ਚੰਡੀਗੜ੍ਹ :- ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 21 ਅਕਤੂਬਰ ਨੂੰ ਪੜ੍ਹਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਅਧਿਆਪਕਾਂ ਅਤੇ ਸਕੂਲਾਂ ਦੇ ਸਮੁੱਚੇ ਸਟਾਫ਼ ਨੂੰ ਇਸ ਦਿਨ ਸਮੂਹਿਕ ਛੁੱਟੀ ਲੈ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਇਹ ਸਰਕਾਰੀ ਜਾਂ ਗਜ਼ਟਿਡ ਛੁੱਟੀ ਨਹੀਂ ਹੈ, ਸਗੋਂ ਜਥੇਬੰਦੀ ਵੱਲੋਂ ਮੁਲਾਜ਼ਮਾਂ ਨੂੰ ਦਿੱਤਾ ਗਿਆ ਸੱਦਾ ਹੈ।
ਮੰਗਾਂ ਦਾ ਹੱਲ ਨਾ ਹੋਣ ਕਾਰਨ ਲਿਆ ਫ਼ੈਸਲਾ
ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਆਗੂ ਵਿਕਰਮ ਦੇਵ ਸਿੰਘ, ਜ਼ਿਲ੍ਹਾ ਸਕੱਤਰ ਡੀ.ਟੀ.ਐੱਫ. ਲੁਧਿਆਣਾ ਰੁਪਿੰਦਰ ਪਾਲ ਗਿੱਲ ਅਤੇ ਜ਼ਿਲ੍ਹਾ ਵਿੱਤ ਸਕੱਤਰ ਡੀ.ਟੀ.ਐੱਫ. ਮੋਗਾ ਸੁਖਦੇਵ ਕੁਮਾਰ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਵੱਲ ਸਰਕਾਰ ਵੱਲੋਂ ਧਿਆਨ ਨਾ ਦਿੱਤੇ ਜਾਣ ਕਾਰਨ ਇਹ ਕਦਮ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਸਮੂਹਿਕ ਛੁੱਟੀ ਲੈ ਕੇ ਸੰਘਰਸ਼ ਵਿੱਚ ਸ਼ਾਮਲ ਹੋਣ।
27 ਅਗਸਤ ਨੂੰ ਵੀ ਸਮੂਹਿਕ ਛੁੱਟੀ ਲੈਣ ਦਾ ਕੀਤਾ ਸੀ ਦਾਅਵਾ
ਜਥੇਬੰਦੀ ਦੇ ਆਗੂਆਂ ਨੇ ਦਾਅਵਾ ਕੀਤਾ ਕਿ ਇਸ ਤੋਂ ਪਹਿਲਾਂ 27 ਅਗਸਤ ਨੂੰ ਵੀ ਪੰਜਾਬ ਵਿੱਚ ਕਰੀਬ 80 ਫ਼ੀਸਦੀ ਅਧਿਆਪਕਾਂ ਨੇ ਸਮੂਹਿਕ ਛੁੱਟੀ ਲੈ ਕੇ ਸਰਕਾਰ ਵਿਰੁੱਧ ਆਪਣਾ ਰੋਸ ਪ੍ਰਗਟਾਇਆ ਸੀ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਾ ਹੋਣ ਕਾਰਨ ਮੁੜ ਸਮੂਹਿਕ ਛੁੱਟੀ ਲੈ ਕੇ ਸੰਘਰਸ਼ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
ਜਥੇਬੰਦੀ ਦੀਆਂ ਮੁੱਖ ਮੰਗਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਅਤੇ 10 ਫ਼ੀਸਦੀ ਬਕਾਇਆ ਮਹਿੰਗਾਈ ਭੱਤਾ (ਡੀ.ਏ.) ਜਾਰੀ ਕਰਨਾ ਸ਼ਾਮਲ ਹੈ। ਇਸ ਤੋਂ ਇਲਾਵਾ 17 ਜੁਲਾਈ 2020 ਅਤੇ 15 ਜਨਵਰੀ 2015 ਨੂੰ ਜਾਰੀ ਕੀਤੇ ਪੱਤਰ ਰੱਦ ਕਰਨ ਦੀ ਮੰਗ ਵੀ ਕੀਤੀ ਗਈ ਹੈ।
ਮਿਡ-ਡੇ-ਮੀਲ, ਆਸ਼ਾ ਤੇ ਆਂਗਣਵਾੜੀ ਵਰਕਰਾਂ ਦੀ ਤਨਖ਼ਾਹ ਵਧਾਉਣ ਦੀ ਮੰਗ
ਅਧਿਆਪਕ ਆਗੂਆਂ ਨੇ ਮਿਡ-ਡੇ-ਮੀਲ ਵਰਕਰਾਂ, ਆਸ਼ਾ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਦੀ ਮਹੀਨਾਵਾਰ ਤਨਖ਼ਾਹ 18 ਹਜ਼ਾਰ ਰੁਪਏ ਕਰਨ ਦੀ ਮੰਗ ਵੀ ਉਠਾਈ ਹੈ। ਇਸ ਦੇ ਨਾਲ ਹੀ ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਲਾਗੂ ਕਰਨ ਦੀ ਮੰਗ ਕੀਤੀ ਗਈ ਹੈ। ਜਥੇਬੰਦੀ ਦਾ ਕਹਿਣਾ ਹੈ ਕਿ ਮੁਲਾਜ਼ਮਾਂ ਦੀਆਂ ਇਨ੍ਹਾਂ ਮੰਗਾਂ ਦਾ ਜਲਦੀ ਹੱਲ ਕੀਤਾ ਜਾਣਾ ਚਾਹੀਦਾ ਹੈ।
21 ਤੇ 22 ਅਕਤੂਬਰ ਨੂੰ ਪੜ੍ਹਾਈ ਪ੍ਰਭਾਵਿਤ ਹੋਣ ਦਾ ਖ਼ਦਸ਼ਾ
ਜਥੇਬੰਦੀ ਵੱਲੋਂ ਸਮੂਹਿਕ ਛੁੱਟੀ ਦੇ ਸੱਦੇ ਕਾਰਨ 21 ਅਕਤੂਬਰ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਅਤੇ ਪ੍ਰਸ਼ਾਸਨਿਕ ਕੰਮਕਾਜ ਪ੍ਰਭਾਵਿਤ ਹੋ ਸਕਦੇ ਹਨ। ਆਗੂਆਂ ਨੇ 21 ਅਤੇ 22 ਅਕਤੂਬਰ ਨੂੰ ਸਕੂਲਾਂ ਵਿੱਚ ਕੰਮਕਾਜ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਵੀ ਪ੍ਰਗਟਾਇਆ ਹੈ। ਹਾਲਾਂਕਿ, ਸਕੂਲਾਂ ਵਿੱਚ ਪੜ੍ਹਾਈ ’ਤੇ ਅਸਲ ਅਸਰ ਸਮੂਹਿਕ ਛੁੱਟੀ ਵਿੱਚ ਸ਼ਾਮਲ ਹੋਣ ਵਾਲੇ ਅਧਿਆਪਕਾਂ ਅਤੇ ਹੋਰ ਸਟਾਫ਼ ਦੀ ਗਿਣਤੀ ਤੇ ਨਿਰਭਰ ਕਰੇਗਾ।