ਅੰਮ੍ਰਿਤਸਰ :- ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸੰਗਤ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਰਬੋਚਤਾ ਬਾਰੇ ਸਪੱਸ਼ਟ ਰੁਖ ਰੱਖਿਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਜੀਵੰਤ ਗੁਰੂ ਹਨ ਅਤੇ ਇਸ ਸੰਬੰਧੀ ਕੋਈ ਵੀ ਕਾਨੂੰਨੀ ਹਸਤਖੇਪ ਕਬੂਲ ਨਹੀਂ ਕੀਤਾ ਜਾ ਸਕਦਾ।
ਦੋਸ਼ੀਆਂ ਲਈ ਸਖ਼ਤ ਕਾਨੂੰਨ ਦੀ ਲੋੜ, ਪਰ ਗੁਰੂ ਸਾਹਿਬ ‘ਤੇ ਨਹੀਂ
ਜਥੇਦਾਰ ਗੜਗੱਜ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਮੰਦਭਾਵਨਾ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨੂੰ ਠੇਸ ਪਹੁੰਚਾਉਂਦਾ ਹੈ ਤਾਂ ਉਸ ਦੇ ਖ਼ਿਲਾਫ਼ ਕੜੇ ਕਾਨੂੰਨ ਬਣਾਏ ਜਾ ਸਕਦੇ ਹਨ ਅਤੇ ਸਖ਼ਤ ਸਜ਼ਾ ਵੀ ਹੋਣੀ ਚਾਹੀਦੀ ਹੈ। ਪਰ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਗੁਰੂ ਸਾਹਿਬ ਦੇ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦਾ ਕਾਨੂੰਨ ਬਣਾਉਣਾ ਪੰਥ ਲਈ ਕਬੂਲਯੋਗ ਨਹੀਂ ਹੋਵੇਗਾ।
ਪੰਥ ਦੀ ਸਹਿਮਤੀ ਤੋਂ ਬਿਨਾਂ ਕੋਈ ਫੈਸਲਾ ਨਹੀਂ
ਉਨ੍ਹਾਂ ਸਰਕਾਰਾਂ ਨੂੰ ਸਲਾਹ ਦਿੰਦਿਆਂ ਕਿਹਾ ਕਿ ਬੇਅਦਬੀ ਦੇ ਮਾਮਲਿਆਂ ‘ਚ ਕਾਨੂੰਨ ਬਣਾਉਣ ਤੋਂ ਪਹਿਲਾਂ ਪੰਥ ਦੀ ਰਾਏ ਲੈਣੀ ਬਹੁਤ ਜ਼ਰੂਰੀ ਹੈ। ਪੰਥਕ ਮਸਲਿਆਂ ਦੇ ਫੈਸਲੇ ਹਮੇਸ਼ਾਂ ਪੰਥ ਵੱਲੋਂ ਹੀ ਕੀਤੇ ਜਾਂਦੇ ਹਨ ਅਤੇ ਇਸ ਪਰੰਪਰਾ ਨੂੰ ਜਾਰੀ ਰੱਖਣਾ ਲਾਜ਼ਮੀ ਹੈ।
ਬੇਅਦਬੀ ਰੋਕਣ ਲਈ ਪੰਥਕ ਪਹਿਰੇਦਾਰੀ ‘ਤੇ ਜ਼ੋਰ
ਜਥੇਦਾਰ ਨੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਭ ਤੋਂ ਪ੍ਰਭਾਵਸ਼ਾਲੀ ਰਾਹ ਪੰਥ ਦੀ ਸਚੇਤ ਪਹਿਰੇਦਾਰੀ ਹੈ। ਉਨ੍ਹਾਂ ਪਿਛਲੇ ਘਟਨਾਕ੍ਰਮ ਦਾ ਹਵਾਲਾ ਦਿੰਦਿਆਂ ਕਿਹਾ ਕਿ ਜਿੱਥੇ ਪੰਥ ਸਚੇਤ ਹੁੰਦਾ ਹੈ, ਉੱਥੇ ਅਜਿਹੀਆਂ ਕੋਸ਼ਿਸ਼ਾਂ ਨਾਕਾਮ ਰਹਿੰਦੀਆਂ ਹਨ।
ਸੁਰੱਖਿਆ ਪ੍ਰਣਾਲੀ ਮਜ਼ਬੂਤ ਕਰਨ ਦੀ ਅਪੀਲ
ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਦੀ ਮਰਯਾਦਾ ਦੀ ਰੱਖਿਆ ਲਈ ਇਕਜੁੱਟ ਰਹਿਣ ਅਤੇ ਪੁਰਾਤਨ ਪਰੰਪਰਾਵਾਂ ਅਨੁਸਾਰ ਸੁਰੱਖਿਆ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਜਾਵੇ। ਜਥੇਦਾਰ ਨੇ ਇਹ ਵੀ ਕਿਹਾ ਕਿ ਬੇਅਦਬੀ ਦੇ ਪਿੱਛੇ ਕੰਮ ਕਰ ਰਹੀਆਂ ਤਾਕਤਾਂ ਦੀ ਪਛਾਣ ਕਰਨਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ।

