼ ਅਤੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ’ਚ ਦਖ਼ਲ ਦੇ ਕੇ ਇਹ ਯਕੀਨੀ ਬਣਾਉਣ ਕਿ ਕੁਝ ਸ਼ਰਾਰਤੀ ਤੱਤ ਦੋਹਾਂ ਦੇਸ਼ਾਂ ਅਤੇ ਭਾਈਚਾਰਿਆਂ ਵਿਚਕਾਰ ਮਿੱਤਰਤਾ ਨੂੰ ਨੁਕਸਾਨ ਨਾ ਪਹੁੰਚਾ ਸਕਣ।
ਨਗਰ ਕੀਰਤਨ ਸਰਕਾਰੀ ਮਨਜ਼ੂਰੀ ਨਾਲ ਹੁੰਦੇ ਨੇ ਸਜਾਏ
ਜਥੇਦਾਰ ਗੜਗੱਜ ਨੇ ਸਪਸ਼ਟ ਕੀਤਾ ਕਿ ਨਗਰ ਕੀਰਤਨ ਹਮੇਸ਼ਾ ਸਥਾਨਕ ਪ੍ਰਸ਼ਾਸਨ ਦੀ ਪ੍ਰਵਾਨਗੀ ਤੋਂ ਬਾਅਦ ਹੀ ਸਜਾਏ ਜਾਂਦੇ ਹਨ, ਇਸ ਲਈ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਨੈਤਿਕ ਅਤੇ ਕਾਨੂੰਨੀ ਜ਼ਿੰਮੇਵਾਰੀ ਹੈ। ਉਨ੍ਹਾਂ ਦੱਸਿਆ ਕਿ ਸਿੱਖ ਹਰ ਧਰਮ ਦਾ ਸਤਿਕਾਰ ਕਰਦੇ ਹਨ ਅਤੇ ਇਸੇ ਭਾਵ ਨਾਲ ਹੋਰਾਂ ਤੋਂ ਵੀ ਸਿੱਖਾਂ ਦੀ ਧਾਰਮਿਕ ਆਜ਼ਾਦੀ ਦਾ ਆਦਰ ਕਰਨ ਦੀ ਉਮੀਦ ਕੀਤੀ ਜਾਂਦੀ ਹੈ।
ਮਾਓਰੀ ਭਾਈਚਾਰੇ ਨਾਲ ਸਾਂਝ, ਇਕੱਲੇ ਸਮੂਹ ਦੀ ਸ਼ਰਾਰਤ
ਜਥੇਦਾਰ ਨੇ ਕਿਹਾ ਕਿ ਨਿਊਜ਼ੀਲੈਂਡ ਵਿੱਚ ਵੱਸਦੇ ਸਿੱਖਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸਥਾਨਕ ਮਾਓਰੀ ਭਾਈਚਾਰਾ ਸਿੱਖਾਂ ਨਾਲ ਸਦਾ ਸਾਂਝ ਅਤੇ ਸਦਭਾਵਨਾ ਨਾਲ ਰਹਿੰਦਾ ਆਇਆ ਹੈ ਅਤੇ ਤਾਜ਼ਾ ਘਟਨਾ ਪਿੱਛੇ ਸਿਰਫ਼ ਇੱਕ ਛੋਟਾ ਸ਼ਰਾਰਤੀ ਸਮੂਹ ਹੀ ਜ਼ਿੰਮੇਵਾਰ ਹੈ।
ਗੁਰਦੁਆਰਾ ਕਮੇਟੀਆਂ ਪ੍ਰਸ਼ਾਸਨ ਨਾਲ ਸੰਪਰਕ ’ਚ
ਉਨ੍ਹਾਂ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਨਿਊਜ਼ੀਲੈਂਡ ਦੇ 25 ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕੀ ਕਮੇਟੀਆਂ ਸਥਾਨਕ ਸਰਕਾਰ ਅਤੇ ਪੁਲਸ ਨਾਲ ਲਗਾਤਾਰ ਸੰਪਰਕ ਵਿੱਚ ਹਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਨ੍ਹਾਂ ਨੂੰ ਪੂਰਨ ਸਮਰਥਨ ਦਿੱਤਾ ਗਿਆ ਹੈ।
ਸੰਵਾਦ ਰਾਹੀਂ ਹੱਲ ਕੱਢਣ ਦੀ ਅਪੀਲ
ਜਥੇਦਾਰ ਗੜਗੱਜ ਨੇ ਨਿਊਜ਼ੀਲੈਂਡ ਦੇ ਆਗੂ ਸਿੱਖਾਂ ਨੂੰ ਹਦਾਇਤ ਕੀਤੀ ਕਿ ਉਹ ਉੱਥੋਂ ਦੇ ਪ੍ਰਧਾਨ ਮੰਤਰੀ, ਸਥਾਨਕ ਆਗੂਆਂ ਅਤੇ ਮਾਓਰੀ ਭਾਈਚਾਰੇ ਦੇ ਨੇਤਾਵਾਂ ਨਾਲ ਮਿਲ ਬੈਠ ਕੇ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੱਢਣ ਅਤੇ ਸਿੱਖੀ ਕਦਰਾਂ-ਕੀਮਤਾਂ ਬਾਰੇ ਜਾਣਕਾਰੀ ਸਾਂਝੀ ਕਰਨ, ਤਾਂ ਜੋ ਭਵਿੱਖ ਵਿੱਚ ਅਜਿਹੀ ਸਥਿਤੀ ਦੁਬਾਰਾ ਪੈਦਾ ਨਾ ਹੋਵੇ।

