ਅੰਮ੍ਰਿਤਸਰ :- ਅੰਮ੍ਰਿਤਸਰ ਵਿੱਚ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਨਸ਼ਾ ਤਸਕਰੀ ਦੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 10 ਕਿਲੋ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਮੁੱਢਲੀ ਜਾਂਚ ਮੁਤਾਬਕ, ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ ਵਿੱਚ ਬੈਠੇ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਪੰਜਾਬ ਵਿੱਚ ਹੈਰੋਇਨ ਦੀਆਂ ਖੇਪਾਂ ਮੰਗਵਾਉਣ ਤੇ ਅੱਗੇ ਵੰਡਣ ਦਾ ਕੰਮ ਕਰਦੇ ਸਨ।
ਵਿਦੇਸ਼ੀ ਤਸਕਰਾਂ ਨਾਲ ਸਬੰਧਾਂ ਦੀ ਜਾਂਚ
ਪੰਜਾਬ ਪੁਲਸ ਅਨੁਸਾਰ, ਇਸ ਮਾਮਲੇ ਵਿੱਚ ਅੰਮ੍ਰਿਤਸਰ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਥਾਣੇ ਵਿੱਚ ਐੱਫਆਈਆਰ ਦਰਜ ਕੀਤੀ ਗਈ ਹੈ। ਜਾਂਚ ਏਜੰਸੀਆਂ ਹੁਣ ਇਸ ਨੈੱਟਵਰਕ ਨਾਲ ਜੁੜੀਆਂ ਅਗਲੀਆਂ ਅਤੇ ਪਿਛਲੀਆਂ ਕੜੀਆਂ ਦਾ ਪਤਾ ਲਗਾਉਣ ਵਿੱਚ ਜੁਟੀਆਂ ਹੋਈਆਂ ਹਨ।
ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਦੀ ਭਾਲ
ਪੁਲਸ ਵੱਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਤਸਕਰੀ ਵਿੱਚ ਹੋਰ ਕਿਹੜੇ ਵਿਅਕਤੀ ਸ਼ਾਮਲ ਹਨ ਅਤੇ ਨਸ਼ੇ ਦੀਆਂ ਖੇਪਾਂ ਕਿੱਥੋਂ ਆ ਰਹੀਆਂ ਸਨ। ਪੁਲਸ ਦਾ ਕਹਿਣਾ ਹੈ ਕਿ ਜਾਂਚ ਦਾ ਮਕਸਦ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਨੂੰ ਤੋੜਨਾ ਹੈ।