ਜਲੰਧਰ :- ਪੰਜਾਬ ‘ਚ ਲਗਾਤਾਰ ਪੈ ਰਹੀ ਭਾਰੀ ਬਾਰਿਸ਼ ਕਾਰਨ ਹਾਲਾਤ ਖਰਾਬ ਹੋ ਚੁੱਕੇ ਹਨ। ਜਲੰਧਰ ਦੇ ਚੌਗੀਟੀ ਫਲਾਈਓਵਰ ‘ਤੇ ਵੱਡਾ ਹਾਦਸਾ ਸਾਹਮਣੇ ਆਇਆ ਹੈ, ਜਿਥੇ ਪੁਲ ਧੱਸਣ ਨਾਲ ਰਸਤਾ ਦੋਵੇਂ ਪਾਸਿਆਂ ਤੋਂ ਬੰਦ ਕਰਨਾ ਪਿਆ। ਮੌਕੇ ‘ਤੇ ਪਹੁੰਚੇ ਅਧਿਕਾਰੀਆਂ ਨੇ ਤੁਰੰਤ ਮੁਰੰਮਤ ਦਾ ਕੰਮ ਸ਼ੁਰੂ ਕਰਵਾ ਦਿੱਤਾ ਹੈ। ਇਸਦੇ ਬਾਵਜੂਦ ਕੁਝ ਲੋਕ ਖਤਰਾ ਮੋਲ ਲੈਂਦੇ ਹੋਏ ਫਲਾਈਓਵਰ ਤੋਂ ਵਾਹਨ ਕੱਢਣ ਦੀ ਕੋਸ਼ਿਸ਼ ਕਰ ਰਹੇ ਹਨ। ਪ੍ਰਸ਼ਾਸਨ ਨੇ ਬੈਰੀਕੇਡਿੰਗ ਲਗਾ ਕੇ ਮਿੱਟੀ ਪਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਲ ‘ਚ ਦਰਾਰਾਂ ਕਾਰਨ ਬੈਠਿਆ ਫਲਾਈਓਵਰ, ਉੱਚ ਅਧਿਕਾਰੀ ਮੌਕੇ ‘ਤੇ ਪਹੁੰਚੇ
ਪੁਲਿਸ ਦੇ ਸੀਨੀਅਰ ਅਧਿਕਾਰੀ ਅਤੇ ਟ੍ਰੈਫਿਕ ਪੁਲਿਸ ਕਰਮਚਾਰੀ ਮੌਕੇ ‘ਤੇ ਪਹੁੰਚ ਕੇ ਹਾਲਾਤ ਦਾ ਜਾਇਜ਼ਾ ਲੈ ਰਹੇ ਹਨ। ਟ੍ਰੈਫਿਕ ਪੁਲਿਸ ਨੇ ਦੱਸਿਆ ਕਿ ਐਨਐਚਏਆਈ (NHAI) ਦੇ ਕਰਮਚਾਰੀ ਵੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਉਨ੍ਹਾਂ ਨੇ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਕਰਮਚਾਰੀਆਂ ਨੇ ਮੰਨਿਆ ਕਿ ਫਲਾਈਓਵਰ ਵਿੱਚ ਦਰਾਰਾਂ ਆਉਣ ਕਾਰਨ ਇਹ ਬੈਠ ਗਿਆ ਹੈ। ਲੋਕਾਂ ਦੀ ਜਾਨ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਫਲਾਈਓਵਰ ਨੂੰ ਪੂਰੀ ਤਰ੍ਹਾਂ ਬੰਦ ਕਰਕੇ ਉੱਚ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਬਾਰਿਸ਼ ਨਾਲ ਵੱਡਾ ਨੁਕਸਾਨ, ਘਰਾਂ ਤੇ ਦੁਕਾਨਾਂ ਵੀ ਪ੍ਰਭਾਵਿਤ
ਕਰਮਚਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਦੁਪਹਿਰ ਨੂੰ ਘਟਨਾ ਦੀ ਜਾਣਕਾਰੀ ਮਿਲੀ ਸੀ ਜਿਸ ਤੋਂ ਬਾਅਦ ਉਹ ਤੁਰੰਤ ਮੌਕੇ ‘ਤੇ ਪਹੁੰਚ ਕੇ ਕੰਮ ਸ਼ੁਰੂ ਕਰ ਗਏ। ਇਸ ਤੋਂ ਪਹਿਲਾਂ ਵੀ ਭਾਰੀ ਬਾਰਿਸ਼ ਕਾਰਨ ਕਈ ਲੋਕਾਂ ਦੇ ਘਰਾਂ ਅਤੇ ਦੁਕਾਨਾਂ ਨੂੰ ਵੱਡਾ ਨੁਕਸਾਨ ਹੋਇਆ ਸੀ। ਹੁਣ ਫਲਾਈਓਵਰ ਧੱਸਣ ਨਾਲ ਸਥਾਨਕ ਨਿਵਾਸੀਆਂ ਅਤੇ ਵਪਾਰੀਆਂ ਨੂੰ ਹੋਰ ਵੱਡਾ ਝਟਕਾ ਲੱਗਾ ਹੈ।