ਚੰਡੀਗੜ੍ਹ :- ਪੰਜਾਬ ਸਰਕਾਰ ਨੇ ਸੂਬੇ ਦੇ ਸਿਹਤ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਵਿੱਤੀ ਸਾਲ ਲਈ 6,879 ਕਰੋੜ ਰੁਪਏ ਦਾ ਬਜਟ ਰਾਖਿਆ ਹੈ। ਇਸ ਬਜਟ ਦਾ ਮੁੱਖ ਉਦੇਸ਼ ਲੋਕਾਂ ਨੂੰ ਵਧੀਆ ਅਤੇ ਸਸਤੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ।
‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਮੁਫ਼ਤ ਇਲਾਜ ਦੀ ਸਹੂਲਤ
ਸਰਕਾਰ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ ਕਰੀਬ 65 ਲੱਖ ਪਰਿਵਾਰਾਂ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਮੁਫ਼ਤ ਸਿਹਤ ਬੀਮਾ ਦਿੱਤਾ ਜਾਵੇਗਾ। ਇਸ ਯੋਜਨਾ ਲਈ 2,000 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਨੂੰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਨਕਦ ਰਹਿਤ ਇਲਾਜ ਦੀ ਸਹੂਲਤ ਮਿਲੇਗੀ। ਇਹ ਯੋਜਨਾ ਸੂਬੇ ਦੇ 900 ਤੋਂ ਵੱਧ ਹਸਪਤਾਲਾਂ ਵਿੱਚ ਲਾਗੂ ਹੋਵੇਗੀ।
ਆਮ ਆਦਮੀ ਕਲੀਨਿਕਾਂ ਦਾ ਵਧੇਗਾ ਜਾਲ
ਸੂਬੇ ਵਿੱਚ ਚੱਲ ਰਹੀਆਂ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਵੀ ਵਧਾਈ ਜਾ ਰਹੀ ਹੈ। ਇਸ ਵੇਲੇ 881 ਕਲੀਨਿਕ ਕੰਮ ਕਰ ਰਹੀਆਂ ਹਨ, ਜਿਨ੍ਹਾਂ ਵਿੱਚੋਂ 565 ਪੇਂਡੂ ਅਤੇ 316 ਸ਼ਹਿਰੀ ਖੇਤਰਾਂ ਵਿੱਚ ਹਨ। ਹੁਣ ਤੱਕ ਇਨ੍ਹਾਂ ਕਲੀਨਿਕਾਂ ਵਿੱਚ ਲਗਭਗ 5 ਕਰੋੜ ਮਰੀਜ਼ ਇਲਾਜ ਕਰਵਾ ਚੁੱਕੇ ਹਨ, ਜਿਨ੍ਹਾਂ ਵਿੱਚੋਂ 55 ਫੀਸਦੀ ਮਹਿਲਾਵਾਂ ਹਨ।
ਸਰਕਾਰ ਵੱਲੋਂ 143 ਨਵੇਂ ਕਲੀਨਿਕ ਖੋਲ੍ਹਣ ਅਤੇ 308 ਸਿਹਤ ਕੇਂਦਰਾਂ ਨੂੰ ਅਪਗ੍ਰੇਡ ਕਰਨ ਦੀ ਯੋਜਨਾ ਹੈ, ਜਿਸ ਨਾਲ ਆਉਣ ਵਾਲੇ ਪੰਜ ਸਾਲਾਂ ਵਿੱਚ ਕੁੱਲ ਕਲੀਨਿਕਾਂ ਦੀ ਗਿਣਤੀ 1,432 ਤੱਕ ਪਹੁੰਚ ਜਾਵੇਗੀ। ਇਸ ਲਈ 351 ਕਰੋੜ ਰੁਪਏ ਰਾਖੇ ਗਏ ਹਨ।
ਹਸਪਤਾਲਾਂ ਵਿੱਚ ਆਧੁਨਿਕ ਸਾਜੋ-ਸਮਾਨ ਦੀ ਸਹੂਲਤ
ਸਰਕਾਰੀ ਹਸਪਤਾਲਾਂ ਦੀ ਸਹੂਲਤਾਂ ਨੂੰ ਸੁਧਾਰਨ ਲਈ 23 ਜ਼ਿਲ੍ਹਾ ਹਸਪਤਾਲਾਂ ਅਤੇ 42 ਸਬ-ਡਿਵੀਜ਼ਨਲ ਹਸਪਤਾਲਾਂ ਵਿੱਚ ਨਵਾਂ ਮੈਡੀਕਲ ਸਾਜੋ-ਸਮਾਨ ਲਗਾਇਆ ਜਾਵੇਗਾ। ਇਸ ਲਈ 300 ਕਰੋੜ ਰੁਪਏ ਦੀ ਰਕਮ ਰੱਖੀ ਗਈ ਹੈ, ਤਾਂ ਜੋ ਮਰੀਜ਼ਾਂ ਨੂੰ ਆਧੁਨਿਕ ਇਲਾਜ ਦੀਆਂ ਸਹੂਲਤਾਂ ਮਿਲ ਸਕਣ।
ਡਾਕਟਰਾਂ ਅਤੇ ਨਰਸਾਂ ਦੀ ਭਰਤੀ ਤੇਜ਼
ਸਿਹਤ ਖੇਤਰ ਵਿੱਚ ਕਰਮਚਾਰੀਆਂ ਦੀ ਘਾਟ ਨੂੰ ਪੂਰਾ ਕਰਨ ਲਈ ਸਰਕਾਰ ਨੇ ਭਰਤੀ ਪ੍ਰਕਿਰਿਆ ਨੂੰ ਵੀ ਤੇਜ਼ ਕੀਤਾ ਹੈ। 2022 ਤੋਂ ਬਾਅਦ ਹੁਣ ਤੱਕ 934 ਡਾਕਟਰ ਸੇਵਾ ਵਿੱਚ ਸ਼ਾਮਲ ਹੋ ਚੁੱਕੇ ਹਨ। ਇਸ ਤੋਂ ਇਲਾਵਾ ਜਲਦ ਹੀ 400 ਹੋਰ ਵਿਸ਼ੇਸ਼ਗਿਆ ਡਾਕਟਰਾਂ ਅਤੇ 500 ਨਰਸਾਂ ਦੀ ਭਰਤੀ ਕੀਤੀ ਜਾਵੇਗੀ।
ਲੋਕਾਂ ਲਈ ਸਿਹਤ ਸਹੂਲਤਾਂ ਹੋਣਗੀਆਂ ਹੋਰ ਸੁਗਮ
ਸਰਕਾਰ ਦਾ ਮੰਨਣਾ ਹੈ ਕਿ ਇਹ ਨਵੇਂ ਕਦਮ ਸੂਬੇ ਵਿੱਚ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਆਮ ਲੋਕਾਂ ਲਈ ਇਲਾਜ ਨੂੰ ਹੋਰ ਪਹੁੰਚ ਯੋਗ ਅਤੇ ਸਸਤਾ ਬਣਾਉਣ ਵਿੱਚ ਮਦਦਗਾਰ ਸਾਬਤ ਹੋਣਗੇ।

