ਚੰਡੀਗੜ੍ਹ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਫਰਾਂਸ ਦੌਰੇ ਨੂੰ ਮਨਜ਼ੂਰੀ ਮਿਲ ਗਈ ਹੈ। ਇਸ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਪੰਜਾਬ ਸਰਕਾਰ ਨੇ ਪਹਿਲਾਂ ਕੇਂਦਰ ਵੱਲੋਂ ਮਨਜ਼ੂਰੀ ਰੱਦ ਕਰਨ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਸੀ।
ਕੇਂਦਰ ਨੇ ਸੁਰੱਖਿਆ ਦਾ ਦਿੱਤਾ ਹਵਾਲਾ
ਸੁਣਵਾਈ ਦੌਰਾਨ ਕੇਂਦਰ ਵੱਲੋਂ ਐਡੀਸ਼ਨਲ ਸਾਲਿਸਟਰ ਜਨਰਲ ਸਤਿਆ ਪਾਲ ਜੈਨ ਪੇਸ਼ ਹੋਏ। ਕੇਂਦਰ ਨੇ ਮੁੱਖ ਮੰਤਰੀ ਦੀ ਸੁਰੱਖਿਆ ਸਬੰਧੀ ਖ਼ੁਫ਼ੀਆ ਜਾਣਕਾਰੀਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਵਿਦੇਸ਼ੀ ਦੌਰੇ ਦੀ ਮਨਜ਼ੂਰੀ ਸਮੇਂ ਸੁਰੱਖਿਆ, ਵਿਦੇਸ਼ ਨੀਤੀ ਅਤੇ ਕੂਟਨੀਤਕ ਨਿਯਮਾਂ ਨੂੰ ਧਿਆਨ ਵਿੱਚ ਰੱਖਣਾ ਜ਼ਰੂਰੀ ਹੈ।
ਪੰਜਾਬ ਸਰਕਾਰ ਨੇ ਵੀ ਰੱਖਿਆ ਪੱਖ
ਪੰਜਾਬ ਸਰਕਾਰ ਨੇ ਕਿਹਾ ਕਿ ਦੌਰੇ ਦੀ ਮਨਜ਼ੂਰੀ ਰੱਦ ਕਰਨ ਦੇ ਕਾਰਨ ਨਹੀਂ ਦੱਸੇ ਗਏ। ਸਰਕਾਰ ਮੁਤਾਬਕ, ਫਰਾਂਸ ਜਾਣ ਦਾ ਮਕਸਦ ਪੰਜਾਬ ਦੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਉਤਪਾਦਾਂ ਨੂੰ ਵਿਦੇਸ਼ੀ ਬਾਜ਼ਾਰਾਂ ਵਿੱਚ ਉਤਸ਼ਾਹਿਤ ਕਰਨਾ ਸੀ। ਹਾਈ ਕੋਰਟ ਤੋਂ ਰਾਹਤ ਮਿਲਣ ਮਗਰੋਂ ਮੁੱਖ ਮੰਤਰੀ ਦੇ ਫਰਾਂਸ ਦੌਰੇ ਦਾ ਰਾਹ ਸਾਫ਼ ਹੋ ਗਿਆ ਹੈ।