ਅੰਮ੍ਰਿਤਸਰ :- ਰਮਦਾਸ ਨਗਰ ਕੌਂਸਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 11 ਵਿੱਚੋਂ 10 ਵਾਰਡਾਂ ‘ਤੇ ਜਿੱਤ ਦਰਜ ਕੀਤੀ ਹੈ। ਨਤੀਜੇ ਐਲਾਨੇ ਜਾਣ ਮਗਰੋਂ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਕਈ ਥਾਵਾਂ ‘ਤੇ ਜਸ਼ਨ ਮਨਾਏ ਗਏ। ਇਸ ਜਿੱਤ ਨੂੰ ਇਲਾਕੇ ਦੀ ਰਾਜਨੀਤੀ ਵਿੱਚ ਵੱਡੇ ਬਦਲਾਅ ਵਜੋਂ ਦੇਖਿਆ ਜਾ ਰਿਹਾ ਹੈ।
ਲੋਕਾਂ ਨੇ ਵਿਕਾਸ ਦੀ ਰਾਜਨੀਤੀ ਨੂੰ ਦਿੱਤਾ ਸਮਰਥਨ
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਜਿੱਤ ਤੋਂ ਬਾਅਦ ਰਮਦਾਸ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਫਤਿਹ ਲੋਕਾਂ ਦੇ ਭਰੋਸੇ ਅਤੇ ਵਿਕਾਸ ਪੱਖੀ ਸੋਚ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਅਜਨਾਲਾ ਹਲਕੇ ਅਧੀਨ ਆਉਂਦੀ ਰਮਦਾਸ ਨਗਰ ਕੌਂਸਲ ਵਿੱਚ ਪਾਰਟੀ ਨੂੰ ਮਿਲਿਆ ਸਮਰਥਨ ਸਾਬਤ ਕਰਦਾ ਹੈ ਕਿ ਲੋਕ ਹੁਣ ਇਮਾਨਦਾਰ ਅਤੇ ਕੰਮ ਕਰਨ ਵਾਲੀ ਸਰਕਾਰ ਦੇ ਨਾਲ ਖੜ੍ਹੇ ਹਨ।
ਵਿਰੋਧੀ ਪਾਰਟੀਆਂ ‘ਤੇ ਵੀ ਸਾਧਿਆ ਨਿਸ਼ਾਨਾ
ਧਾਲੀਵਾਲ ਨੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ‘ਤੇ ਤੰਜ ਕੱਸਦਿਆਂ ਕਿਹਾ ਕਿ ਵਿਰੋਧੀ ਧਿਰਾਂ ਨੇ ਇਕੱਠੇ ਹੋ ਕੇ ਚੋਣ ਮੈਦਾਨ ਵਿੱਚ ਉਤਰਣ ਦੀ ਕੋਸ਼ਿਸ਼ ਕੀਤੀ, ਪਰ ਲੋਕਾਂ ਨੇ ਉਨ੍ਹਾਂ ਦੀ ਰਾਜਨੀਤੀ ਨੂੰ ਸਵੀਕਾਰ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਪੁਰਾਣੀ ਸਿਆਸਤ ਤੋਂ ਉੱਪਰ ਉੱਠ ਕੇ ਵਿਕਾਸ ਅਤੇ ਪਾਰਦਰਸ਼ੀ ਪ੍ਰਸ਼ਾਸਨ ਨੂੰ ਤਰਜੀਹ ਦੇ ਰਹੀ ਹੈ।
ਸ਼ਹਿਰ ਦੇ ਵਿਕਾਸ ਲਈ ਕੀਤੇ ਜਾਣਗੇ ਨਵੇਂ ਕੰਮ
ਉਨ੍ਹਾਂ ਦੱਸਿਆ ਕਿ ਵਾਰਡ ਨੰਬਰ 8 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੇ ਜਿੱਤ ਦਰਜ ਕੀਤੀ ਹੈ ਅਤੇ ਉਨ੍ਹਾਂ ਨੂੰ ਵੀ ਵਧਾਈ ਦਿੱਤੀ। ਧਾਲੀਵਾਲ ਨੇ ਕਿਹਾ ਕਿ ਰਮਦਾਸ ਨੂੰ ਵਿਕਾਸ ਪੱਖੋਂ ਮਿਸਾਲੀ ਸ਼ਹਿਰ ਬਣਾਉਣ ਲਈ ਜਲਦ ਹੀ ਨਵੇਂ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ।
ਸਿੱਖਿਆ ਅਤੇ ਸਿਹਤ ਨੂੰ ਮਿਲੇਗੀ ਤਰਜੀਹ
ਵਿਧਾਇਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ, ਸਿਹਤ ਸਹੂਲਤਾਂ ਅਤੇ ਸੁਚੱਜੇ ਪ੍ਰਸ਼ਾਸਨ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਲੋਕਾਂ ਨੂੰ ਸ਼ਹਿਰੀ ਸਹੂਲਤਾਂ ਵਿੱਚ ਵੱਡੇ ਬਦਲਾਅ ਦੇਖਣ ਨੂੰ ਮਿਲਣਗੇ।

