ਅੰਮ੍ਰਿਤਸਰ :- ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਨਾਜਾਇਜ਼ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਕੋਲੋਂ 10 ਪਿਸਤੌਲ ਅਤੇ 1.022 ਕਿੱਲੋ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਮਾਮਲੇ ਦੀ ਜਾਂਚ ਦੌਰਾਨ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਹਥਿਆਰਾਂ ਦੀ ਸਪਲਾਈ ਦੇ ਸਰੋਤਾਂ ਬਾਰੇ ਪਤਾ ਲਗਾਇਆ ਜਾ ਰਿਹਾ ਹੈ।
ਤਿੰਨ ਗਲੌਕ ਸਮੇਤ 10 ਪਿਸਤੌਲ ਬਰਾਮਦ
ਪੰਜਾਬ ਪੁਲਸ ਅਨੁਸਾਰ ਬਰਾਮਦ ਕੀਤੇ ਹਥਿਆਰਾਂ ਵਿੱਚ 9 ਐੱਮ.ਐੱਮ. ਦੇ ਤਿੰਨ ਗਲੌਕ ਪਿਸਤੌਲ ਅਤੇ .30 ਬੋਰ ਦੇ ਸੱਤ ਪਿਸਤੌਲ ਸ਼ਾਮਲ ਹਨ। ਇਸ ਤੋਂ ਇਲਾਵਾ 1.022 ਕਿੱਲੋ ਹੈਰੋਇਨ ਵੀ ਬਰਾਮਦ ਹੋਈ ਹੈ। ਪੁਲਸ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਹਥਿਆਰ ਅਤੇ ਨਸ਼ੀਲੇ ਪਦਾਰਥ ਕਿੱਥੋਂ ਲਿਆਂਦੇ ਗਏ ਸਨ।
ਵਿਦੇਸ਼ ਬੈਠੇ ਤਸਕਰਾਂ ਨਾਲ ਸੰਪਰਕ ਹੋਣ ਦਾ ਸ਼ੱਕ
ਜਾਂਚ ਦੇ ਮੁੱਢਲੇ ਪੜਾਅ ਵਿੱਚ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਗ੍ਰਿਫ਼ਤਾਰ ਵਿਅਕਤੀ ਵਿਦੇਸ਼ ਵਿੱਚ ਬੈਠੇ ਅਜਿਹੇ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਦੇ ਹਨ। ਪੁਲਸ ਨੂੰ ਸ਼ੱਕ ਹੈ ਕਿ ਇਹ ਹਥਿਆਰ ਅੱਗੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਤੱਕ ਪਹੁੰਚਾਏ ਜਾਂਦੇ ਸਨ।