ਕੈਨੇਡਾ :- ਕੈਨੇਡਾ ਵਿੱਚ ਰਹਿੰਦੇ ਇੱਕ ਪੰਜਾਬੀ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਤ ਹੋਣ ਦੀ ਘਟਨਾ ਸਾਹਮਣੇ ਆਈ ਹੈ, ਜਿਸ ਨਾਲ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀ ਭਾਈਚਾਰੇ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਇੰਦਰ ਸਿੰਘ ਨਾਂ ਦਾ ਨੌਜਵਾਨ ਪੜ੍ਹਾਈ ਲਈ ਕੈਨੇਡਾ ਗਿਆ ਸੀ ਅਤੇ ਪੜ੍ਹਾਈ ਪੂਰੀ ਕਰਨ ਮਗਰੋਂ ਵਰਕ ਪਰਮਿਟ ‘ਤੇ ਉੱਥੇ ਕੰਮ ਕਰ ਰਿਹਾ ਸੀ।
ਦੱਸਿਆ ਜਾਂਦਾ ਹੈ ਕਿ ਉਹ ਆਪਣੇ ਕੁਝ ਸਾਥੀਆਂ ਨਾਲ ਘੁੰਮਣ ਲਈ ਜਾ ਰਿਹਾ ਸੀ ਕਿ ਰਸਤੇ ਵਿੱਚ ਇੱਕ ਟਰੱਕ ਸਵਾਰ ਵਿਅਕਤੀਆਂ ਨਾਲ ਕਿਸੇ ਇਸ਼ਾਰੇ ਨੂੰ ਲੈ ਕੇ ਤਕਰਾਰ ਵਰਗੀ ਸਥਿਤੀ ਬਣ ਗਈ। ਇਸ ਦੌਰਾਨ ਟਰੱਕ ਵਿੱਚ ਸਵਾਰ ਅਣਪਛਾਤੇ ਹਮਲਾਵਰਾਂ ਨੇ ਗੋਲੀਬਾਰੀ ਕਰ ਦਿੱਤੀ। ਗੋਲੀ ਇੰਦਰ ਸਿੰਘ ਦੇ ਗਲੇ ਨੇੜੇ ਲੱਗੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਭਾਲ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

