ਚੰਡੀਗੜ੍ਹ :- ਕੇਂਦਰੀ ਕਿਰਤ ਅਤੇ ਰੁਜ਼ਗਾਰ ਰਾਜ ਮੰਤਰੀ ਸ਼ੋਭਾ ਕਰੰਦਲਾਜੇ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਮਕੌੜਾ ਪੱਤਣ ਸਮੇਤ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਹਨਾਂ ਨੇ ਮੌਕੇ ‘ਤੇ ਪਹੁੰਚ ਕੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਹੜ੍ਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ।
ਕਰਤਾਰਪੁਰ ਕੋਰੀਡੋਰ ਨੂੰ ਵੱਡਾ ਨੁਕਸਾਨ
ਮੰਤਰੀ ਨੇ ਕਿਹਾ ਕਿ ਹੜ੍ਹ ਕਾਰਨ ਕਰਤਾਰਪੁਰ ਕੋਰੀਡੋਰ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ। ਉਹਨਾਂ ਨੇ ਸਪਸ਼ਟ ਕੀਤਾ ਕਿ ਜਿਵੇਂ ਇਹ ਪ੍ਰੋਜੈਕਟ ਕੇਂਦਰ ਸਰਕਾਰ ਵੱਲੋਂ ਬਣਾਇਆ ਗਿਆ ਸੀ, ਓਸੇ ਤਰ੍ਹਾਂ ਹੁਣ ਇਸ ਦੇ ਮੁਰੰਮਤ ਕੰਮ ਦੀ ਜ਼ਿੰਮੇਵਾਰੀ ਵੀ ਕੇਂਦਰ ਸਰਕਾਰ ਦੀ ਹੈ ਅਤੇ ਇਸਨੂੰ ਜਲਦੀ ਸਹੀ ਕਰਵਾਇਆ ਜਾਵੇਗਾ।
ਭਾਜਪਾ ਹੜ੍ਹ ਪੀੜਤਾਂ ਨਾਲ ਖੜ੍ਹੀ: ਕਰੰਦਲਾਜੇ
ਸ਼ੋਭਾ ਕਰੰਦਲਾਜੇ ਨੇ ਕਿਹਾ ਕਿ ਹੜ੍ਹ ਕਾਰਨ ਪੰਜਾਬ ਵਿੱਚ ਲੋਕਾਂ ਦੀਆਂ ਜਾਨਾਂ ਗਈਆਂ, ਪਸ਼ੂ ਵਹਿ ਗਏ ਅਤੇ ਘਰ ਤਬਾਹ ਹੋ ਗਏ, ਜੋ ਬਹੁਤ ਚਿੰਤਾਜਨਕ ਹੈ। ਉਹਨਾਂ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਭਾਜਪਾ ਪ੍ਰਭਾਵਿਤ ਪਰਿਵਾਰਾਂ ਨਾਲ ਪੂਰੀ ਤਰ੍ਹਾਂ ਖੜ੍ਹੀ ਹੈ।
ਕੇਂਦਰ ਵੱਲੋਂ 1600 ਕਰੋੜ ਦਾ ਪੈਕੇਜ
ਉਹਨਾਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਹੜ੍ਹ ਪੀੜਤਾਂ ਲਈ 1600 ਕਰੋੜ ਰੁਪਏ ਦਾ ਪੈਕੇਜ ਜਾਰੀ ਕੀਤਾ ਹੈ, ਜਿਸ ਨਾਲ ਰਾਹਤ ਕੰਮਾਂ ਨੂੰ ਤੇਜ਼ੀ ਮਿਲੇਗੀ।
ਪੰਜਾਬ ਸਰਕਾਰ ‘ਤੇ ਲਾਪਰਵਾਹੀ ਦੇ ਦੋਸ਼
ਕੇਂਦਰੀ ਮੰਤਰੀ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਦੇ ਕੋਲ ਪਹਿਲਾਂ ਹੀ 12 ਹਜ਼ਾਰ ਕਰੋੜ ਰੁਪਏ ਮੌਜੂਦ ਸਨ, ਪਰ ਉਹਨਾਂ ਨੂੰ ਵਰਤਿਆ ਨਹੀਂ ਗਿਆ। ਇਸ ਕਰਕੇ ਸੂਬੇ ਵਿੱਚ ਹਾਲਾਤ ਬੇਕਾਬੂ ਹੋਏ ਹਨ। ਉਹਨਾਂ ਕਿਹਾ ਕਿ ਹੁਣ ਪੰਜਾਬ ਸਰਕਾਰ ਆਪਣੀਆਂ ਨਾਕਾਮੀਆਂ ਦਾ ਬੋਝ ਕੇਂਦਰ ਸਰਕਾਰ ‘ਤੇ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ।