ਚੰਡੀਗੜ੍ਹ :- ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਕੀਤੇ ਉਪਰਾਲਿਆਂ ਦੇ ਹਾਂ-ਪੱਖੀ ਨਤੀਜੇ ਸਾਹਮਣੇ ਆਉਣ ਦਾ ਦਾਅਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਕਈ ਇਲਾਕਿਆਂ ਵਿੱਚ ਪਾਣੀ ਦਾ ਪੱਧਰ ਸੁਧਰਿਆ ਹੈ। ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਦੂਜੇ ਦਿਨ ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਦੇ ਭੂ-ਜਲ ਬੋਰਡ ਤੋਂ ਮਿਲੇ ਅੰਕੜਿਆਂ ਅਨੁਸਾਰ ਕੁਝ ਖੇਤਰਾਂ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ 1 ਤੋਂ 5 ਮੀਟਰ ਤੱਕ ਉੱਪਰ ਆਇਆ ਹੈ। ਉਨ੍ਹਾਂ ਮੁਤਾਬਕ, ਇਸ ਕਾਰਨ ਪਹਿਲਾਂ ਪਾਣੀ ਦੀ ਗੰਭੀਰ ਕਿੱਲਤ ਵਾਲੇ ਕਈ ਇਲਾਕੇ ਹੁਣ ਸੁਰੱਖਿਅਤ ਸ਼੍ਰੇਣੀ ਵਿੱਚ ਆ ਗਏ ਹਨ।
ਨਹਿਰੀ ਪਾਣੀ ਦੀ ਵਰਤੋਂ ਵਧਣ ਨਾਲ ਧਰਤੀ ਹੇਠਲੇ ਪਾਣੀ ਦੀ ਬਚਤ
ਝੋਨੇ ਦੇ ਸੀਜ਼ਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਰ ਘੱਟ ਬਾਰਿਸ਼ ਹੋਣ ਦੇ ਬਾਵਜੂਦ ਨਹਿਰੀ ਪਾਣੀ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾਇਆ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਇਸ ਨਾਲ ਝੋਨੇ ਦੇ ਝਾੜ ਵਿੱਚ ਵਾਧਾ ਹੋਇਆ ਅਤੇ ਸਿੰਜਾਈ ਲਈ ਧਰਤੀ ਹੇਠਲੇ ਪਾਣੀ ਦੀ ਵਰਤੋਂ ਘਟਾਉਣ ਵਿੱਚ ਮਦਦ ਮਿਲੀ। ਮਾਨ ਨੇ ਦੱਸਿਆ ਕਿ ਮੋਘਿਆਂ ਰਾਹੀਂ 18 ਹਜ਼ਾਰ ਕਿਊਸਿਕ ਪਾਣੀ ਖੇਤਾਂ ਤੱਕ ਪਹੁੰਚਾਇਆ ਗਿਆ।
ਕਈ ਇਲਾਕੇ ਡਾਰਕ ਜ਼ੋਨ ਤੋਂ ਸੁਰੱਖਿਅਤ ਸ਼੍ਰੇਣੀ ਵਿੱਚ ਆਏ
ਮੁੱਖ ਮੰਤਰੀ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਸਥਿਤੀ ਬਾਰੇ ਭਾਰਤ ਸਰਕਾਰ ਦੇ ਭੂ-ਜਲ ਬੋਰਡ ਦੇ ਅੰਕੜੇ ਸੂਬੇ ਲਈ ਉਤਸ਼ਾਹਜਨਕ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪਾਣੀ ਦੇ ਪੱਧਰ ਵਿੱਚ ਸੁਧਾਰ ਕਾਰਨ ਕਈ ਅਜਿਹੇ ਖੇਤਰ, ਜਿੱਥੇ ਪਾਣੀ ਦੀ ਬਹੁਤ ਜ਼ਿਆਦਾ ਨਿਕਾਸੀ ਕਾਰਨ ਖ਼ਤਰਾ ਬਣਿਆ ਹੋਇਆ ਸੀ, ਹੁਣ ਸੁਰੱਖਿਅਤ ਸ਼੍ਰੇਣੀ ਵਿੱਚ ਆ ਗਏ ਹਨ। ਉਨ੍ਹਾਂ ਇਸ ਨੂੰ ਪਾਣੀ ਦੀ ਸੰਭਾਲ ਲਈ ਕੀਤੇ ਜਾ ਰਹੇ ਯਤਨਾਂ ਦਾ ਨਤੀਜਾ ਦੱਸਿਆ।
20 ਹਜ਼ਾਰ ਕਿਲੋਮੀਟਰ ਹੋਰ ਪਾਈਪਲਾਈਨ ਵਿਛਾਉਣ ਦੀ ਯੋਜਨਾ
ਮੁੱਖ ਮੰਤਰੀ ਨੇ ਸਿੰਜਾਈ ਪ੍ਰਬੰਧਾਂ ਦਾ ਵੇਰਵਾ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਹੁਣ ਤੱਕ 14 ਹਜ਼ਾਰ ਕਿਲੋਮੀਟਰ ਪਾਈਪਲਾਈਨ ਵਿਛਾਈ ਜਾ ਚੁੱਕੀ ਹੈ, ਜਦਕਿ ਹੋਰ 6 ਹਜ਼ਾਰ ਕਿਲੋਮੀਟਰ ਪਾਈਪਲਾਈਨ ਵਿਛਾਉਣ ਦਾ ਕੰਮ ਬਾਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪਛਾਣ ਇਸ ਦੇ ਪਾਣੀਆਂ ਨਾਲ ਜੁੜੀ ਹੋਈ ਹੈ ਅਤੇ ਸਰਕਾਰ ਸੂਬੇ ਨੂੰ ਮਾਰੂਥਲ ਬਣਨ ਤੋਂ ਬਚਾਉਣ ਲਈ ਯਤਨਸ਼ੀਲ ਹੈ।