ਅੰਮ੍ਰਿਤਸਰ :- ਅੰਮ੍ਰਿਤਸਰ ਦੇ ਗੋਲਡਨ ਗੇਟ ਨੇੜੇ ਸੋਮਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਜਥਾ ਸਿਰਹਾਲਾ ਅਤੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਧਾਮੀ ਦਾ ਪੁਤਲਾ ਸਾੜਿਆ, ਨਾਅਰੇਬਾਜ਼ੀ ਕੀਤੀ ਅਤੇ ਐੱਸਜੀਪੀਸੀ ਦੀ ਕਾਰਜਪ੍ਰਣਾਲੀ ‘ਤੇ ਸਵਾਲ ਖੜ੍ਹੇ ਕੀਤੇ।
ਗੁਰੂ ਗ੍ਰੰਥ ਸਾਹਿਬ ਦੇ ਸਰੂਪ ਵਿਦੇਸ਼ ਭੇਜਣ ਦੇ ਢੰਗ ‘ਤੇ ਉਠਾਏ ਇਤਰਾਜ਼
ਪ੍ਰਦਰਸ਼ਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਆਗੂ ਬਲਬੀਰ ਸਿੰਘ ਮੁੱਛਲ ਨੇ ਦੋਸ਼ ਲਗਾਇਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਕਥਿਤ ਤੌਰ ‘ਤੇ ਕੰਟੇਨਰ ਰਾਹੀਂ ਕੈਨੇਡਾ ਭੇਜਿਆ ਗਿਆ, ਜੋ ਸਿੱਖ ਰਹਿਤ ਮਰਿਆਦਾ ਦੇ ਅਨੁਕੂਲ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਵਾਨਗੀ ਲੈਣੀ ਅਤੇ ਪੂਰੀ ਮਰਿਆਦਾ ਦੀ ਪਾਲਣਾ ਕਰਨੀ ਲਾਜ਼ਮੀ ਹੁੰਦੀ ਹੈ।
ਨਿਰਪੱਖ ਜਾਂਚ ਅਤੇ ਕਾਰਵਾਈ ਦੀ ਕੀਤੀ ਮੰਗ
ਜਥੇਬੰਦੀਆਂ ਨੇ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਤੋਂ ਮੰਗ ਕੀਤੀ ਕਿ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਜਾਂਚ ਦੌਰਾਨ ਕਿਸੇ ਵੀ ਤਰ੍ਹਾਂ ਦੀ ਨਿਯਮਾਂ ਦੀ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਵੇਗਾ ਤੇਜ਼
ਪ੍ਰਦਰਸ਼ਨਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ‘ਤੇ ਜਲਦ ਕਾਰਵਾਈ ਨਾ ਹੋਈ ਤਾਂ ਪੰਜਾਬ ਭਰ ਵਿੱਚ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਨਾਲ ਹੀ ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰਸ਼ਾਸਨ ਨੂੰ ਮੰਗ-ਪੱਤਰ ਸੌਂਪ ਕੇ ਇਸ ਮਾਮਲੇ ਵਿੱਚ ਦਖ਼ਲ ਦੀ ਅਪੀਲ ਵੀ ਕੀਤੀ ਜਾਵੇਗੀ।

