ਚੰਡੀਗੜ੍ਹ :- ਸੰਯੁਕਤ ਕਿਸਾਨ ਮੋਰਚੇ ਨੇ 26 ਨਵੰਬਰ ਨੂੰ ਨਵੀਂ ਦਿੱਲੀ ਸਮੇਤ ਦੇਸ਼ ਭਰ ਵਿੱਚ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਹਰਿਆਣਾ ਦੇ ਕਰਨਾਲ ਸਥਿਤ ਜਾਟ ਭਵਨ ਵਿੱਚ ਹੋਈ ਕੌਮੀ ਕੌਂਸਲ ਦੀ ਮੀਟਿੰਗ ਦੌਰਾਨ ਲਿਆ ਗਿਆ। ਵੱਖ-ਵੱਖ ਸੂਬਿਆਂ ਵਿੱਚ ਪ੍ਰਦਰਸ਼ਨਾਂ ਦੀਆਂ ਥਾਵਾਂ ਦਾ ਫ਼ੈਸਲਾ ਮੋਰਚੇ ਦੀਆਂ ਸੂਬਾਈ ਇਕਾਈਆਂ ਕਰਨਗੀਆਂ।
23 ਅਕਤੂਬਰ ਨੂੰ ਵੀ ਹੋਣਗੇ ਪ੍ਰਦਰਸ਼ਨ
ਮੋਰਚੇ ਨੇ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੁਧਾਈ (ਐੱਸ.ਆਈ.ਆਰ.) ਵਿਰੁੱਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਅਤੇ ਨੌਜਵਾਨਾਂ ਦੇ ਹੱਕ ਵਿੱਚ 23 ਅਕਤੂਬਰ ਨੂੰ ਜ਼ਿਲ੍ਹਾ ਅਤੇ ਤਹਿਸੀਲ ਪੱਧਰ ’ਤੇ ਵੱਡੇ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਹੈ। ਮੋਰਚਾ ਦਿੱਲੀ ਵਿੱਚ ਚੱਲ ਰਹੇ ਅੰਦੋਲਨ ਵਿੱਚ ਵੀ ਸ਼ਾਮਲ ਹੋਵੇਗਾ।
ਦਿੱਲੀ ਪੁਲਿਸ ਦੀ ਕਾਰਵਾਈ ਦੀ ਨਿੰਦਾ
ਮੀਟਿੰਗ ਵਿੱਚ ਦਿੱਲੀ ਵਿੱਚ ਪ੍ਰਦਰਸ਼ਨਕਾਰੀਆਂ, ਖ਼ਾਸ ਕਰਕੇ ਵਿਦਿਆਰਥਣਾਂ ਨਾਲ ਕਥਿਤ ਸਖ਼ਤੀ ਅਤੇ ਪਰੇਸ਼ਾਨ ਕਰਨ ਦੀਆਂ ਘਟਨਾਵਾਂ ਦੀ ਨਿੰਦਾ ਕੀਤੀ ਗਈ। ਮੋਰਚੇ ਨੇ ਚਿਤਾਵਨੀ ਦਿੱਤੀ ਕਿ ਜੇਕਰ ਅਜਿਹੀ ਕਾਰਵਾਈ ਜਾਰੀ ਰਹੀ ਤਾਂ ਦੇਸ਼ ਭਰ ਦੇ ਕਿਸਾਨ ਵਿਦਿਆਰਥੀਆਂ ਅਤੇ ਨੌਜਵਾਨਾਂ ਦੇ ਸਮਰਥਨ ਵਿੱਚ ਅੱਗੇ ਆਉਣਗੇ। ਮੀਟਿੰਗ ਦੌਰਾਨ ਸੁਪਰੀਮ ਕੋਰਟ ਵੱਲੋਂ ਇਨ੍ਹਾਂ ਮਾਮਲਿਆਂ ਦਾ ਖ਼ੁਦ ਨੋਟਿਸ ਨਾ ਲੈਣ ’ਤੇ ਵੀ ਸਵਾਲ ਉਠਾਏ ਗਏ।
ਐੱਸ.ਆਈ.ਆਰ. ਰੱਦ ਕਰਨ ਸਮੇਤ ਤਿੰਨ ਮੰਗਾਂ
ਸੰਯੁਕਤ ਕਿਸਾਨ ਮੋਰਚੇ ਨੇ ਐੱਸ.ਆਈ.ਆਰ. ਦੀ ਪ੍ਰਕਿਰਿਆ ਤੁਰੰਤ ਰੱਦ ਕਰਨ, ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾ ਕੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਅਤੇ ਵੋਟਰ ਸੂਚੀਆਂ ਵਿੱਚੋਂ ਹਟਾਏ ਗਏ 13.41 ਕਰੋੜ ਨਾਗਰਿਕਾਂ ਦੇ ਵੋਟ ਦੇ ਹੱਕ ਬਹਾਲ ਕਰਨ ਦੀ ਮੰਗ ਕੀਤੀ ਹੈ।
ਪੰਜਾਬ ਦੇ ਆਗੂਆਂ ਨੇ ਵੀ ਕੀਤੀ ਸ਼ਮੂਲੀਅਤ
ਮੀਟਿੰਗ ਵਿੱਚ ਪੰਜਾਬ ਵੱਲੋਂ ਰਾਮਿੰਦਰ ਸਿੰਘ ਪਟਿਆਲਾ, ਜੋਗਿੰਦਰ ਸਿੰਘ ਉਗਰਾਹਾਂ, ਜਗਮੋਹਨ ਸਿੰਘ ਉੱਪਲ, ਗੁਰਮੀਤ ਸਿੰਘ ਭੱਟੀਵਾਲ, ਦਲਜਿੰਦਰ ਸਿੰਘ ਗੁਰਨਾ, ਗੁਰਮੀਤ ਸਿੰਘ ਮਹਿਮਾ, ਅੰਗਰੇਜ਼ ਸਿੰਘ ਮੋਹਾਲੀ ਅਤੇ ਗੁਰਨਾਮ ਸਿੰਘ ਮਾਨਸਾ ਸਮੇਤ ਹੋਰ ਆਗੂ ਹਾਜ਼ਰ ਸਨ। ਮੀਟਿੰਗ ਦੀ ਪ੍ਰਧਾਨਗੀ ਸੱਤ ਮੈਂਬਰੀ ਪ੍ਰਧਾਨਗੀ ਮੰਡਲ ਨੇ ਕੀਤੀ, ਜਿਸ ਵਿੱਚ ਅਸ਼ੋਕ ਧਵਲੇ, ਜੋਗਿੰਦਰ ਸਿੰਘ ਉਗਰਾਹਾਂ, ਰਾਕੇਸ਼ ਟਿਕੈਤ, ਰਾਜਨ ਕਸ਼ੀਰਸਾਗਰ, ਡਾ. ਸੁਨੀਲਮ, ਜਗਤਾਰ ਸਿੰਘ ਬਾਜਵਾ ਅਤੇ ਜੋਗਿੰਦਰ ਸਿੰਘ ਨੈਨ ਸ਼ਾਮਲ ਸਨ।