ਅਮਰੀਕਾ :- ਅਮਰੀਕਾ ਦੇ ਮਿਸ਼ੀਗਨ ਰਾਜ ਵਿੱਚ ਇੱਕ ਯਹੂਦੀ ਪ੍ਰਾਰਥਨਾ ਸਥਾਨ ‘ਟੈਂਪਲ ਇਜ਼ਰਾਈਲ ਸਿਨਾਗੌਗ’ ਵਿੱਚ ਦਹਿਸ਼ਤਨਾਕ ਘਟਨਾ ਸਾਹਮਣੇ ਆਈ ਹੈ। ਵੈਸਟ ਬਲੂਮਫੀਲਡ ਟਾਊਨਸ਼ਿਪ ਵਿੱਚ ਇੱਕ ਸ਼ਖ਼ਸ ਨੇ ਆਪਣੀ ਗੱਡੀ ਨੂੰ ਜ਼ੋਰ ਨਾਲ ਇਮਾਰਤ ਨਾਲ ਟਕਰਾ ਦਿੱਤਾ ਅਤੇ ਇਸ ਤੋਂ ਬਾਅਦ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਤੁਰੰਤ ਕਾਰਵਾਈ ਕਰਦਿਆਂ ਹਮਲਾਵਰ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਉਹ ਮਾਰਿਆ ਗਿਆ। ਘਟਨਾ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ।
ਐਫਬੀਆਈ ਟੀਮ ਮੌਕੇ ‘ਤੇ, ਕਾਰ ਵਿੱਚੋਂ ਮਿਲੇ ਵਿਸਫੋਟਕ
ਅਮਰੀਕੀ ਜਾਂਚ ਏਜੰਸੀ ਐਫਬੀਆਈ ਦੇ ਡਾਇਰੈਕਟਰ ਕੈਸ਼ ਪਟੇਲ ਨੇ ਜਾਣਕਾਰੀ ਦਿੱਤੀ ਕਿ ਡੇਟ੍ਰੋਇਟ ਫੀਲਡ ਆਫਿਸ ਦੀ ਟੀਮ ਮੌਕੇ ‘ਤੇ ਪਹੁੰਚ ਕੇ ਸਥਾਨਕ ਪੁਲਿਸ ਨਾਲ ਮਿਲ ਕੇ ਜਾਂਚ ਕਰ ਰਹੀ ਹੈ। ਅਧਿਕਾਰੀਆਂ ਮੁਤਾਬਕ ਹਮਲਾਵਰ ਦੀ ਕਾਰ ਦੇ ਪਿਛਲੇ ਹਿੱਸੇ ਵਿੱਚੋਂ ਵੱਡੀ ਮਾਤਰਾ ਵਿੱਚ ਵਿਸਫੋਟਕ ਸਮੱਗਰੀ ਵੀ ਬਰਾਮਦ ਹੋਈ ਹੈ, ਜਿਸ ਨਾਲ ਸੰਭਾਵਿਤ ਵੱਡੇ ਹਾਦਸੇ ਨੂੰ ਟਾਲਿਆ ਗਿਆ। ਗੱਡੀ ਦੀ ਟੱਕਰ ਦੌਰਾਨ ਇੱਕ ਸੁਰੱਖਿਆ ਗਾਰਡ ਜ਼ਖਮੀ ਹੋ ਗਿਆ, ਜਿਸਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਹੈ।
ਗਵਰਨਰ ਨੇ ਕੀਤੀ ਸਖ਼ਤ ਨਿੰਦਾ
ਮਿਸ਼ੀਗਨ ਦੀ ਗਵਰਨਰ ਗ੍ਰੇਚੇਨ ਵਿਟਮਰ ਨੇ ਇਸ ਹਮਲੇ ਦੀ ਕੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਬਹੁਤ ਹੀ ਚਿੰਤਾਜਨਕ ਹੈ ਅਤੇ ਕਿਸੇ ਵੀ ਭਾਈਚਾਰੇ ਨੂੰ ਆਪਣੇ ਧਾਰਮਿਕ ਵਿਸ਼ਵਾਸਾਂ ਦਾ ਅਭਿਆਸ ਕਰਨ ਤੋਂ ਡਰਨਾ ਨਹੀਂ ਚਾਹੀਦਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸੂਬੇ ਵਿੱਚ ਯਹੂਦੀ ਵਿਰੋਧੀ ਹਿੰਸਾ ਲਈ ਕੋਈ ਥਾਂ ਨਹੀਂ ਹੈ ਅਤੇ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਦੇਖ ਰਹੀ ਹੈ।
ਅਮਰੀਕਾ ਵਿੱਚ ਇੱਕ ਹੋਰ ਥਾਂ ਵੀ ਗੋਲੀਬਾਰੀ
ਇਸ ਦੇ ਨਾਲ ਹੀ ਅਮਰੀਕਾ ਵਿੱਚ ਇੱਕ ਹੋਰ ਵੱਖਰੀ ਘਟਨਾ ਵੀ ਸਾਹਮਣੇ ਆਈ ਹੈ। ਓਲਡ ਡੋਮੀਨੀਅਨ ਯੂਨੀਵਰਸਿਟੀ ਦੇ ਕਾਂਸਟੈਂਟ ਹਾਲ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ, ਜਿਸ ਵਿੱਚ ਦੋ ਲੋਕ ਜ਼ਖਮੀ ਹੋ ਗਏ ਹਨ। ਪੁਲਿਸ ਮੁਤਾਬਕ ਇਸ ਮਾਮਲੇ ਵਿੱਚ ਬੰਦੂਕਧਾਰੀ ਦੀ ਮੌਤ ਹੋ ਗਈ ਹੈ। ਦੋਵਾਂ ਘਟਨਾਵਾਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਜੋ ਹਮਲਿਆਂ ਦੇ ਪਿੱਛੇ ਦੇ ਕਾਰਨਾਂ ਦੀ ਪੂਰੀ ਤਰ੍ਹਾਂ ਪੜਤਾਲ ਕੀਤੀ ਜਾ ਸਕੇ।

