ਨਵੀਂ ਦਿੱਲੀ :- ਭਾਰਤੀ ਉਦਯੋਗਪਤੀ ਗੌਤਮ ਅਡਾਨੀ ਨੂੰ ਅਮਰੀਕੀ ਅਦਾਲਤ ਤੋਂ ਰਾਹਤ ਮਿਲੀ ਹੈ। ਅਦਾਲਤ ਨੇ ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ, ਉਨ੍ਹਾਂ ਦੇ ਭਤੀਜੇ ਸਾਗਰ ਅਡਾਨੀ ਅਤੇ ਅਡਾਨੀ ਗ੍ਰੀਨ ਦੇ ਸਾਬਕਾ ਮੁੱਖ ਕਾਰਜਕਾਰੀ ਅਧਿਕਾਰੀ ਵਿਨੀਤ ਜੈਨ ਖ਼ਿਲਾਫ਼ ਚੱਲ ਰਹੇ ਕਥਿਤ ਧੋਖਾਧੜੀ ਅਤੇ ਰਿਸ਼ਵਤਖੋਰੀ ਦੇ ਅਪਰਾਧਿਕ ਮਾਮਲੇ ਨੂੰ ਖ਼ਾਰਜ ਕਰ ਦਿੱਤਾ ਹੈ। ਇਹ ਫ਼ੈਸਲਾ ਅਮਰੀਕੀ ਨਿਆਂ ਵਿਭਾਗ ਵੱਲੋਂ ਦੋਸ਼ ਵਾਪਸ ਲੈਣ ਅਤੇ ਮਾਮਲੇ ਨੂੰ ਅੱਗੇ ਨਾ ਵਧਾਉਣ ਦੇ ਫ਼ੈਸਲੇ ਤੋਂ ਬਾਅਦ ਆਇਆ ਹੈ।
ਅਡਾਨੀ ਨੇ ਨਿਆਂ ਪ੍ਰਣਾਲੀ ’ਤੇ ਭਰੋਸਾ ਜਤਾਇਆ
ਅਦਾਲਤ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਗੌਤਮ ਅਡਾਨੀ ਨੇ ਨਿਆਂ ਪ੍ਰਣਾਲੀ ਅਤੇ ਸੱਚਾਈ ਵਿੱਚ ਆਪਣਾ ਭਰੋਸਾ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਚੁਣੌਤੀਪੂਰਨ ਸਮੇਂ ਦੌਰਾਨ ਨਿਰਪੱਖਤਾ ਅਤੇ ਕਾਨੂੰਨ ਦੇ ਸ਼ਾਸਨ ਪ੍ਰਤੀ ਉਨ੍ਹਾਂ ਦਾ ਵਿਸ਼ਵਾਸ ਕਾਇਮ ਰਿਹਾ। ਉਨ੍ਹਾਂ ਇਸ ਔਖੀ ਘੜੀ ਵਿੱਚ ਉਨ੍ਹਾਂ ’ਤੇ ਭਰੋਸਾ ਬਣਾਈ ਰੱਖਣ ਵਾਲੇ ਸਾਰੇ ਲੋਕਾਂ ਦਾ ਧੰਨਵਾਦ ਵੀ ਕੀਤਾ।
ਨਵੰਬਰ 2024 ’ਚ ਲੱਗੇ ਸਨ ਦੋਸ਼
ਇਹ ਮਾਮਲਾ ਨਵੰਬਰ 2024 ਵਿੱਚ ਸਾਹਮਣੇ ਆਇਆ ਸੀ। ਉਸ ਸਮੇਂ ਅਮਰੀਕੀ ਸਰਕਾਰੀ ਵਕੀਲਾਂ ਨੇ ਦੋਸ਼ ਲਗਾਇਆ ਸੀ ਕਿ ਅਡਾਨੀ ਗਰੁੱਪ ਦੇ ਅਧਿਕਾਰੀਆਂ ਨੇ ਭਾਰਤ ਵਿੱਚ ਸੌਰ ਊਰਜਾ ਦੇ ਠੇਕੇ ਹਾਸਲ ਕਰਨ ਲਈ ਭਾਰਤੀ ਸਰਕਾਰੀ ਅਧਿਕਾਰੀਆਂ ਨੂੰ 250 ਮਿਲੀਅਨ ਅਮਰੀਕੀ ਡਾਲਰ ਦੀ ਰਿਸ਼ਵਤ ਦੇਣ ਦੀ ਸਾਜ਼ਿਸ਼ ਰਚੀ ਸੀ।
ਅਡਾਨੀ ਗਰੁੱਪ ਨੇ ਸ਼ੁਰੂ ਤੋਂ ਹੀ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਸੀ।
ਨਿਆਂ ਵਿਭਾਗ ਨੇ ਮਾਮਲਾ ਅੱਗੇ ਨਾ ਵਧਾਉਣ ਦੀ ਦਿੱਤੀ ਦਲੀਲ
ਅਦਾਲਤ ਵਿੱਚ ਦਾਇਰ ਆਪਣੀ ਪਟੀਸ਼ਨ ਵਿੱਚ ਟਰੰਪ ਪ੍ਰਸ਼ਾਸਨ ਦੇ ਨਿਆਂ ਵਿਭਾਗ ਨੇ ਕਿਹਾ ਕਿ ਮਾਮਲੇ ਨੂੰ ਅੱਗੇ ਵਧਾਉਣਾ ਹੁਣ ਨਿਆਂ ਦੇ ਹਿੱਤ ਵਿੱਚ ਨਹੀਂ ਹੈ। ਵਿਭਾਗ ਨੇ ਖੇਤਰ-ਅਧਿਕਾਰ ਨਾਲ ਜੁੜੀਆਂ ਸਮੱਸਿਆਵਾਂ ਅਤੇ ਸਬੂਤਾਂ ਸਬੰਧੀ ਚੁਣੌਤੀਆਂ ਦਾ ਹਵਾਲਾ ਦਿੱਤਾ।
ਇਸ ਤੋਂ ਇਲਾਵਾ ਨਿਆਂ ਵਿਭਾਗ ਨੇ ਇਹ ਵੀ ਦਲੀਲ ਦਿੱਤੀ ਕਿ ਮਾਮਲਾ ਮੁੱਖ ਤੌਰ ’ਤੇ ਭਾਰਤ ਨਾਲ ਸਬੰਧਤ ਸੀ ਅਤੇ ਭਾਰਤੀ ਅਧਿਕਾਰੀ ਪਹਿਲਾਂ ਹੀ ਇਸ ਦੀ ਸਮੀਖਿਆ ਕਰ ਚੁੱਕੇ ਹਨ।

