ਬਾਬਾ ਬਕਾਲਾ ਸਾਹਿਬ :- ਨੇੜਲੇ ਪਿੰਡ ਨਾਨਕਪੁਰਾ (ਭੋਰਛੀ ਨੇੜੇ) ਸਥਿਤ ਗੁਰਦੁਆਰਾ ਸਾਹਿਬ ਵਿੱਚ ਇੱਕ ਵਿਅਕਤੀ ਵੱਲੋਂ ਮਰਿਆਦਾ ਦੀ ਉਲੰਘਣਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੌਰਾਨ ਉਕਤ ਵਿਅਕਤੀ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋ ਕੇ ਸਿੰਘਾਸਨ ਸਾਹਿਬ ‘ਤੇ ਚੜ੍ਹ ਗਿਆ। ਮੌਕੇ ‘ਤੇ ਮੌਜੂਦ ਸੰਗਤ ਨੇ ਤੁਰੰਤ ਉਸ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ।
ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਕੀਤੀ ਸ਼ੁਰੂ
ਥਾਣਾ ਮੁਖੀ ਮੁਖਤਿਆਰ ਸਿੰਘ ਨੇ ਦੱਸਿਆ ਕਿ ਪਿੰਡ ਭੋਰਛੀ ਰਾਜਪੂਤਾਂ ਪੱਤੀ ਨਾਨਕਪੁਰਾ ਦੇ ਰਹਿਣ ਵਾਲੇ ਗੁਰਦੀਪ ਸਿੰਘ, ਨਵਪ੍ਰੀਤ ਸਿੰਘ ਅਤੇ ਰਾਵਲ ਸਿੰਘ ਵੱਲੋਂ ਮੁਲਜ਼ਮ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਗਿਆ। ਪੁਲਿਸ ਨੇ ਦੋਸ਼ੀ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਕੀਤਾ ਦੌਰਾ
ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਗੁਰਦੁਆਰਾ ਪਾਤਸ਼ਾਹੀ ਨੌਵੀਂ, ਬਾਬਾ ਬਕਾਲਾ ਸਾਹਿਬ ਦੇ ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਹੈੱਡ ਗ੍ਰੰਥੀ ਗਿਆਨੀ ਹਰਦੇਵ ਸਿੰਘ ਅਤੇ ਪ੍ਰਚਾਰਕ ਭਾਈ ਹਰਪ੍ਰੀਤ ਸਿੰਘ ਜੰਡਿਆਲਾ ਗੁਰੂ ਸਮੇਤ ਹੋਰ ਸਿੰਘ ਗੁਰਦੁਆਰਾ ਸਾਹਿਬ ਪੁੱਜੇ ਅਤੇ ਘਟਨਾ ਸਬੰਧੀ ਜਾਣਕਾਰੀ ਹਾਸਲ ਕੀਤੀ।
ਸਿੱਖ ਜਥੇਬੰਦੀਆਂ ਨੇ ਕੀਤੀ ਸਖ਼ਤ ਕਾਰਵਾਈ ਦੀ ਮੰਗ
ਘਟਨਾ ਤੋਂ ਬਾਅਦ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੀ ਗੁਰਦੁਆਰਾ ਸਾਹਿਬ ਪਹੁੰਚ ਕੇ ਮਾਮਲੇ ਦਾ ਜਾਇਜ਼ਾ ਲਿਆ। ਜਥੇਬੰਦੀਆਂ ਨੇ ਦੋਸ਼ੀ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ।

