ਚੰਡੀਗੜ੍ਹ :- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਉਤਸਵ ਮੌਕੇ ਖੁਰਾਲਗੜ੍ਹ ਸਾਹਿਬ ਵਿਖੇ ਹੋ ਰਹੇ ਰਾਜ ਪੱਧਰੀ ਸਮਾਗਮ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸੰਭਾਵਿਤ ਭੀੜ ਨੂੰ ਦੇਖਦਿਆਂ ਸਿੱਖਿਆ ਸੰਸਥਾਵਾਂ ਲਈ ਛੁੱਟੀ ਦਾ ਐਲਾਨ ਕੀਤਾ ਹੈ।
ਕਿਹੜੇ ਰੂਟਾਂ ‘ਤੇ ਪੈਂਦੀਆਂ ਸੰਸਥਾਵਾਂ ਰਹਿਣਗੀਆਂ ਬੰਦ
ਜਾਰੀ ਹੁਕਮਾਂ ਅਨੁਸਾਰ ਗੜ੍ਹਸ਼ੰਕਰ ਤੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਜਾਂਦੇ ਮੁੱਖ ਰੋਡ ਅਤੇ ਗੜ੍ਹਸ਼ੰਕਰ ਤੋਂ ਬੀਨੇਵਾਲ ਰੋਡ ‘ਤੇ ਸਥਿਤ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ, ਕਾਲਜ ਤੇ ਹੋਰ ਵਿੱਦਿਅਕ ਸੰਸਥਾਵਾਂ ਵਿੱਚ 6 ਫਰਵਰੀ 2026, ਦਿਨ ਸ਼ੁੱਕਰਵਾਰ ਨੂੰ ਛੁੱਟੀ ਰਹੇਗੀ। ਇਹ ਫੈਸਲਾ ਸਮਾਗਮ ਦੌਰਾਨ ਟ੍ਰੈਫਿਕ ਪ੍ਰਬੰਧ ਅਤੇ ਸੁਰੱਖਿਆ ਵਿਵਸਥਾ ਨੂੰ ਸੁਚਾਰੂ ਬਣਾਏ ਰੱਖਣ ਲਈ ਲਿਆ ਗਿਆ ਹੈ।
ਪ੍ਰੀਖਿਆਵਾਂ ਵਾਲੀਆਂ ਸੰਸਥਾਵਾਂ ਲਈ ਛੂਟ ਨਹੀਂ
ਪ੍ਰਸ਼ਾਸਨ ਵੱਲੋਂ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਜਿਹੜੇ ਸਕੂਲਾਂ ਵਿੱਚ ਬੋਰਡ ਜਮਾਤਾਂ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਨਿਧਾਰਤ ਹਨ, ਉਥੇ ਛੁੱਟੀ ਲਾਗੂ ਨਹੀਂ ਹੋਵੇਗੀ। ਇਸੇ ਤਰ੍ਹਾਂ ਜਿਨ੍ਹਾਂ ਕਾਲਜਾਂ ਵਿੱਚ ਯੂਨੀਵਰਸਿਟੀ, ਬੋਰਡ ਜਾਂ ਅੰਦਰੂਨੀ ਪ੍ਰੀਖਿਆਵਾਂ ਉਕਤ ਮਿਤੀ ਨੂੰ ਨਿਧਾਰਤ ਹਨ, ਉਹ ਸੰਸਥਾਵਾਂ ਵੀ ਆਮ ਤਰ੍ਹਾਂ ਕੰਮ ਕਰਦੀਆਂ ਰਹਿਣਗੀਆਂ।
ਸ਼ਰਧਾਲੂਆਂ ਨੂੰ ਸੁਵਿਧਾ, ਕਾਨੂੰਨ-ਵਿਵਸਥਾ ਨੂੰ ਤਰਜੀਹ
ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸਮਾਗਮ ਦੌਰਾਨ ਟ੍ਰੈਫਿਕ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਨੂੰ ਸਹਿਯੋਗ ਦਿੱਤਾ ਜਾਵੇ, ਤਾਂ ਜੋ ਸ਼ਰਧਾਲੂ ਬਿਨਾਂ ਕਿਸੇ ਅਸੁਵਿਧਾ ਦੇ ਧਾਰਮਿਕ ਸਮਾਗਮ ਵਿੱਚ ਸ਼ਮੂਲੀਅਤ ਕਰ ਸਕਣ।

