ਚੰਡੀਗੜ੍ਹ :- ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖਾਲਸਾ ਨੇ ਮਨੁੱਖੀ ਅਧਿਕਾਰਾਂ ਲਈ ਸੰਘਰਸ਼ ਕਰਨ ਵਾਲੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਨੂੰ ਸਦੀਵੀ ਬਣਾਉਣ ਲਈ ਹਰੀਕੇ ਪੱਤਣ ਵਿਖੇ ਯਾਦਗਾਰ ਬਣਾਉਣ ਵਾਸਤੇ ਆਪਣੀ ਸੰਸਦੀ ਸਥਾਨਕ ਖੇਤਰ ਵਿਕਾਸ ਯੋਜਨਾ (ਐੱਮਪੀਲੈਡ) ਵਿੱਚੋਂ ਇੱਕ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਯਾਦਗਾਰ ਭਾਈ ਖਾਲੜਾ ਦੇ ਜੀਵਨ, ਸੰਘਰਸ਼ ਅਤੇ ਕੁਰਬਾਨੀ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਸਾਧਨ ਬਣੇਗੀ।
ਸੱਚ ਅਤੇ ਮਨੁੱਖੀ ਅਧਿਕਾਰਾਂ ਦੇ ਸੰਘਰਸ਼ ਨੂੰ ਮਿਲੇਗੀ ਪਛਾਣ
ਭਾਈ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਨੇ ਸੱਚ, ਨਿਆਂ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਆਪਣਾ ਜੀਵਨ ਸਮਰਪਿਤ ਕੀਤਾ। ਉਨ੍ਹਾਂ ਦਾ ਸੰਘਰਸ਼ ਸਮਾਜ ਲਈ ਇੱਕ ਮਿਸਾਲ ਹੈ। ਉਨ੍ਹਾਂ ਕਿਹਾ ਕਿ ਪ੍ਰਸਤਾਵਿਤ ਯਾਦਗਾਰ ਕੇਵਲ ਇੱਕ ਸਮਾਰਕ ਨਹੀਂ ਹੋਵੇਗੀ, ਸਗੋਂ ਇਹ ਅਜਿਹਾ ਕੇਂਦਰ ਬਣੇਗੀ ਜਿੱਥੋਂ ਨੌਜਵਾਨ ਪੀੜ੍ਹੀ ਨੂੰ ਭਾਈ ਖਾਲੜਾ ਦੇ ਵਿਚਾਰਾਂ, ਕਾਰਜਾਂ ਅਤੇ ਕੁਰਬਾਨੀ ਬਾਰੇ ਜਾਣਨ ਦਾ ਮੌਕਾ ਮਿਲੇਗਾ।
ਸਰਕਾਰੀ ਜ਼ਮੀਨ ਮਿਲਣ ਤੋਂ ਬਾਅਦ ਹੀ ਜਾਰੀ ਹੋਵੇਗੀ ਗਰਾਂਟ
ਸੰਸਦ ਮੈਂਬਰ ਨੇ ਸਪੱਸ਼ਟ ਕੀਤਾ ਕਿ ਸੰਸਦੀ ਸਥਾਨਕ ਖੇਤਰ ਵਿਕਾਸ ਯੋਜਨਾ ਦੇ ਨਿਯਮਾਂ ਤਹਿਤ ਨਿੱਜੀ ਜ਼ਮੀਨ ‘ਤੇ ਕੋਈ ਵੀ ਫੰਡ ਜਾਰੀ ਨਹੀਂ ਕੀਤਾ ਜਾ ਸਕਦਾ। ਇਸ ਲਈ ਯਾਦਗਾਰ ਦੇ ਨਿਰਮਾਣ ਲਈ ਪੰਜਾਬ ਸਰਕਾਰ ਵੱਲੋਂ ਸਰਕਾਰੀ ਜ਼ਮੀਨ ਉਪਲਬਧ ਕਰਵਾਉਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਜਿਵੇਂ ਹੀ ਸਰਕਾਰੀ ਜ਼ਮੀਨ ਦੀ ਪ੍ਰਕਿਰਿਆ ਪੂਰੀ ਹੋਵੇਗੀ, ਇੱਕ ਕਰੋੜ ਰੁਪਏ ਦੀ ਰਕਮ ਜਾਰੀ ਕਰਨ ਦੀ ਕਾਰਵਾਈ ਕੀਤੀ ਜਾਵੇਗੀ।
ਪੰਜਾਬ ਸਰਕਾਰ ਨੂੰ ਜਲਦ ਫ਼ੈਸਲਾ ਲੈਣ ਦੀ ਅਪੀਲ
ਭਾਈ ਸਰਬਜੀਤ ਸਿੰਘ ਖਾਲਸਾ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਲੋਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਯਾਦਗਾਰ ਲਈ ਜਲਦੀ ਸਰਕਾਰੀ ਜ਼ਮੀਨ ਅਲਾਟ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਯਾਦਗਾਰ ਦੇ ਨਿਰਮਾਣ ਦਾ ਕੰਮ ਸ਼ੁਰੂ ਹੋ ਸਕੇਗਾ ਅਤੇ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਨੂੰ ਸਥਾਈ ਰੂਪ ਵਿੱਚ ਸੰਭਾਲਣ ਦੀ ਇੱਕ ਮਹੱਤਵਪੂਰਨ ਪਹਿਲ ਸਾਕਾਰ ਹੋਵੇਗੀ।

