ਕੈਨੇਡਾ :- ਕੈਨੇਡਾ ਵਿੱਚ ਪੜ੍ਹਾਈ ਕਰ ਰਹੇ ਕਰੀਬ 500 ਪੰਜਾਬੀ ਵਿਦਿਆਰਥੀਆਂ ਲਈ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ (PGWP) ਦੀਆਂ ਅਰਜ਼ੀਆਂ ਰੱਦ ਹੋਣ ਤੋਂ ਬਾਅਦ ਇਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਨਿਕਾਲੇ ਦਾ ਖ਼ਤਰਾ ਸਤਾਉਣ ਲੱਗਾ ਹੈ। ਇਸ ਮਾਮਲੇ ਨੂੰ ਲੈ ਕੇ ਭਾਰਤੀ ਵਿਦਿਆਰਥੀਆਂ ਵੱਲੋਂ ਕੈਨੇਡਾ ਦੇ ਕੈਲਗਰੀ, ਅਲਬਰਟਾ ਵਿੱਚ ਪਿਛਲੇ ਕਈ ਹਫ਼ਤਿਆਂ ਤੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਖ਼ਰਾਬ ਮੌਸਮ ਦੇ ਬਾਵਜੂਦ ਸੜਕਾਂ ‘ਤੇ ਡਟੇ ਵਿਦਿਆਰਥੀ
ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਹ ਮੀਂਹ, ਤੇਜ਼ ਧੁੱਪ ਅਤੇ ਹੋਰ ਮੁਸ਼ਕਲ ਮੌਸਮੀ ਹਾਲਾਤਾਂ ਦੇ ਬਾਵਜੂਦ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਵਿਦਿਆਰਥੀਆਂ ਨੇ ਕਿਹਾ ਕਿ ਉਨ੍ਹਾਂ ਨੇ ਕੈਨੇਡਾ ਦੀਆਂ ਨੀਤੀਆਂ ਅਤੇ ਮਿਲੇ ਭਰੋਸੇ ਦੇ ਆਧਾਰ ‘ਤੇ ਆਪਣੀ ਪੜ੍ਹਾਈ ਲਈ ਵੱਡੀ ਰਕਮ ਖਰਚ ਕੀਤੀ ਸੀ, ਪਰ ਹੁਣ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਵਰਕ ਪਰਮਿਟ ਦੇਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ।
ਡਾ. ਰਵਜੋਤ ਸਿੰਘ ਨੇ ਜੈਸ਼ੰਕਰ ਤੋਂ ਮੰਗੀ ਮੁਲਾਕਾਤ
ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਵੀ ਪ੍ਰਭਾਵਿਤ ਵਿਦਿਆਰਥੀਆਂ ਦੇ ਹੱਕ ਵਿੱਚ ਆਵਾਜ਼ ਚੁੱਕੀ ਹੈ। ਉਨ੍ਹਾਂ ਨੇ ਇਸ ਮਾਮਲੇ ਨੂੰ ਲੈ ਕੇ ਕੇਂਦਰੀ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਮੁਲਾਕਾਤ ਦਾ ਸਮਾਂ ਮੰਗਿਆ ਹੈ।
ਡਾ. ਰਵਜੋਤ ਸਿੰਘ ਨੇ ਕਿਹਾ ਕਿ ਕੈਨੇਡਾ ਦੀਆਂ ਵਰਕ ਪਰਮਿਟ ਨੀਤੀਆਂ ਵਿੱਚ ਹੋਈਆਂ ਤਬਦੀਲੀਆਂ ਕਾਰਨ ਭਾਰਤੀ ਵਿਦਿਆਰਥੀਆਂ, ਖਾਸ ਕਰਕੇ ਪੰਜਾਬ ਦੇ ਨੌਜਵਾਨਾਂ ‘ਤੇ ਵੱਡਾ ਪ੍ਰਭਾਵ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਮੁੱਦੇ ਦਾ ਜਲਦ ਹੱਲ ਲੱਭਣ ਦੀ ਲੋੜ ਹੈ।
ਵਿਦਿਆਰਥੀਆਂ ਦੀ ਮੰਗ- ਮਾਮਲਿਆਂ ਦੀ ਮੁੜ ਸਮੀਖਿਆ ਕੀਤੀ ਜਾਵੇ
ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਜਿਨ੍ਹਾਂ ਨਿਯਮਾਂ ਦੇ ਆਧਾਰ ‘ਤੇ ਉਨ੍ਹਾਂ ਨੇ ਕੈਨੇਡਾ ਵਿੱਚ ਦਾਖਲਾ ਲਿਆ ਸੀ, ਉਨ੍ਹਾਂ ਨੂੰ ਹੁਣ ਬਦਲਿਆ ਜਾ ਰਿਹਾ ਹੈ। ਉਨ੍ਹਾਂ ਦੀ ਮੰਗ ਹੈ ਕਿ ਕੈਨੇਡੀਅਨ ਅਧਿਕਾਰੀ ਉਨ੍ਹਾਂ ਦੀਆਂ ਪੀਜੀਡਬਲਯੂਪੀ ਅਰਜ਼ੀਆਂ ਦੀ ਮੁੜ ਜਾਂਚ ਕਰਨ ਅਤੇ ਉਨ੍ਹਾਂ ਨੂੰ ਆਪਣੀ ਪੜ੍ਹਾਈ ਦੇ ਅਨੁਸਾਰ ਕੰਮ ਕਰਨ ਦਾ ਮੌਕਾ ਦਿੱਤਾ ਜਾਵੇ।
ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕੈਨੇਡਾ ਵਿੱਚ ਸਿੱਖਿਆ ਹਾਸਲ ਕਰਨ ਲਈ ਸਮਾਂ ਅਤੇ ਪੈਸਾ ਲਗਾਇਆ ਹੈ, ਇਸ ਲਈ ਉਨ੍ਹਾਂ ਨੂੰ ਅਚਾਨਕ ਦੇਸ਼ ਛੱਡਣ ਲਈ ਮਜਬੂਰ ਨਾ ਕੀਤਾ ਜਾਵੇ।

