ਮੋਗਾ :- ਮੋਗਾ ਦੇ ਅੰਗਦਪੁਰਾ ਮੁਹੱਲੇ ਵਿੱਚ ਦੇਰ ਰਾਤ ਗੋਲੀਬਾਰੀ ਦੀ ਘਟਨਾ ਵਾਪਰੀ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਜਾਣਕਾਰੀ ਅਨੁਸਾਰ, ਕਾਲੀ ਸਕਾਰਪੀਓ ਵਿੱਚ ਆਏ ਹਮਲਾਵਰਾਂ ਨੇ ਦੁਕਾਨ ਦੇ ਬਾਹਰ ਬੈਠੇ ਲੋਕਾਂ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਵਿੱਚ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਖ਼ਬਰ ਹੈ, ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ। ਹਾਲਾਂਕਿ, ਪੁਲਿਸ ਨੇ ਅਜੇ ਤੱਕ ਦੋ ਮੌਤਾਂ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ। ਮੁੱਢਲੀ ਜਾਣਕਾਰੀ ਅਨੁਸਾਰ, ਗੋਲੀਬਾਰੀ ਪਿੱਛੇ ਪੁਰਾਣੀ ਰੰਜਿਸ਼ ਹੋਣ ਦਾ ਖ਼ਦਸ਼ਾ ਹੈ।
ਕਾਲੀ ਸਕਾਰਪੀਓ ’ਚ ਆਏ ਹਮਲਾਵਰਾਂ ਨੇ ਚਲਾਈਆਂ ਗੋਲੀਆਂ
ਜਾਣਕਾਰੀ ਅਨੁਸਾਰ, ਕੁਝ ਵਿਅਕਤੀ ਇੱਕ ਦੁਕਾਨ ਦੇ ਬਾਹਰ ਬੈਠੇ ਸਨ। ਇਸੇ ਦੌਰਾਨ ਕਾਲੀ ਸਕਾਰਪੀਓ ਵਿੱਚ ਸਵਾਰ ਹੋ ਕੇ ਆਏ ਵਿਅਕਤੀਆਂ ਨੇ ਉਨ੍ਹਾਂ ’ਤੇ ਫਾਇਰਿੰਗ ਕਰ ਦਿੱਤੀ। ਗੋਲੀਆਂ ਚੱਲਣ ਮਗਰੋਂ ਇਲਾਕੇ ਵਿੱਚ ਹਫ਼ੜਾ-ਦਫ਼ੜੀ ਮਚ ਗਈ। ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਮ੍ਰਿਤਕਾਂ ਦੀ ਪਛਾਣ ਗਗਨ ਅਤੇ ਸਾਹਿਲ ਜਿੰਦਲ ਵਜੋਂ ਦੱਸੀ
ਮੁੱਢਲੀ ਜਾਣਕਾਰੀ ਵਿੱਚ ਮ੍ਰਿਤਕਾਂ ਦੀ ਪਛਾਣ 30 ਸਾਲਾ ਗਗਨ ਜਿੰਦਲ ਅਤੇ 40 ਸਾਲਾ ਸਾਹਿਲ ਜਿੰਦਲ ਵਜੋਂ ਦੱਸੀ ਜਾ ਰਹੀ ਹੈ। ਹਾਲਾਂਕਿ, ਇਨ੍ਹਾਂ ਮੌਤਾਂ ਦੀ ਪੁਲਿਸ ਵੱਲੋਂ ਅਧਿਕਾਰਤ ਪੁਸ਼ਟੀ ਹੋਣੀ ਅਜੇ ਬਾਕੀ ਹੈ।
ਐੱਸਐੱਸਪੀ ਸਮੇਤ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ
ਘਟਨਾ ਦੀ ਸੂਚਨਾ ਮਿਲਣ ’ਤੇ ਮੋਗਾ ਦੇ ਐੱਸਐੱਸਪੀ ਸਰਤਾਜ ਸਿੰਘ ਚਾਹਲ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ। ਉਨ੍ਹਾਂ ਦੇ ਨਾਲ ਐੱਸਪੀਡੀ ਅਜੇ ਰਾਜ ਸਿੰਘ, ਡੀਐੱਸਪੀ ਗੁਰਪ੍ਰੀਤ ਸਿੰਘ ਅਤੇ ਸੀਆਈਏ ਇੰਚਾਰਜ ਦਲਜੀਤ ਸਿੰਘ ਬਰਾੜ ਵੀ ਮੌਜੂਦ ਸਨ।
ਐੱਸਐੱਸਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਫਾਇਰਿੰਗ ਵਿੱਚ ਤਿੰਨ ਵਿਅਕਤੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਪੁਰਾਣੀ ਰੰਜਿਸ਼ ਦੇ ਪੱਖ ਤੋਂ ਜਾਂਚ ਕਰ ਰਹੀ ਪੁਲਿਸ
ਮੁੱਢਲੀ ਜਾਣਕਾਰੀ ਅਨੁਸਾਰ, ਗੋਲੀਬਾਰੀ ਪਿੱਛੇ ਪੁਰਾਣੀ ਰੰਜਿਸ਼ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਪੁਲਿਸ ਵੱਲੋਂ ਹਮਲੇ ਦੇ ਕਾਰਨਾਂ, ਮੁਲਜ਼ਮਾਂ ਦੀ ਪਛਾਣ ਅਤੇ ਘਟਨਾ ਵਿੱਚ ਵਰਤੀ ਗਈ ਗੱਡੀ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਮਾਮਲੇ ਵਿੱਚ ਹੋਰ ਵੇਰਵਿਆਂ ਦੀ ਉਡੀਕ ਹੈ।