ਫਤਿਹਗੜ੍ਹ ਸਾਹਿਬ :- ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਦੇਰ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਅਣਪਛਾਤਾ ਹਮਲਾਵਰ ਅੱਧੀ ਰਾਤ ਤੋਂ ਬਾਅਦ ਇੱਕ ਘਰ ਵਿੱਚ ਦਾਖ਼ਲ ਹੋਇਆ ਅਤੇ ਉੱਥੇ ਸੁੱਤੇ ਪਏ ਵਿਅਕਤੀ ‘ਤੇ ਕਿਰਪਾਨ ਨਾਲ ਜਾਨਲੇਵਾ ਹਮਲਾ ਕਰ ਦਿੱਤਾ। ਹਮਲਾ ਇੰਨਾ ਭਿਆਨਕ ਸੀ ਕਿ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਵਾਰਦਾਤ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ।
ਘਟਨਾ ਸਥਾਨ ਤੋਂ ਸਬੂਤ ਇਕੱਠੇ ਕਰ ਰਹੀ ਹੈ ਫੋਰੈਂਸਿਕ ਟੀਮ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਫੋਰੈਂਸਿਕ ਮਾਹਿਰਾਂ ਦੀ ਟੀਮ ਨੇ ਵੀ ਮੌਕੇ ਦਾ ਜਾਇਜ਼ਾ ਲੈਂਦਿਆਂ ਵਿਗਿਆਨਕ ਸਬੂਤ ਇਕੱਠੇ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਕਤਲ ਦੇ ਕਾਰਨਾਂ ਅਤੇ ਹਮਲਾਵਰ ਦੀ ਪਛਾਣ ਲਈ ਵੱਖ-ਵੱਖ ਪੱਖਾਂ ਤੋਂ ਜਾਂਚ ਕੀਤੀ ਜਾ ਰਹੀ ਹੈ।
ਮ੍ਰਿਤਕ ਦੀ ਪਛਾਣ ਮੇਵਾ ਸਿੰਘ ਵਜੋਂ ਹੋਈ
ਪੁਲਿਸ ਅਨੁਸਾਰ ਮ੍ਰਿਤਕ ਦੀ ਪਛਾਣ ਮੇਵਾ ਸਿੰਘ ਵਜੋਂ ਹੋਈ ਹੈ। ਇਹ ਘਟਨਾ ਸੋਮਵਾਰ ਅਤੇ ਮੰਗਲਵਾਰ ਦੀ ਦਰਮਿਆਨੀ ਰਾਤ ਕਰੀਬ 2 ਵਜੇ ਵਾਪਰੀ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੇਵਾ ਸਿੰਘ ਪਹਿਲਾਂ ਦਰਜ ਇੱਕ ਅਪਰਾਧਿਕ ਮਾਮਲੇ ਵਿੱਚ ਜ਼ਮਾਨਤ ‘ਤੇ ਬਾਹਰ ਆਇਆ ਹੋਇਆ ਸੀ।
ਬੇਅਦਬੀ ਮਾਮਲੇ ਵਿੱਚ ਚੱਲ ਰਿਹਾ ਸੀ ਕੇਸ
ਜਾਣਕਾਰੀ ਮੁਤਾਬਕ ਮੇਵਾ ਸਿੰਘ ਖ਼ਿਲਾਫ਼ ਅਕਤੂਬਰ 2020 ਵਿੱਚ ਮੰਡੀ ਗੋਬਿੰਦਗੜ੍ਹ ਦੇ ਪਿੰਡ ਲਾਡਪੁਰ ਤੂਰਾਂ ਸਥਿਤ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਦੀ ਸੁਣਵਾਈ ਅਦਾਲਤ ਵਿੱਚ ਚੱਲ ਰਹੀ ਸੀ ਅਤੇ ਉਹ ਦੋ ਵਾਰ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆ ਚੁੱਕਾ ਸੀ।
ਕਤਲ ਦੇ ਕਾਰਨਾਂ ਦੀ ਜਾਂਚ ਜਾਰੀ
ਪੁਲਿਸ ਨੇ ਦੱਸਿਆ ਕਿ ਵਾਰਦਾਤ ਦੇ ਹਰ ਪੱਖ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਹਮਲਾਵਰ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਆਲੇ-ਦੁਆਲੇ ਦੇ ਸੀਸੀਟੀਵੀ ਕੈਮਰਿਆਂ ਸਮੇਤ ਹੋਰ ਸਬੂਤਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਕਤਲ ਦੇ ਅਸਲ ਕਾਰਨਾਂ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਆ ਸਕੇਗੀ।

