ਬਠਿੰਡਾ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਵਿੱਚ ਹੋਈ ਲੋਕ ਮਿਲਣੀ ਦੌਰਾਨ ਪਾਰਟੀ ਆਗੂਆਂ, ਵਰਕਰਾਂ ਅਤੇ ਕੈਡਰਾਂ ਨੂੰ ਸਪੱਸ਼ਟ ਸੁਨੇਹਾ ਦਿੰਦਿਆਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਪੜਾਅ ਹੁਣ ਸਰਕਾਰੀ ਕਾਰਵਾਈ ਤੋਂ ਅੱਗੇ ਵਧ ਕੇ ਇੱਕ ਵੱਡੀ ਲੋਕ ਲਹਿਰ ਬਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਦੇਸ਼ ਵਿੱਚ ਨਸ਼ਿਆਂ ਖ਼ਿਲਾਫ਼ ਸਭ ਤੋਂ ਮਜ਼ਬੂਤ ਅਤੇ ਨਿਰਣਾਇਕ ਲੜਾਈ ਦੀ ਅਗਵਾਈ ਕਰ ਰਿਹਾ ਹੈ।
ਪਿਛਲੀਆਂ ਸਰਕਾਰਾਂ ’ਤੇ ਸਿੱਧਾ ਹਮਲਾ
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੀ ਜੜ੍ਹ ਮਜ਼ਬੂਤ ਹੋਣ ਪਿੱਛੇ ਪਿਛਲੀਆਂ ਸਰਕਾਰਾਂ ਦੀ ਲਾਪਰਵਾਹੀ ਅਤੇ ਸਿਆਸੀ ਸਾਂਝ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਉਸ ਸਮੇਂ ਦੇ ਵੱਡੇ ਆਗੂਆਂ ਨੇ ਨਸ਼ਾ ਤਸਕਰਾਂ ਨੂੰ ਸਿਆਸੀ ਸੁਰੱਖਿਆ ਦਿੱਤੀ, ਜਦਕਿ ਮੌਜੂਦਾ ਸਰਕਾਰ ਨੇ ਬਿਨਾਂ ਕਿਸੇ ਦਬਾਅ ਦੇ ਸਖ਼ਤ ਕਾਰਵਾਈ ਕੀਤੀ ਹੈ। ਉਨ੍ਹਾਂ ਅਨੁਸਾਰ ਪਿਛਲੇ ਇੱਕ ਸਾਲ ਦੌਰਾਨ 28 ਹਜ਼ਾਰ ਤੋਂ ਵੱਧ ਨਸ਼ਾ ਤਸਕਰਾਂ ਵਿਰੁੱਧ ਮਾਮਲੇ ਦਰਜ ਹੋਏ ਹਨ ਅਤੇ 88 ਫੀਸਦ ਤੱਕ ਦੋਸ਼ੀ ਸਾਬਤ ਹੋਣ ਦੀ ਦਰ ਇਸ ਗੱਲ ਦਾ ਸਬੂਤ ਹੈ ਕਿ ਕਾਨੂੰਨ ਬਿਨਾਂ ਭੇਦਭਾਵ ਕੰਮ ਕਰ ਰਿਹਾ ਹੈ।
ਲੋਕੀ ਭਾਗੀਦਾਰੀ ਨਾਲ ਹੀ ਜਿੱਤੀ ਜਾਵੇਗੀ ਜੰਗ
ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਸਿਰਫ਼ ਪੁਲਿਸ ਜਾਂ ਪ੍ਰਸ਼ਾਸਨ ਦੇ ਭਰੋਸੇ ਨਹੀਂ ਜਿੱਤੀ ਜਾ ਸਕਦੀ। ਇਸ ਲਈ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਸਿੱਧੀ ਭਾਗੀਦਾਰੀ ਲਈ ਤਿਆਰ ਕਰਨਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲ ਰਿਹਾ ਸਮਰਥਨ ਇਹ ਦਰਸਾਉਂਦਾ ਹੈ ਕਿ ਪੰਜਾਬ ਹੁਣ ਇਸ ਲਾਹਨਤ ਤੋਂ ਛੁਟਕਾਰਾ ਪਾਉਣ ਦੇ ਬਹੁਤ ਨੇੜੇ ਹੈ।
ਕਿਸਾਨੀ ਤੇ ਬੁਨਿਆਦੀ ਢਾਂਚੇ ਵਿੱਚ ਵੱਡੇ ਕਦਮ
ਸ਼ਾਸਨ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਲਾਂ ਤੋਂ ਸੁੱਕੀਆਂ ਪਈਆਂ ਨਹਿਰਾਂ ਅਤੇ ਰਜਬਾਹਿਆਂ ਨੂੰ ਮੁੜ ਚਾਲੂ ਕੀਤਾ ਗਿਆ ਹੈ ਅਤੇ 37 ਸਾਲਾਂ ਬਾਅਦ ਕਈ ਖੇਤਰਾਂ ਵਿੱਚ ਪਾਣੀ ਵਗਣਾ ਸ਼ੁਰੂ ਹੋਇਆ ਹੈ। ਦੂਰ-ਦੁਰਾਡੇ ਦੇ ਪਿੰਡਾਂ ਤੱਕ ਨਹਿਰੀ ਪਾਣੀ ਪਹੁੰਚਣ ਨਾਲ ਕਿਸਾਨੀ ਨਾਲ ਜੁੜੀਆਂ ਪੁਰਾਣੀਆਂ ਸਮੱਸਿਆਵਾਂ ਹੱਲ ਹੋਈਆਂ ਹਨ।
ਬਿਜਲੀ, ਨੌਕਰੀਆਂ ਅਤੇ ਟੋਲ ਪਲਾਜ਼ਾ ਬੰਦ
ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਹੁਣ ਦਿਨ ਵੇਲੇ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਸੂਬੇ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦਾ ਲਾਭ ਮਿਲ ਰਿਹਾ ਹੈ। ਇਸ ਦੇ ਨਾਲ ਹੀ 61 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। 17 ਟੋਲ ਪਲਾਜ਼ਾ ਬੰਦ ਕਰਨ ਨਾਲ ਲੋਕਾਂ ਨੂੰ ਹਰ ਰੋਜ਼ ਲਗਭਗ 64 ਲੱਖ ਰੁਪਏ ਦੀ ਬਚਤ ਹੋ ਰਹੀ ਹੈ।
ਸਿਹਤ ਅਤੇ ਸਿੱਖਿਆ ’ਚ ਵੱਡੀ ਤਬਦੀਲੀ
ਮੁੱਖ ਮੰਤਰੀ ਨੇ ਕਿਹਾ ਕਿ ਰਾਜ ਭਰ ਵਿੱਚ 881 ਆਮ ਆਦਮੀ ਕਲੀਨਿਕ ਲੋਕਾਂ ਨੂੰ ਮੁਫ਼ਤ ਇਲਾਜ ਅਤੇ ਦਵਾਈਆਂ ਦੇ ਰਹੇ ਹਨ ਅਤੇ ਜਲਦ ਹੀ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਹੋਵੇਗੀ, ਜਿਸ ਤਹਿਤ 10 ਲੱਖ ਰੁਪਏ ਤੱਕ ਨਕਦ-ਰਹਿਤ ਇਲਾਜ ਸੰਭਵ ਹੋਵੇਗਾ।
ਸਿੱਖਿਆ ਖੇਤਰ ਵਿੱਚ 118 ਸਕੂਲ ਆਫ਼ ਐਮੀਨੈਂਸ ਸਥਾਪਿਤ ਕੀਤੇ ਜਾ ਰਹੇ ਹਨ। ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ, ਲੜਕੀਆਂ ਲਈ ਮੁਫ਼ਤ ਬੱਸ ਸੇਵਾ ਅਤੇ ਜੇਈਈ, ਨੀਟ, ਕਲੈਟ ਤੇ ਨਿਫਟ ਵਰਗੀਆਂ ਪ੍ਰੀਖਿਆਵਾਂ ਲਈ ਵਿਸ਼ੇਸ਼ ਕੋਚਿੰਗ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।
ਮੁੱਖ ਮੰਤਰੀ ਮਾਨ ਨੇ ਅਖੀਰ ’ਚ ਕਿਹਾ ਕਿ ਨਸ਼ਿਆਂ ਤੋਂ ਮੁਕਤ ਪੰਜਾਬ ਬਣਾਉਣਾ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇਹ ਜੰਗ ਹਰ ਕੀਮਤ ’ਤੇ ਜਿੱਤੀ ਜਾਵੇਗੀ।

