ਚੰਡੀਗੜ੍ਹ :- ਪੰਜਾਬ ਦੀਆਂ ਹੋਣਹਾਰ ਧੀਆਂ ਨੇ ਦੇਸ਼ ਦੇ ਰੱਖਿਆ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੂਬੇ ਦਾ ਮਾਣ ਵਧਾਇਆ ਹੈ। ਇਸ ਉਪਲਬਧੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁਸ਼ੀ ਜ਼ਾਹਿਰ ਕਰਦਿਆਂ ਦੋਵਾਂ ਵਿਦਿਆਰਥਣਾਂ ਨੂੰ ਵਿਸ਼ੇਸ਼ ਵਧਾਈ ਦਿੱਤੀ ਹੈ।
ਮਹਿਕਪ੍ਰੀਤ ਕੌਰ ਨੇ ਦੇਸ਼ ਭਰ ‘ਚੋਂ ਕੀਤਾ ਪਹਿਲਾ ਸਥਾਨ ਹਾਸਲ
ਮੁੱਖ ਮੰਤਰੀ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਪੰਜਾਬ ਦੀ ਧੀ ਮਹਿਕਪ੍ਰੀਤ ਕੌਰ ਨੇ ਏਅਰ ਫੋਰਸ ਅਕੈਡਮੀ ਦੀ ਪ੍ਰੀਖਿਆ ਵਿੱਚ ਦੇਸ਼ ਪੱਧਰ ‘ਤੇ ਪਹਿਲਾ ਸਥਾਨ ਹਾਸਲ ਕਰਕੇ ਇਕ ਨਵਾਂ ਮਾਪਦੰਡ ਸਥਾਪਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਉਪਲਬਧੀ ਨਾ ਸਿਰਫ਼ ਪਰਿਵਾਰ ਲਈ, ਸਗੋਂ ਪੂਰੇ ਪੰਜਾਬ ਲਈ ਮਾਣ ਵਾਲੀ ਗੱਲ ਹੈ।
ਕੋਮਲਪ੍ਰੀਤ ਕੌਰ ਨੇ ਐੱਨ.ਡੀ.ਏ. ਵਿੱਚ ਬਣਾਈ ਵਿਲੱਖਣ ਪਛਾਣ
ਇਸੇ ਤਰ੍ਹਾਂ ਕੋਮਲਪ੍ਰੀਤ ਕੌਰ ਨੇ ਨੈਸ਼ਨਲ ਡਿਫੈਂਸ ਅਕੈਡਮੀ ਦੀ ਪ੍ਰੀਖਿਆ ਵਿੱਚ 18ਵਾਂ ਰੈਂਕ ਪ੍ਰਾਪਤ ਕਰਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਉਨ੍ਹਾਂ ਦੀ ਇਸ ਸਫਲਤਾ ਨੂੰ ਨੌਜਵਾਨ ਪੀੜ੍ਹੀ ਲਈ ਪ੍ਰੇਰਣਾਦਾਇਕ ਦੱਸਿਆ ਜਾ ਰਿਹਾ ਹੈ।
ਮਾਪਿਆਂ ਅਤੇ ਅਧਿਆਪਕਾਂ ਦੀ ਮਿਹਨਤ ਨੂੰ ਵੀ ਮਿਲਿਆ ਮਾਣ
ਮੁੱਖ ਮੰਤਰੀ ਮਾਨ ਨੇ ਦੋਵਾਂ ਵਿਦਿਆਰਥਣਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵੀ ਵਧਾਈ ਦਿੰਦਿਆਂ ਕਿਹਾ ਕਿ ਬੱਚਿਆਂ ਦੀ ਕਾਮਯਾਬੀ ਦੇ ਪਿੱਛੇ ਪਰਿਵਾਰ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਅਤੇ ਮਾਰਗਦਰਸ਼ਨ ਦਾ ਅਹਿਮ ਯੋਗਦਾਨ ਹੁੰਦਾ ਹੈ।
ਸਰਕਾਰ ਹਰ ਪੜਾਅ ‘ਤੇ ਨੌਜਵਾਨਾਂ ਦੇ ਨਾਲ : ਮਾਨ
ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਧੀਆਂ ਲਗਾਤਾਰ ਨਵੀਆਂ ਉਚਾਈਆਂ ਨੂੰ ਛੂਹ ਰਹੀਆਂ ਹਨ ਅਤੇ ਵੱਖ-ਵੱਖ ਖੇਤਰਾਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਮਾਣ ਦੇ ਰਹੀਆਂ ਹਨ। ਸੂਬਾ ਸਰਕਾਰ ਅਜਿਹੇ ਹੋਣਹਾਰ ਨੌਜਵਾਨਾਂ ਨੂੰ ਅੱਗੇ ਵਧਾਉਣ ਲਈ ਹਰ ਸੰਭਵ ਸਹਿਯੋਗ ਪ੍ਰਦਾਨ ਕਰਦੀ ਰਹੇਗੀ। ਮੁੱਖ ਮੰਤਰੀ ਨੇ ਦੋਵਾਂ ਧੀਆਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆ।

