ਨਵੀਂ ਦਿੱਲੀ :- ਪੰਜਾਬ ਕਾਂਗਰਸ ਅੰਦਰ ਚੱਲ ਰਹੀ ਖਿੱਚੋਤਾਣ ਦਰਮਿਆਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਸੰਸਦ ਦੇ ਬਾਹਰ ਕਾਂਗਰਸ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੁਗੋਪਾਲ ਵੀ ਮੌਜੂਦ ਸਨ। ਬਾਜਵਾ ਅਤੇ ਰਾਹੁਲ ਗਾਂਧੀ ਵਿਚਾਲੇ ਕੁਝ ਸਮੇਂ ਤੱਕ ਗੱਲਬਾਤ ਹੋਈ।
ਵਿਧਾਇਕਾਂ ਦੀ ਮੀਟਿੰਗ ਤੋਂ ਬਾਅਦ ਵਧੀ ਸਿਆਸੀ ਹਲਚਲ
ਇਹ ਮੁਲਾਕਾਤ ਅਜਿਹੇ ਸਮੇਂ ਹੋਈ ਹੈ ਜਦੋਂ ਕੁਝ ਦਿਨ ਪਹਿਲਾਂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਕਾਂਗਰਸ ਦੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਸੀ। ਮੀਟਿੰਗ ਤੋਂ ਬਾਅਦ ਵਿਧਾਇਕਾਂ ਵੱਲੋਂ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਦਾ ਫ਼ੈਸਲਾ ਲਿਆ ਗਿਆ ਸੀ। ਇਸ ਲਈ ਉਨ੍ਹਾਂ ਨੇ ਪਾਰਟੀ ਆਗੂ ਨੂੰ ਪੱਤਰ ਲਿਖ ਕੇ ਮਿਲਣ ਦਾ ਸਮਾਂ ਵੀ ਮੰਗਿਆ ਸੀ।
ਹੁਣ ਬਾਜਵਾ ਦੀ ਰਾਹੁਲ ਗਾਂਧੀ ਨਾਲ ਹੋਈ ਮੁਲਾਕਾਤ ਨੂੰ ਇਸੇ ਘਟਨਾਕ੍ਰਮ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਰੰਧਾਵਾ ਦੇ ਘਰ ਆਗੂਆਂ ਦਾ ਇਕੱਠ
ਇਸ ਦੌਰਾਨ ਪੰਜਾਬ ਕਾਂਗਰਸ ਦੀ ਅੰਦਰੂਨੀ ਸਿਆਸਤ ਨੂੰ ਲੈ ਕੇ ਬੀਤੀ ਰਾਤ ਵੀ ਸਰਗਰਮੀਆਂ ਜਾਰੀ ਰਹੀਆਂ। ਸੂਤਰਾਂ ਅਨੁਸਾਰ ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ ’ਤੇ ਚਰਨਜੀਤ ਸਿੰਘ ਚੰਨੀ ਧੜੇ ਨਾਲ ਜੁੜੇ ਆਗੂਆਂ ਦੀ ਮੀਟਿੰਗ ਹੋਈ। ਡਿਨਰ ਮੌਕੇ ਹੋਏ ਇਸ ਇਕੱਠ ਵਿੱਚ ਵਿਧਾਇਕ ਪਰਗਟ ਸਿੰਘ, ਰਾਣਾ ਗੁਰਜੀਤ ਸਿੰਘ, ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਅਤੇ ਡਾ. ਧਰਮਵੀਰ ਗਾਂਧੀ ਸਮੇਤ ਕਈ ਆਗੂ ਸ਼ਾਮਲ ਹੋਏ।
ਭੂਪੇਸ਼ ਬਘੇਲ ਦੇ ਦੌਰੇ ਤੋਂ ਬਾਅਦ ਪਾਰਟੀ ਅੰਦਰ ਚਰਚਾ ਤੇਜ਼
ਭੂਪੇਸ਼ ਬਘੇਲ ਦੇ ਨੌਂ ਦਿਨਾਂ ਦੇ ਪੰਜਾਬ ਦੌਰੇ ਤੋਂ ਬਾਅਦ ਕਾਂਗਰਸ ਦੀ ਸੂਬਾਈ ਇਕਾਈ ਵਿੱਚ ਚੱਲ ਰਹੀ ਅੰਦਰੂਨੀ ਸਿਆਸਤ ਮੁੜ ਚਰਚਾ ਵਿੱਚ ਆ ਗਈ ਹੈ। ‘ਹਰ ਬੂਥ-ਕਾਂਗਰਸ ਮਜ਼ਬੂਤ’ ਮੁਹਿੰਮ ਦੌਰਾਨ ਚਰਨਜੀਤ ਸਿੰਘ ਚੰਨੀ ਅਤੇ ਉਨ੍ਹਾਂ ਨਾਲ ਜੁੜੇ ਆਗੂਆਂ ਦੇ ਹੱਕ ਵਿੱਚ ਨਾਅਰੇ ਲੱਗਣ ਤੋਂ ਬਾਅਦ ਪਾਰਟੀ ਅੰਦਰ ਪੰਜਾਬ ਕਾਂਗਰਸ ਦੀ ਅਗਵਾਈ ਨੂੰ ਲੈ ਕੇ ਵੀ ਚਰਚਾ ਤੇਜ਼ ਹੋਈ ਹੈ।
23 ਜ਼ਿਲ੍ਹਿਆਂ ਤੋਂ ਫੀਡਬੈਕ ਲੈ ਰਹੀਆਂ ਪੰਜ ਟੀਮਾਂ
ਇਸੇ ਦੌਰਾਨ ਜਾਣਕਾਰੀ ਮੁਤਾਬਕ ਰਾਹੁਲ ਗਾਂਧੀ ਵੱਲੋਂ ਪੰਜਾਬ ਵਿੱਚ ਜ਼ਮੀਨੀ ਪੱਧਰ ਦੀ ਸਥਿਤੀ ਬਾਰੇ ਫੀਡਬੈਕ ਇਕੱਠਾ ਕਰਨ ਲਈ ਪਾਰਟੀ ਦੀਆਂ ਟੀਮਾਂ ਨੂੰ ਸਰਗਰਮ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜ ਟੀਮਾਂ ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਜਾ ਕੇ ਪਾਰਟੀ ਆਗੂਆਂ ਅਤੇ ਵਰਕਰਾਂ ਤੋਂ ਪੰਜਾਬ ਕਾਂਗਰਸ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਲੈ ਰਹੀਆਂ ਹਨ।
ਅਗਸਤ ’ਚ ਆ ਸਕਦਾ ਹੈ ਫ਼ੈਸਲਾ
ਸੂਤਰਾਂ ਅਨੁਸਾਰ ਟੀਮਾਂ ਵੱਲੋਂ ਇਕੱਠੀ ਕੀਤੀ ਜਾਣਕਾਰੀ ਦੇ ਆਧਾਰ ’ਤੇ ਰਿਪੋਰਟ ਤਿਆਰ ਕਰਕੇ ਰਾਹੁਲ ਗਾਂਧੀ ਦੇ ਦਫ਼ਤਰ ਨੂੰ ਸੌਂਪੀ ਜਾ ਸਕਦੀ ਹੈ। ਇਸ ਤੋਂ ਬਾਅਦ ਪੰਜਾਬ ਕਾਂਗਰਸ ਦੀ ਮੌਜੂਦਾ ਸਥਿਤੀ ਅਤੇ ਸੂਬਾਈ ਅਗਵਾਈ ਨੂੰ ਲੈ ਕੇ ਹਾਈਕਮਾਂਡ ਵੱਲੋਂ ਅਗਸਤ ਮਹੀਨੇ ਦੌਰਾਨ ਕੋਈ ਅਹਿਮ ਫ਼ੈਸਲਾ ਲਏ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

