ਚੰਡੀਗੜ੍ਹ :- ਪੰਜਾਬ ਦੇ ਸਿਆਸੀ ਗਲਿਆਰਿਆਂ ਵਿੱਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਭਾਰੀ ਉਥਲ-ਪੁਥਲ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਸ਼ਾਸਨਿਕ ਕੰਮਕਾਜ ਨੂੰ ਸੁਚਾਰੂ ਰੱਖਣ ਲਈ ਇੱਕ ਅਹਿਮ ਕਦਮ ਚੁੱਕਿਆ ਹੈ। ਅਧਿਕਾਰੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਗੰਭੀਰ ਦੋਸ਼ਾਂ ਹੇਠ ਜੇਲ੍ਹ ਗਏ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਵਿਭਾਗਾਂ ਦੀ ਵੰਡ ਮੌਜੂਦਾ ਮੰਤਰੀਆਂ ਵਿੱਚ ਕਰ ਦਿੱਤੀ ਗਈ ਹੈ।
ਵਿਭਾਗਾਂ ਦੀ ਨਵੀਂ ਵੰਡ ਤੇ ਸਿਆਸੀ ਮਾਇਨੇ
ਪ੍ਰਾਪਤ ਜਾਣਕਾਰੀ ਅਨੁਸਾਰ ਸੂਬੇ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੇ ਮੋਢਿਆਂ ‘ਤੇ ਹੁਣ ‘ਟਰਾਂਸਪੋਰਟ ਵਿਭਾਗ’ ਦੀ ਵਾਧੂ ਜ਼ਿੰਮੇਵਾਰੀ ਹੋਵੇਗੀ। ਇਸੇ ਤਰ੍ਹਾਂ ਡਾਕਟਰ ਰਵਜੋਤ ਸਿੰਘ ਨੂੰ ‘ਜੇਲ੍ਹ ਵਿਭਾਗ’ ਦਾ ਕਾਰਜਭਾਰ ਸੌਂਪਿਆ ਗਿਆ ਹੈ। ਮੁੱਖ ਮੰਤਰੀ ਵੱਲੋਂ ਚੁੱਕੇ ਗਏ ਇਸ ਕਦਮ ਨੇ ਇਹ ਸਪੱਸ਼ਟ ਸੰਕੇਤ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਹਾਈਕਮਾਂਡ ਫਿਲਹਾਲ ਵਜ਼ਾਰਤ ਵਿੱਚ ਖਾਲੀ ਹੋਈ ਕੁਰਸੀ ‘ਤੇ ਕਿਸੇ ਨਵੇਂ ਵਿਧਾਇਕ ਨੂੰ ਬਿਠਾਉਣ ਦੀ ਕੋਈ ਜਲਦਬਾਜ਼ੀ ਨਹੀਂ ਕਰੇਗੀ।
ਅਧਿਕਾਰੀ ਦੀ ਖ਼ੁਦਕੁਸ਼ੀ ਨੇ ਲਿਆਂਦਾ ਸਿਆਸੀ ਭੂਚਾਲ
ਦੱਸਣਯੋਗ ਹੈ ਕਿ ਇਹ ਸਾਰਾ ਘਟਨਾਕ੍ਰਮ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਦਰਦਨਾਕ ਮੌਤ ਨਾਲ ਜੁੜਿਆ ਹੋਇਆ ਹੈ। ਮਹਿਜ਼ ਤਿੰਨ ਦਿਨ ਪਹਿਲਾਂ ਰੰਧਾਵਾ ਨੇ ਜ਼ਹਿਰੀਲੀ ਦਵਾਈ (ਸਲਫ਼ਾਸ) ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ। ਮਰਨ ਤੋਂ ਪਹਿਲਾਂ ਜਾਰੀ ਕੀਤੀ ਗਈ ਇੱਕ ਸਨਸਨੀਖੇਜ਼ ਵੀਡੀਓ ਵਿੱਚ ਮ੍ਰਿਤਕ ਨੇ ਸਿੱਧੇ ਤੌਰ ‘ਤੇ ਤਤਕਾਲੀ ਮੰਤਰੀ ਲਾਲਜੀਤ ਸਿੰਘ ਭੁੱਲਰ ‘ਤੇ ਮਾਨਸਿਕ ਤਸ਼ੱਦਦ ਅਤੇ ਪ੍ਰੇਸ਼ਾਨ ਕਰਨ ਦੇ ਗੰਭੀਰ ਇਲਜ਼ਾਮ ਲਾਏ ਸਨ। ਇਸ ਵੀਡੀਓ ਦੇ ਵਾਇਰਲ ਹੁੰਦਿਆਂ ਹੀ ਭਗਵੰਤ ਮਾਨ ਨੇ ਤੁਰੰਤ ਐਕਸ਼ਨ ਲੈਂਦਿਆਂ ਭੁੱਲਰ ਨੂੰ ਕੈਬਨਿਟ ਵਿੱਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਸੀ।

