ਮਾਨਸਾ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮਾਨਸਾ ਜ਼ਿਲ੍ਹੇ ਦੇ ਦੌਰੇ ‘ਤੇ ਪਹੁੰਚੇ, ਜਿੱਥੇ ਉਨ੍ਹਾਂ ਵੱਖ-ਵੱਖ ਵਿਕਾਸ ਯੋਜਨਾਵਾਂ ਦੀ ਸ਼ੁਰੂਆਤ ਕੀਤੀ। ਸਰਦੂਲਗੜ੍ਹ ਵਿਧਾਨ ਸਭਾ ਹਲਕੇ ਦੇ ਪਿੰਡ ਸਾਹਨੇਵਾਲ ਵਿੱਚ ਨਵੀਂ ਉਦਯੋਗਿਕ ਤਰਬੀਅਤ ਸੰਸਥਾ (ਆਈਟੀਆਈ) ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਪ੍ਰੋਜੈਕਟ ਨਾਲ ਇਲਾਕੇ ਦੇ ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਹਾਸਲ ਕਰਨ ਲਈ ਸਥਾਨਕ ਪੱਧਰ ‘ਤੇ ਮੌਕੇ ਉਪਲਬਧ ਹੋਣ ਦੀ ਉਮੀਦ ਹੈ। ਇਸ ਮੌਕੇ ਪੰਜਾਬ ਆਮ ਆਦਮੀ ਪਾਰਟੀ ਦੇ ਇੰਚਾਰਜ ਮਨੀਸ਼ ਸਿਸੋਦੀਆ ਸਮੇਤ ਕੈਬਿਨੇਟ ਮੰਤਰੀ ਅਤੇ ਕਈ ਵਿਧਾਇਕ ਹਾਜ਼ਰ ਰਹੇ।
ਝੁਨੀਰ ‘ਚ ਰੈਲੀ ਨੂੰ ਕਰਨਗੇ ਸੰਬੋਧਨ
ਆਈਟੀਆਈ ਦੇ ਨੀਂਹ ਪੱਥਰ ਸਮਾਗਮ ਤੋਂ ਬਾਅਦ ਮੁੱਖ ਮੰਤਰੀ ਝੁਨੀਰ ਵਿਖੇ ਬਾਬਾ ਧਿਆਨ ਦਾਸ ਦੇ ਡੇਰੇ ਨੇੜੇ ਇਕ ਜਨ ਸਭਾ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਉਹ ਸਰਕਾਰ ਦੀਆਂ ਉਪਲਬਧੀਆਂ ਬਾਰੇ ਜਾਣਕਾਰੀ ਸਾਂਝੀ ਕਰ ਸਕਦੇ ਹਨ ਅਤੇ ਮਾਨਸਾ ਜ਼ਿਲ੍ਹੇ ਲਈ ਹੋਰ ਵਿਕਾਸ ਕਾਰਜਾਂ ਦਾ ਐਲਾਨ ਵੀ ਕਰ ਸਕਦੇ ਹਨ।
ਜ਼ਿਲ੍ਹੇ ਲਈ ਨਵੀਆਂ ਯੋਜਨਾਵਾਂ ‘ਤੇ ਰਹੇਗੀ ਨਜ਼ਰ
ਦੌਰੇ ਦੌਰਾਨ ਸਥਾਨਕ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਬਾਰੇ ਅਗਾਹ ਕੀਤਾ ਜਾ ਰਿਹਾ ਹੈ। ਪ੍ਰਸ਼ਾਸਨ ਵੱਲੋਂ ਪ੍ਰੋਗਰਾਮਾਂ ਲਈ ਲੋੜੀਂਦੇ ਇੰਤਜ਼ਾਮ ਕੀਤੇ ਗਏ ਹਨ। ਹੁਣ ਸਭ ਦੀ ਨਜ਼ਰ ਮੁੱਖ ਮੰਤਰੀ ਦੇ ਐਲਾਨਾਂ ‘ਤੇ ਟਿਕੀ ਹੋਈ ਹੈ, ਜੋ ਮਾਨਸਾ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇ ਸਕਦੇ ਹਨ।

